ਤਿੰਨ ਸਿੱਖ ਜਰਨੈਲਾਂ ਨੂੰ ਸਿਜਦਾ ਕਰੇਗੀ ਸ਼੍ਰੋਮਣੀ ਕਮੇਟੀ


ਅੰਮ੍ਰਿਤਸਰ - ਦੇਸ਼ ਦੀ ਏਕਤਾ ਅਤੇ ਅਖੰਡਤਾ ’ਚ ਅਹਿਮ ਯੋਗਦਾਨ ਪਾਉਣ ਵਾਲੇ ਫੌਜੀ ਸਿੱਖ ਜਰਨੈਲਾਂ ਦੇ ਰੋਲ ਨੂੰ ਉਭਾਰਨ ਅਤੇ ਨਵੀਂ ਪੀੜੀ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬਘਰ ਵਿੱਚ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ 31 ਅਕਤੂਬਰ ਨੂੰ ਸਥਾਪਤ ਕੀਤੀਆਂ ਜਾਣਗੀਆਂ। ਇਨ੍ਹਾਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਅਦਾ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਗੁਰੂ ਕਾਲ ਵੇਲੇ ਦੇ ਸਿੱਖ ਜਰਨੈਲਾਂ  ਅਤੇ ਖਾੜਕੂਵਾਦ ਸਮੇਂ ਦੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਨੂੰ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਕੀਤਾ ਜਾ ਚੁੱਕਿਆ ਹੈ। ਪ੍ਰਧਾਨ ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 31 ਅਕਤੂਬਰ ਨੂੰ ਕੇਂਦਰੀ ਸਿੱਖ ਅਜਾਇਬਘਰ ਵਿੱਚ ਮਾਰਸ਼ਲ ਅਰਜਨ ਸਿੰਘ, ਲੈਫਟੀਨੈਂਟ ਜਨਰਲ ਹਰਬਖ਼ਸ਼ ਸਿੰਘ ਅਤੇ ਲੈਫਟੀਨੈਂਟ  ਜਨਰਲ ਜਗਜੀਤ ਸਿੰਘ ਅਰੋੜਾ ਦੀਆਂ ਤਸਵੀਰਾਂ ਸਥਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ 1965 ਦੀ ਜੰਗ ਸਮੇਂ ਜਨਰਲ ਹਰਬਖ਼ਸ਼ ਸਿੰਘ ਨੇ ਸੂਰਬੀਰਤਾ ਅਤੇ ਸੂਝ ਨਾਲ ਜੰਗ ਲੜੀ ਸੀ। ਜੇਕਰ ਉਹ ਸੂਰਬੀਰਤਾ ਦਾ ਪ੍ਰਗਟਾਵਾ ਨਾ ਕਰਦੇ ਤਾਂ ਪੰਜਾਬ ਅਤੇ ਕਸ਼ਮੀਰ ਪਾਕਿਸਤਾਨ ਦਾ ਹਿੱਸਾ ਬਣ ਜਾਂਦੇ। ਉਨ੍ਹਾਂ ਕਿਹਾ ਕਿ ਜੰਗ ਸਮੇਂ ਜਨਰਲ ਹਰਬਖ਼ਸ਼ ਵੱਲੋਂ ਦਿਖਾਈ ਗਈ ਬਹਾਦਰੀ ਨੂੰ ਸਦੀਵੀ ਯਾਦ ਰੱਖਿਆ ਜਾਵੇਗਾ। ਇਸੇ ਤਰ੍ਹਾਂ 1971 ਦੀ ਜੰਗ ਸਮੇਂ ਫੌਜੀ ਜਰਨੈਲ ਜਗਜੀਤ ਸਿੰਘ ਅਰੋੜਾ ਨੇ ਅਹਿਮ ਯੋਗਦਾਨ ਪਾਇਆ ਸੀ। ਉਨ੍ਹਾਂ ਦੀ ਬਹਾਦਰੀ ਅੱਗੇ ਪਾਕਿਸਤਾਨ ਦੀਆਂ ਫੌਜਾਂ ਨੂੰ ਹਥਿਆਰ ਸੁੱਟਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਦੀ ਅਗਵਾਈ ਹੇਠ ਭਾਰਤੀ ਫੌਜ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਜੰਗੀ ਨਾਇਕ ਏਅਰ ਮਾਰਸ਼ਲ ਅਰਜਨ ਸਿੰਘ, ਜਿਨ੍ਹਾਂ ਨੂੰ ਦੁਨੀਆ ’ਚ ਪੰਜ ਸਟਾਰ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ, ਨੇ 1965 ਦੀ ਜੰਗ ਸਮੇਂ ਭਾਰਤੀ ਹਵਾਈ ਫੌਜ ਦੀ ਅਗਵਾਈ ਕਰਕੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਸੀ ਅਤੇ ਦੁਸ਼ਮਣ ਫੌਜਾਂ ਨੂੰ ਗੋਡੇ ਟੇਕਣ ਲਈ ਮਜਬੂਰ ਕੀਤਾ ਸੀ। ਉਨ੍ਹਾਂ ਦੇ ਇਸ ਅਹਿਮ ਯੋਗਦਾਨ ਸਦਕਾ ਭਾਰਤੀ ਏਅਰਫੋਰਸ ਨੂੰ ਦੁਨੀਆ ਦੀ ਤਾਕਤਵਰ ਹਵਾਈ ਸੈਨਾ ’ਚ ਗਿਣਿਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਤਿੰਨਾਂ ਜਨਰਲਾਂ ਦੀਆਂ ਅਹਿਮ ਪ੍ਰਾਪਤੀਆਂ ਅਤੇ ਦੇਸ਼ ਦੀ ਏਕਤਾ-ਅਖੰਡਤਾ ਦੀ ਰਾਖੀ ਲਈ ਪਾਏ ਮਹੱਤਵਪੂਰਨ ਯੋਗਦਾਨ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ 31 ਅਕਤੂਬਰ ਨੂੰ ਕੇਂਦਰੀ ਸਿੱਖ ਅਜਾਇਬਘਰ ਵਿਖੇ ਉਨ੍ਹਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਵੱਲੋਂ ਜੰਗੀ ਨਾਇਕਾਂ ਦੇ ਪਰਿਵਾਰਾਂ ਨੂੰ ਵੀ ਸੱਦਾ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਫੌਜ ਅਤੇ ਹੋਰ ਉੱਚ ਅਹੁਦਿਆਂ ’ਤੇ ਭਰਤੀ ਦੀ ਪ੍ਰੇਰਣਾ ਵਾਸਤੇ ਪ੍ਰਵੇਸ਼ ਪ੍ਰੀਖਿਆ ਦੀ ਤਿਆਰੀ ਲਈ ਕੇਂਦਰ ਵੀ ਖੋਲ੍ਹੇ ਗਏ ਹਨ।

 

 

fbbg-image

Latest News
Magazine Archive