ਕਮਿਸ਼ਨ ਦੇ ਸੰਮਨਾਂ ਨੇ ਸ਼੍ਰੋਮਣੀ ਕਮੇਟੀ ਕਸੂਤੀ ਫਸਾਈ


ਅੰਮ੍ਰਿਤਸਰ - ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਭੇਜੇ ਗਏ ਸੰਮਨਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੁਬਿਧਾ ਵਿੱਚ ਫਸੀ ਮਹਿਸੂਸ ਕਰ ਰਹੀ ਹੈ। ਇਸ ਕਸੂਤੀ ਸਥਿਤੀ ਦਾ ਹੱਲ ਲੱਭਣ ਲਈ ਭਲਕੇ 30 ਸਤੰਬਰ ਨੂੰ ਪਟਿਆਲਾ ਸਥਿਤ ਗੁਰਦੁਆਰਾ ਦੂਖ ਨਿਵਾਰਨ ਵਿੱਚ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਆਦਿ ਦੀ ਜਾਂਚ ਕਰ ਰਿਹਾ ਹੈ। ਕਮਿਸ਼ਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੰਮਨ ਭੇਜ ਕੇ 9 ਅਕਤੂਬਰ ਨੂੰ ਕੁਝ ਰਿਕਾਰਡ ਤਲਬ ਕੀਤੇ ਹਨ ਜਿਸ ਵਿੱਚ ਅਕਾਲ ਤਖ਼ਤ ਸਾਹਿਬ ਤੋਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣਾ ਆਦਿ ਸ਼ਾਮਲ ਹਨ। ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਨੇ 24 ਸਤੰਬਰ 2015 ਨੂੰ ਇਕ ਗੁਰਮਤਾ ਜਾਰੀ ਕਰਕੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 2007 ਵਿੱਚ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾ ਕੇ ਅੰਮ੍ਰਿਤ ਸੰਚਾਰ ਕਰਨ ਦੀ ਵਿਧੀ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਮੁਆਫ਼ ਕਰ ਦਿੱਤਾ ਸੀ। ਇਸ ਦਾ ਭਾਰੀ ਵਿਰੋਧ ਹੋਣ ਮਗਰੋਂ ਪੰਜ ਸਿੰਘ ਸਾਹਿਬਾਨ ਵੱਲੋਂ 16 ਅਕਤੂਬਰ 2015 ਨੂੰ ਡੇਰਾ ਮੁਖੀ ਨੂੰ ਮੁਆਫ਼ ਕਰਨ ਸਬੰਧੀ ਕੀਤੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਸੀ। ਭਾਵੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਸਿਹਤ ਠੀਕ ਨਹੀਂ ਹੈ ਪਰ ਸਥਿਤੀ ਦੀ ਨਾਜ਼ੁਕਤਾ ਨੂੰ ਦੇਖਦਿਆਂ ਇਹ ਹੰਗਾਮੀ ਮੀਟਿੰਗ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਮਹਿਸੂਸ ਕਰ ਰਹੀ ਹੈ ਕਿ ਕਮਿਸ਼ਨ ਵੱਲੋਂ ਰਿਕਾਰਡ ਤਲਬ ਕਰਨਾ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣਾ ਹੈ। ਜੇਕਰ ਸ਼੍ਰੋਮਣੀ ਕਮੇਟੀ ਰਿਕਾਰਡ ਸੌਂਪਦੀ ਹੈ ਤਾਂ ਭਵਿੱਖ ਵਿੱਚ ਇਹ ਇਕ ਨਵਾਂ ਰੁਝਾਨ ਕਾਇਮ ਹੋ ਜਾਵੇਗਾ, ਜਿਸ ਤਹਿਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲੋਂ ਵੀ ਜਵਾਬ-ਤਲਬੀ ਕੀਤੀ ਜਾ ਸਕੇਗੀ। ਸ਼੍ਰੋਮਣੀ ਕਮੇਟੀ ਅਤੇ ਸਿੱਖ ਧਰਮ ਮੁਤਾਬਕ ਅਕਾਲ ਤਖ਼ਤ ਸਾਹਿਬ ਨੂੰ ਸਰਬ ਉੱਚ ਅਸਥਾਨ ਪ੍ਰਾਪਤ ਹੈ ਅਤੇ ਇਸ ਦਾ ਜਥੇਦਾਰ ਕਿਸੇ ਵੀ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਦਾ। ਅਦਾਲਤ ਕੋਲ ਪੇਸ਼ ਹੋਣ ਸਮੇਂ ਉਸ ਨੂੰ ਅਸਤੀਫ਼ਾ ਦੇਣਾ ਪਏਗਾ। ਸ਼੍ਰੋਮਣੀ ਕਮੇਟੀ ਵੱਲੋਂ ਅਜੋਕੇ ਹਾਲਾਤ ਹੇਠ ਕਮਿਸ਼ਨ ਨੂੰ ਕੋਈ ਰਿਕਾਰਡ ਦੇਣ ਤੋਂ ਵੀ ਗੁਰੇਜ਼ ਕੀਤਾ ਜਾ ਸਕਦਾ ਹੈ। ਕੱਲ ਸੱਦੀ ਗਈ ਮੀਟਿੰਗ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਹੰਗਾਮੀ ਮੀਟਿੰਗ ਦੌਰਾਨ ਇਕ ਨੁਕਾਤੀ ਏਜੰਡੇ ਨੂੰ ਵਿਚਾਰਿਆ ਜਾਵੇਗਾ। ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਸਪੱਸ਼ਟ ਕੀਤਾ ਕਿ ਮੀਟਿੰਗ ਦੀ ਪ੍ਰਧਾਨਗੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਕਰਨਗੇ। ਉਨ੍ਹਾਂ ਅਜਿਹੀਆਂ ਰਿਪੋਰਟਾਂ ਦਾ ਖੰਡਨ ਕੀਤਾ ਕਿ ਪ੍ਰੋ. ਬਡੂੰਗਰ ਦੀ ਸਿਹਤ ਠੀਕ ਨਾ ਹੋਣ ਕਾਰਨ ਭਲਕੇ ਮੀਟਿੰਗ ’ਚ ਕਾਰਜਕਾਰੀ ਪ੍ਰਧਾਨ ਥਾਪਿਆ ਜਾ ਸਕਦਾ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ।
ਸ਼੍ਰੋਮਣੀ ਕਮੇਟੀ ਵੱਲੋਂ ਬਡੂੰਗਰ ਦਾ ਅਸਤੀਫ਼ਾ ਅਫ਼ਵਾਹ ਕਰਾਰ
ਪਟਿਆਲਾ - ਸੋਸ਼ਲ ਮੀਡੀਆ ’ਤੇ ਲੰਘੀ ਰਾਤ ਤੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ੇ ਦੀ ਚੱਲ ਰਹੀ ਚਰਚਾ ਦਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੰਡਨ ਕਰਦਿਆਂ ਇਸਨੂੰ ਅਫ਼ਵਾਹ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਅੱਜ ਇੱਥੇ ਗੁਰਦੁਆਰਾ ਦੁਖ ਨਿਵਾਰਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਜਿਹੀਆਂ ਅਫ਼ਵਾਹਾਂ ’ਤੇ ਬਿਲਕੁਲ ਯਕੀਨ ਨਾ ਕੀਤਾ ਜਾਵੇ।

 

 

fbbg-image

Latest News
Magazine Archive