ਸਰਕਾਰ ਬਣਨ ’ਤੇ 15 ਅਪਰੈਲ ਤੱਕ

ਮਜੀਠੀਆ ਨੂੰ ਭੇਜਾਂਗੇ ਜੇਲ੍ਹ: ਕੇਜਰੀਵਾਲ

ਫਰੀਦਕੋਟ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ‘ਆਪ’ ਨੂੰ ਸਪੱਸ਼ਟ ਬਹੁਮਤ ਮਿਲੇਗਾ। ਉਹ ਇੱਥੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਹੱਕ ਵਿੱਚ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਤੇ ਕਾਂਗਰਸੀ ਰਲ਼ ਕੇ ਚੋਣਾਂ ਲੜ ਰਹੇ ਹਨ। ਅਕਾਲੀਆਂ ਤੇ ਕਾਂਗਰਸੀਆਂ ਨੇ ਪੰਜਾਬ ਵਿੱਚ 70 ਸਾਲ ਰਾਜ ਕੀਤਾ ਹੈ ਪ੍ਰੰਤੂ ਅਜੇ ਤੱਕ ਪੰਜਾਬ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਨਹੀਂ ਹੋ ਸਕੀਆਂ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਸਰਕਾਰ ਦੀ ਸ਼ਹਿ ’ਤੇ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ 15 ਅਪਰੈਲ ਤੱਕ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਜੇਲ੍ਹ ਭੇਜਿਆ ਜਾਵੇਗਾ ਅਤੇ ਟਰਾਂਸਪੋਰਟ ਦੇ ਪਰਮਿਟ ਬੇਰੁਜ਼ਗਾਰ ਨੌਜਵਾਨਾਂ ਨੂੰ ਵੰਡੇ ਜਾਣਗੇ। ਉਨ੍ਹਾਂ ‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਦਾ ਐਲਾਨ ਕੀਤਾ।
ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਨੇ 117 ਉਮੀਦਵਾਰ ਐਲਾਨੇ ਹਨ ਜਿਨ੍ਹਾਂ ਵਿੱਚ ਬਹੁਤੇ ਕਿਰਤੀ ਤੇ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਜਦੋਂਕਿ ਅਕਾਲੀਆਂ ਤੇ ਕਾਂਗਰਸੀਆਂ ਨੇ ਇੱਕ ਵੀ ਆਮ ਵਿਅਕਤੀ ਨੂੰ ਟਿਕਟ ਨਹੀਂ ਦਿੱਤੀ। ‘ਆਪ’ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਹਨੇਰੀ ਤੋਂ ਵਿਰੋਧੀ ਧਿਰਾਂ ਘਬਰਾ ਕੇ ਕੋਝੇ ਹੱਥਕੰਡੇ ਵਰਤ ਰਹੀਆਂ ਹਨ।
ਰਾਮਪੁਰਾ ਫੂਲ (ਗੁਰਜੀਤ ਭੁੱਲਰ): ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ ਸੱਤਾ ’ਤੇ ਕਾਬਜ਼ ਰਹੀਆਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਜੀ ਭਰ ਕੇ ਲੁੱਟਿਆ ਹੈ। ਉਹ ਇੱਥੇ ਹਲਕਾ ਉਮੀਦਵਾਰ ਮਨਜੀਤ ਸਿੰਘ ਬਿੱਟੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਹੱਡ ਚਿਰਵੀਂ ਠੰਢ ਦੇ ਬਾਵਜੂਦ ਵੱਡੀ ਗਿਣਤੀ ਲੋਕ ਸ੍ਰੀ ਕੇਜਰੀਵਾਲ ਨੂੰ ਸੁਣਨ ਅਤੇ ਵੇਖਣ ਲਈ ਪੰਜ ਘੰਟੇ ਇੰਤਜ਼ਾਰ ਕਰਦੇ ਰਹੇ ਕਿਉਂ ਕਿ ‘ਆਪ’ ਆਗੂ ਪੰਜ ਘੰਟੇ ਦੇਰੀ ਨਾਲ ਰੈਲੀ ਵਿੱਚ ਪਹੁੰਚੇ। ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਹਰ ਪਿੰਡ ਵਿੱਚ ਪੇਂਡੂ ਕਲੀਨਿਕ ਬਣਾਏ ਜਾਣਗੇ ਜਿੱਥੇ ਹਰ ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਕੀਤੇ ਜਾਣਗੇ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ ਸੂਬੇ ਵਿੱਚ ਸਰਕਾਰੀ ਸਕੂਲ ਤਿਆਰ ਹੋਣਗੇ ਜਿੱਥੇ ਹਰ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਬਿਜਲੀ ਸਭ ਤੋਂ ਸਸਤੀ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਤੋਂ ਇਲਾਵਾ ਦਿੱਲੀ ਵਾਂਗ ਪਾਣੀ ਅਤੇ ਬਾਕੀ ਸਹੂਲਤਾਂ ਦੇਣ, ਸਰਕਾਰੀ ਪੈਸਾ ਬਚਾਅ ਕੇ ਪੰਜਾਬ ਵਿੱਚ ਵਿਕਾਸ ਦੀ ਲਹਿਰ ਚਲਾਉਣ ਜਾਵੇਗੀ ਦੀ ਗੱਲ ਵੀ ਆਖੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵਿਧਾਇਕ ਅਤੇ ਮੰਤਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
‘ਆਪ’ ਆਗੂ ਨੇ ਪੰਜਾਬ ਵਿੱਚ ਸਰਕਾਰ ਬਣਨ ’ਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾ ਦੇਣ ਦਾ ਵਾਅਦਾ ਵੀ ਕੀਤਾ। ਇਸ ਦੌਰਾਨ ਉਨ੍ਹਾਂ ਰਾਮਪੁਰਾ ਤੋਂ ਕਾਂਗਰਸੀ ਕੌਂਸਲਰ ਸੋਨਾਲੀ ਮਿੱਤਲ ਨੂੰ ‘ਆਪ’ ਵਿੱਚ ਸ਼ਾਮਲ ਕੀਤਾ।

 

 

fbbg-image

Latest News
Magazine Archive