ਗੁਰਦੁਆਰਾ ਛੋਟਾ ਘੱਲੂਘਾਰਾ ਦਾ ਜਨਰਲ ਸਕੱਤਰ ਪੰਥ ’ਚੋਂ ਛੇਕਿਆ


ਅੰਮ੍ਰਿਤਸਰ - ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਨੇ ਅੱਜ ਗੁਰਦਾਸਪੁਰ ਦੇ ਕਾਹਨੂੰਵਾਨ ਸਥਿਤ ਗੁਰਦੁਆਰਾ ਛੋਟਾ ਘੱਲੂਘਾਰਾ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬੂਟਾ ਸਿੰਘ ਨੂੰ ਬਦਇਖਲਾਕੀ ਦੇ ਦੋਸ਼ ਹੇਠ ਪੰਥ ਵਿੱਚੋਂ ਛੇਕਣ ਅਤੇ ਪ੍ਰਧਾਨ ਮਾਸਟਰ ਜੌਹਰ ਸਿੰਘ ਨੂੰ ਤਨਖਾਹੀਆ ਕਰਾਰ ਦੇਣ ਦਾ ਹੁਕਮ ਸੁਣਾਇਆ ਹੈ। ਇਸ ਤੋਂ ਇਲਾਵਾ ਗੁਰਦੁਆਰੇ ਦੀ ਪ੍ਰਬੰਧਕੀ ਕਮੇਟੀ ਨੂੰ ਭੰਗ ਕਰਦਿਆਂ ਇਸ ਦਾ ਪ੍ਰਬੰਧ ਕਾਹਨੂੰਵਾਨ ਦੀ ਨਗਰ ਪੰਚਾਇਤ ਨੂੰ ਸੌਂਪਣ ਦਾ ਐਲਾਨ ਕੀਤਾ ਹੈ। ਇਕੱਤਰਤਾ ਵਿੱਚ ਬੀਬੀ ਜਗੀਰ ਕੌਰ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਖ਼ਿਲਾਫ਼ ਆਈਆਂ ਸ਼ਿਕਾਇਤਾਂ ਬਾਰੇ ਫਿਲਹਾਲ ਕੋਈ ਕਾਰਵਾਈ ਨਹੀਂ ਹੋਈ ਜਦਕਿ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਅਰਜੁਨ ਸਿੰਘ ਬਾਦਲ ਨੂੰ ਡੇਰਾ ਸਿਰਸਾ ਜਾ ਕੇ ਹੁਕਮਨਾਮੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੇਸ਼ ਹੋਣ ਲਈ ਹੋਰ ਮੌਕਾ ਦੇਣ ਦਾ ਫ਼ੈਸਲਾ ਕੀਤਾ ਗਿਆ।
ਅਕਾਲ ਤਖ਼ਤ ਦੇ ਸਕੱਤਰੇਤ ’ਚ ਹੋਈ ਇਕਤੱਰਤਾ ਵਿੱਚ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਸ਼ਾਮਲ ਸਨ। ਇਕੱਤਰਤਾ ਮਗਰੋਂ ਜਾਰੀ ਗੁਰਮਤਾ ਅਕਾਲ ਤਖ਼ਤ ਦੀ ਫਸੀਲ ਤੋਂ ਸੁਣਾਇਆ ਗਿਆ।
ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਗੁਰਦੁਆਰਾ ਛੋਟਾ ਘੱਲੂਘਾਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜੌਹਰ ਸਿੰਘ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਚਾਰ ਵਾਰ ਮੌਕਾ ਦਿੱਤਾ ਗਿਆ, ਪਰ ਉਹ ਆਪਣੀ ਸਪੱਸ਼ਟੀਕਰਨ ਦੇਣ ਲਈ ਹਾਜ਼ਰ ਨਹੀਂ ਹੋਇਆ। ਉਸ ਨੂੰ ਅੱਜ ਤਨਖਾਹੀਆ ਕਰਾਰ ਦਿੱਤਾ ਗਿਆ ਅਤੇ ਸਾਰੀਆਂ ਪੰਥਕ ਸੇਵਾਵਾਂ ਤੋਂ ਖਾਰਜ ਕਰ ਦਿੱਤਾ ਗਿਆ। ਇਸੇ ਤਰ੍ਹਾਂ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬੂਟਾ ਸਿੰਘ, ਜਿਸ ’ਤੇ ਆਚਰਨਹੀਣਤਾ ਦੇ ਦੋਸ਼ ਲੱਗੇ ਸਨ, ਨੂੰ ਪੰਥ ’ਚੋਂ ਛੇਕਣ ਦਾ ਐਲਾਨ ਕੀਤਾ ਗਿਆ ਹੈ। ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਸਿੰਘ ਸਾਹਿਬਾਨ ਨੇ ਇਸ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਨੂੰ ਭੰਗ ਕਰਕੇ ਗੁਰਦੁਆਰੇ ਦਾ ਪ੍ਰਬੰਧ ਕਾਹਨੂੰਵਾਨ ਦੀ ਨਗਰ ਪੰਚਾਇਤ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਚਲਾਉਣ ਦਾ ਹੁਕਮ ਦਿੱਤਾ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ਬਾਰੇ ਉਨ੍ਹਾਂ ਆਖਿਆ ਕਿ ਦਿੱਤੇ ਗਏ ਸਬੂਤ ਸਪੱਸ਼ਟ ਨਹੀਂ ਹਨ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੰਥ ਵਿਚੋਂ ਖਾਰਜ ਕਰਨ ਦੀ ਕੀਤੀ ਗਈ ਅਪੀਲ ਬਾਰੇ ਉਨ੍ਹਾਂ ਆਖਿਆ ਕਿ ਇਸ ਮਾਮਲੇ ’ਤੇ ਫਿਲਹਾਲ ਵਿਚਾਰ ਕੀਤਾ ਜਾਵੇਗਾ।
ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਰਾਜਿੰਦਰ ਕੌਰ ਭੱਠਲ ਅਤੇ ਅਰਜਨ ਸਿੰਘ ਬਾਦਲ ਦੇ ਸੁਨੇਹੇ ਆਏ ਹਨ, ਜਿਸ ਨੂੰ ਧਿਆਨ ਵਿੱਚ ਰਖਦਿਆਂ ਉਨ੍ਹਾਂ ਨੂੰ ਮੁੜ ਪੇਸ਼ ਹੋਣ ਲਈ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਗੁਰਦੁਆਰਾ ਕਮੇਟੀਆਂ, ਸਭਾ ਸੁਸਾਇਟੀਆਂ ਆਦਿ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਗੁਰੂ ਘਰ ਵਿੱਚ ਦਲਿਤ ਭਾਈਚਾਰੇ ਨਾਲ ਵਿਤਕਰਾ ਨਾ ਹੋਵੇ। ਰਾਜਸਥਾਨ ਦੇ 11 ਜੀ ਹਾਰਨੀਆ ਮਾਮਲੇ ਵਿੱਚ ਉਨ੍ਹਾਂ ਆਖਿਆ ਕਿ ਉਥੇ ਮਨਮਤੀ ਕਾਰਵਾਈਆਂ ਕਾਰਨ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਹੋ ਸਕਦਾ।
ਇਸੇ ਦੌਰਾਨ ਸਿੰਘ ਸਾਹਿਬਾਨ ਵੱਲੋਂ ਪੰਜਾਬ ਵਾਸੀਆਂ ਨੂੰ ਘੱਟੋ ਘੱਟ ਪਟਾਕੇ ਅਤੇ ਧੂੰਆਂ ਰਹਿਤ ਪਟਾਕੇ ਚਲਾਉਣ ਲਈ ਆਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਘੱਟੋ ਘੱਟ ਅਤੇ ਧੂੰਆਂ ਰਹਿਤ ਪਟਾਕੇ ਬੰਦੀ ਛੋੜ ਦਿਵਸ ਮੌਕੇ ਚਲਾਉਣ ਲਈ ਹਦਾਇਤ ਕੀਤੀ ਹੈ।

 

 

fbbg-image

Latest News
Magazine Archive