ਸ਼੍ਰੋਮਣੀ ਕਮੇਟੀ ਪ੍ਰਧਾਨ ਲਈ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ


ਸੁਖਬੀਰ ਨੇ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਭਲਕੇ ਹੋਣ ਵਾਲੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂਆਂ ਨੇ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਇਹ ਮੀਟਿੰਗ ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਦੇ ਘਰ ਵਿੱਚ ਹੋਈ। ਮੀਟਿੰਗ ਵਿੱਚ ਸ੍ਰੀ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਜਿਨ੍ਹਾਂ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕੀਤੀ ਹੋਈ ਉਨ੍ਹਾਂ ਵਿੱਚ ਗੋਬਿੰਦ ਸਿੰਘ ਲੌਂਗੋਵਾਲ, ਕਮੇਟੀ ਦੇ ਮੌਜੂਦਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੇਵਾ ਸਿੰਘ ਸੇਖਵਾਂ, ਸੰਤ ਬਲਬੀਰ ਸਿੰਘ ਘੁੰਨਸ ਅਤੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸ਼ਾਮਲ ਹਨ। ਪਾਰਟੀ ਹਲਕਿਆਂ ਦਾ ਕਹਿਣਾ ਹੈ ਕਿ ਸ੍ਰੀ ਲੌਂਗੋਵਾਲ ਇਸ ਵੱਕਾਰੀ ਅਹੁਦੇ ਲਈ ਮਜ਼ਬੂਤ ਦਾਅਵੇਦਾਰ ਵਜੋਂ ਉਭਰੇ ਹਨ। ਸੂਤਰਾਂ ਅਨੁਸਾਰ  ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨਾਲ ਵੀ ਮੀਟਿੰਗ ਕੀਤੀ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਪ੍ਰਧਾਨਗੀ ਦੇ ਉਮੀਦਵਾਰ ਸਬੰਧੀ ਫੈਸਲੇ ’ਤੇ ਵੱਡੇ ਬਾਦਲ ਦੀ ਵੀ ਮੋਹਰ ਲਵਾਈ ਜਾਵੇਗੀ।  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਇਸ ਵਾਰੀ ਅਕਾਲੀ ਦਲ ਵੱਲੋਂ ਸੰਭਲ ਕੇ ਫੈਸਲੇ ਲਏ ਜਾਣ ਦੀ ਵੀ ਚਰਚਾ ਹੈ। ਬਰਗਾੜੀ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਹੋਣ ਤੋਂ ਬਾਅਦ ਅਕਾਲੀ ਦਲ ਪੰਥਕ ਜਥੇਬੰਦੀਆਂ ਦੇ ਲਗਾਤਾਰ ਨਿਸ਼ਾਨੇ ’ਤੇ ਹੈ। ਇਸ ਵੀ ਪਤਾ ਲੱਗਾ ਹੈ ਕਿ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨਾਲ ਵੀ ਮੀਟਿੰਗ ਕੀਤੀ ਜਾਵੇਗੀ।
ਅਹੁਦੇਦਾਰ ਚੁਣਨ ਦਾ ਅਧਿਕਾਰ ਸੁਖਬੀਰ ਨੂੰ ਸੌਂਪਿਆ
ਅੰਮ੍ਰਿਤਸਰ - ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਲਕੇ ਹੋਣ ਵਾਲੇ ਜਨਰਲ ਇਜਲਾਸ ਵਿਚ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਲਈ ਹਾਕਮ ਧਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਪਣੇ ਉਮੀਦਵਾਰ ਚੁਣਨ ਲਈ ਸਮੁੱਚੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ, ਜਦੋਂਕਿ ਵਿਰੋਧੀ ਧਿਰ ਵੱਲੋਂ ਵੀ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ਇਸ ਕਾਰਨ ਪ੍ਰਧਾਨ ਸਮੇਤ ਹੋਰਨਾਂ ਅਹੁਦੇਦਾਰਾਂ ਦੀ ਚੋਣ ਵੋਟ ਪਰਚੀ ਰਾਹੀਂ ਹੋ ਸਕਦੀ ਹੈ । ਇਸ ਸਬੰਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੀ ਗਈ ਸੀ, ਜਿਸ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਲਗਪਗ ਇਕ ਘੰਟਾ ਚੱਲੀ ਇਸ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬਾਦਲ ਨੇ ਦੱਸਿਆ ਕਿ ਪੁਰਾਤਨ ਰਵਾਇਤ ਮੁਤਾਬਕ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਉਮੀਦਵਾਰ ਚੁਣਨ ਦੇ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪੇ ਹਨ, ਜੋ ਕਿ ਇਕ ਰਸਮੀ ਕਾਰਵਾਈ ਹੈ। ਪਰ ਪ੍ਰਧਾਨ ਤੇ ਹੋਰ ਅਹੁਦੇਦਾਰ ਸਮੂਹ ਮੈਂਬਰਾਂ ਵੱਲੋਂ ਆਪਣੇ ਤੌਰ ‘ਤੇ ਹੀ ਚੁਣੇ ਜਾਣਗੇ। ਉਨ੍ਹਾਂ ਇਸ ਪੁਰਾਤਨ ਰਵਾਇਤ ਸਬੰਧੀ ਹੋਰ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ।  ਜਨਰਲ ਇਜਲਾਸ ਵਿੱਚ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ , ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕਤਰ ਸਮੇਤ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਦੀ ਚੋਣ ਹੋਵੇਗੀ।

 

 

fbbg-image

Latest News
Magazine Archive