ਕੈਪਟਨ ਵੱਲੋਂ ਰਾਹੁਲ ਨਾਲ ਵਜ਼ਾਰਤ ’ਚ ਵਾਧੇ ਬਾਰੇ ਵਿਚਾਰਾਂ

ਨਵੀਂ ਦਿੱਲੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਪੰਜਾਬ ਵਜ਼ਾਰਤ ’ਚ ਵਾਧੇ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਚਿਹਰੇ ਬਾਰੇ ਵਿਚਾਰ ਚਰਚਾ ਕੀਤੀ।
ਰਾਹੁਲ ਗਾਂਧੀ ਨਾਲ ਹੋਈ ਇਸ ਮੁਲਾਕਾਤ ਨੂੰ ਆਮ ਮੀਟਿੰਗ ਦੱਸਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਰਾਹੁਲ ਨਾਲ ਮੀਟਿੰਗ ਕੀਤੇ ਇੱਕ ਮਹੀਨਾ ਹੋ ਗਿਆ ਸੀ ਜਿਸ ਕਰਕੇ ਉਹ ਅੱਜ ਆਪਣੇ ਦਿੱਲੀ ਦੌਰੇ ਦੌਰਾਨ ਕਾਂਗਰਸ ਦੇ ਮੀਤ ਪ੍ਰਧਾਨ ਨੂੰ ਮਿਲੇ ਹਨ। ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਰਾਹੁਲ ਗਾਂਧੀ ਨਾਲ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰਾਂ ਦੇ ਨਾਂ ਅਤੇ ਪੰਜਾਬ ਵਜ਼ਾਰਤ ਵਿੱਚ ਵਾਧੇ ਬਾਰੇ ਚਰਚਾ ਕੀਤੀ ਹੈ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਕੈਪਟਨ ਨੂੰ ਇਸ ਜ਼ਿਮਨੀ ਚੋਣ ਲਈ ਯੋਗ ਉਮੀਦਵਾਰਾਂ ਦਾ ਪੈਨਲ ਤਿਆਰ ਕਰਕੇ ਭੇਜਣ ਨੂੰ ਕਿਹਾ ਹੈ। ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਪਤਨੀ ਤੇ ਸਾਬਕਾ ਵਿਧਾਇਕ ਚਰਨਜੀਤ ਕੌਰ ਬਾਜਵਾ ਨੂੰ ਟਿਕਟ ਦੀ ਮਜ਼ਬੂਤ ਦਾਅਵੇਦਾਰ ਦੱਸਿਆ ਜਾ ਰਿਹਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਦੇ ਕੈਬਿਨਟ ਮੰਤਰੀ ਵਿਰੁੱਧ ਰੇਤਾ ਦੀਆਂ ਖੱਡਾਂ ਦੀ ਬੋਲੀ ਦੇ ਮਾਮਲੇ ’ਚ ਲੱਗੇ ਦੋਸ਼ਾਂ ਦੀ ਜਾਂਚ ਕਰਨ ਵਾਲੇ ਜਸਟਿਸ (ਸੇਵਾਮੁਕਤ) ਜੇਐੱਸ ਨਾਰੰਗ ਦੀ ਇਮਾਨਦਾਰੀ ਅਤੇ ਭਰੋਸੇਯੋਗਤਾ ’ਤੇ ‘ਆਪ’ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਉਠਾਏ ਗਏ ਸਵਾਲਾਂ ਦੀ ਤਿੱਖੀ ਆਲੋਚਨਾ ਕੀਤੀ। ਪੰਜਾਬ ਵਜ਼ਾਰਤ ’ਚ ਵਾਧੇ ਬਾਰੇ ਉਨ੍ਹਾਂ ਕਿਹਾ ਕਿ ਸਮਾਂ ਆਉਣ ’ਤੇ ਇਹ ਵਾਧਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਸਟਿਸ ਨਾਰੰਗ ’ਤੇ ਆਧਾਰਿਤ ਇੱਕ ਮੈਂਬਰੀ ਜੁਡੀਸ਼ਲ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਹੈ ਤੇ ਇਸ ਸਬੰਧੀ ਫ਼ੈਸਲੇ ਤੋਂ ਪਹਿਲਾਂ ਕਮਿਸ਼ਨ ਦੀ ਰਿਪੋਰਟ ਉਡੀਕਣੀ ਚਾਹੀਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ਵੱਲੋਂ ਜਾਰੀ ਉਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਜਿਸ ’ਚ ਕਿਹਾ ਗਿਆ ਹੈ ਕਿ ਜਸਟਿਸ ਨਾਰੰਗ ਜਾਂਚ ਤੋਂ ਖੁਦ ਨੂੰ ਵੱਖ ਕਰ ਲੈਣਗੇ ਕਿਉਂਕਿ ਉਨ੍ਹਾਂ ਦਾ ਪੁੱਤਰ ਕੁਝ ਕੇਸਾਂ ’ਚ ਰਾਣਾ ਗੁਰਜੀਤ ਸਿੰਘ ਦੇ ਰਿਸ਼ਤੇਦਾਰਾਂ ਦੇ ਵਕੀਲ ਵਜੋਂ ਪੇਸ਼ ਹੋਇਆ ਹੈ।

 

 

fbbg-image

Latest News
Magazine Archive