ਲੋਕ ਸਭਾ ਤੇ ਅਸੈਂਬਲੀ ਚੋਣਾਂ

ਇਕੋ ਸਮੇਂ ਹੋਣ: ਪ੍ਰਣਬ

ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਅੱਜ ਕਿਹਾ ਕਿ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਕਰਾਉਣ ਨਾਲ ਖ਼ਰਚ ਅਤੇ ਪ੍ਰਬੰਧਨ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਸਾਰੀਆਂ ਰਾਜਸੀ ਪਾਰਟੀਆਂ ਨੂੰ ਇਸ ਮੁੱਦੇ ’ਤੇ ਵਿਚਾਰ ਵਟਾਂਦਰੇ ਲਈ ਇਕ ਮੰਚ ’ਤੇ ਲਿਆਉਣ ਵਾਸਤੇ ਪਹਿਲ ਕਰਨ ਲਈ ਕਿਹਾ।
1950 ਵਿੱਚ ਅੱਜ ਦੇ ਦਿਨ ਚੋਣ ਕਮਿਸ਼ਨ ਕਾਇਮ ਕੀਤਾ ਗਿਆ ਸੀ, ਜਿਸ ਸਬੰਧੀ ਅੱਜ ਇਥੇ ਕੌਮੀ ਵੋਟਰ ਦਿਵਸ ਸਮਾਰੋਹ ਦੌਰਾਨ ਰਾਸ਼ਟਰਪਤੀ ਨੇ ਕਿਹਾ, ‘ਜੇਕਰ ਚੋਣ ਕਮਿਸ਼ਨ ਵੱਲੋਂ ਪਹਿਲ ਕੀਤੀ ਗਈ ਤਾਂ ਸਿਆਸੀ ਪਾਰਟੀਆਂ ਸੰਵਿਧਾਨ ਵਿੱਚ ਸੋਧ ਲਈ ਸਹਿਮਤ ਹੋ ਜਾਣਗੀਆਂ ਕਿਉਂਕਿ ਉਨ੍ਹਾਂ ਦਾ ਅਕਸ ਨਿਰਪੱਖਤਾ ਵਾਲਾ ਬਣ ਚੁੱਕਾ ਹੈ। ਮੇਰਾ ਮੰਨਣਾ ਹੈ ਕਿ ਜੇਕਰ ਸਿਆਸੀ ਪਾਰਟੀਆਂ ਚੋਣ ਕਮਿਸ਼ਨ ਦੀ ਮਦਦ ਨਾਲ ਇਸ ਮੁੱਦੇ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਤਾਂ ਇਹ ਸੰਭਵ ਹੋ ਸਕਦਾ ਹੈ।’ ਉਨ੍ਹਾਂ ਕਿਹਾ ਕਿ ਇਕੋ ਸਮੇਂ ਚੋਣਾਂ ਕਰਾਉਣ ਨਾਲ ‘ਖਰਚ ਤੇ ਪ੍ਰਬੰਧਨ ਵਿੱਚ ਆਉਣ ਵਾਲੀਆਂ ਦਿੱਕਤਾਂ’ ਹੱਲ ਹੋ ਸਕਦੀਆਂ ਹਨ। ਭਾਜਪਾ ਦੇ ਸੀਨੀਅਰ ਆਗੂ ਐਲ ਕੇ ਅਡਵਾਨੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਇਸ ਵਿਚਾਰ ਦਾ ਪਹਿਲਾਂ ਵੀ ਸਮਰਥਨ ਕਰ ਚੁੱਕੇ ਹਨ।
ਦੱਸਣਯੋਗ ਹੈ ਕਿ ਕਾਨੂੰਨ ਬਾਰੇ ਸੰਸਦ ਦੀ ਸਥਾਈ ਕਮੇਟੀ ਵੱਲੋਂ ਦਸਬੰਰ, 2015 ਦੀ ਆਪਣੀ ਰਿਪੋਰਟ ਵਿੱਚ ਇਕੋ ਸਮੇਂ ਚੋਣਾਂ ਕਰਾਉਣ ਦਾ ਸਮਰਥਨ ਕੀਤੇ ਜਾਣ ਬਾਅਦ ਸਰਕਾਰ ਨੇ ਇਸ ਬਾਰੇ ਚੋਣ ਕਮਿਸ਼ਨ ਦੇ ਵਿਚਾਰ ਮੰਗੇ ਸਨ। ਕਮਿਸ਼ਨ ਨੇ ਸਪੱਸ਼ਟ ਕੀਤਾ ਸੀ ਕਿ ਇਸ ਲਈ ਤਕਰੀਬਨ 10 ਹਜ਼ਾਰ ਕਰੋੜ ਰੁਪਏ ਦੀ ਲੋੜ ਹੋਵੇਗੀ ਕਿਉਂਕਿ ਵੱਡੇ ਪੱਧਰ ’ਤੇ ਹੋਣ ਵਾਲੀ ਚੋਣ ਲਈ ਹੋਰ ਬਿਜਲਈ ਵੋਟਿੰਗ ਮਸ਼ੀਨਾਂ ਅਤੇ ਹੋਰ ਸੁਰੱਖਿਆ ਬਲਾਂ ਦੀ ਲੋੜ ਹੋਵੇਗੀ। ਉਸ ਨੇ ਕਿਹਾ ਸੀ ਕਿ ਇਸ ਲਈ ਸੰਵਿਧਾਨ ਵਿੱਚ ਸੋਧ ਵੀ ਕਰਨੀ ਪਵੇਗੀ। 

 

 

fbbg-image

Latest News
Magazine Archive