ਪਾਕਿਸਤਾਨ ਦੇ ਰਾਸ਼ਟਰਪਤੀ ਨੇ ਆਜ਼ਾਦੀ ਦਿਵਸ

ਮੌਕੇ ਚੋਣ ਧਾਂਦਲੀਆਂ ਦਾ ਮੁੱਦਾ ਚੁੱਕਿਆ


ਇਸਲਾਮਬਾਦ - ਪਾਕਿਸਤਾਨ ਨੇ ਅੱਜ ਧੂਮਧਾਮ ਨਾਲ ਆਪਣਾ 72ਵਾਂ ਆਜ਼ਾਦੀ ਦਿਵਸ ਮਨਾਇਆ। ਇਸ ਮੌਕੇ ਗੈਰਰਵਾਇਤੀ ਪਹਿਲਕਦਮੀ ਕਰਦਿਆਂ ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਨ ਹੁਸੈਨ ਨੇ ਰਾਸ਼ਟਰ ਨੂੰ ਸੰਬੋਧਨ ਵਿੱਚ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ਵਿੱਚ ਕਥਿਤ ਹੇਰਾਫੇਰੀ ਦਾ ਮੁੱਦਾ ਚੁੱਕਿਆ ਤੇ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਚੋਣ ਪ੍ਰਕਿਰਿਆ ਨੂੰ ਪਰਦਰਸ਼ੀ ਬਣਾਉਣ ਦੇ ਲਈ ਚੋਣਾਂ ਵਿੱਚ ਧਾਂਦਲੀਆਂ ਸਬੰਧੀ ਰਾਜਸੀ ਪਾਰਟੀਆਂ ਦੀਆਂ ਸ਼ਿਕਾਇਤਾਂ ਉੱਤੇ ਸੁਣਵਾਈ ਕਰੇ।
ਇੱਥੇ ਜਿਨਾਹ ਕਨਵੈਨਸ਼ਨ ਸੈਂਟਰ ਵਿੱਚ ਦੇਸ਼ ਦੇ 72ਵੇਂ ਆਜ਼ਾਦੀ ਦਿਵਸ ਨੂੰ ਮਨਾਉਣ ਲਈ ਹੋਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਹੁਸੈਨ ਨੇ ਕਿਹਾ ਕਿ ਦੇਸ਼ ਦੇ ਲਈ ਇਹ ਬੇਹੱਦ ਅਹਿਮ ਹੈ ਕਿ ਸਰਕਾਰੀ ਸੰਸਥਾਵਾਂ ਨੂੰ ਆਜ਼ਾਦ ਤੇ ਸ਼ਕਤੀਸ਼ਾਲੀ ਬਣਾਇਆ ਜਾਵੇ। ਉਨ੍ਹਾਂ ਨੇ ਕਸ਼ਮੀਰ ਮਸਲਾ ਵੀ ਉਠਾਇਆ।
ਪਾਕਿਸਤਾਨ ਦੇ ਨਵੇਂ ਬਣਨ ਵਾਲੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਦੇਸ਼ ਦੇ ਆਜ਼ਾਦੀ ਦਿਵਸ ’ਤੇ ਪਾਕਿਸਤਾਨ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿੱਤੀ ਸੰਕਟ ਅਤੇ ਭਿ੍ਸ਼ਟਾਚਾਰ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਨਜਿੱਠਿਆ ਜਾਵੇਗਾ। ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਨੇ ਟਵੀਟ ਕੀਤਾ, ‘‘ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਮੈਂ ਦੇਸ਼ ਦੇ ਉੱਜਲ ਭਵਿੱਖ ਦਾ ਕਾਮਨਾ ਕਰਦਾ ਹਾਂ। ’’
ਮੋਦੀ ਵੱਲੋਂ ਇਮਰਾਨ ਨੂੰ ਫੋਨ ਹਾਂ ਪੱਖੀ ਕਦਮ: ਮਹਿਮੂਦ
ਨਵੀਂ ਦਿੱਲੀ - ਇੱਥੇ ਪਾਕਿਸਤਾਨੀ ਦੂਤਘਰ ਵਿੱਚ ਮਨਾਏ ਪਾਕਿਸਤਾਨ ਦੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੁਹੇਲ ਮਹਿਮੂਦ ਨੇ ਕਿਹਾ ਕਿ ਚੋਣਾਂ ਮੌਕੇ ਤਹਿਰੀਕ-ਏ-ਇਨਸਾਫ਼ ਦੇ ਮੁਖੀ ਇਮਰਾਨ ਖਾਨ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦੇ ਕੇ ਚੰਗੀ ਮਿਸਾਲ ਪੈਦਾ ਕੀਤੀ ਹੈ। ਉਹ ਆਸ ਕਰਦੇ ਹਨ ਕਿ ਅਜਿਹੇ ਕਦਮ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਸਹਾਈ ਹੋਣਗੇ।
ਅਮਰੀਕਾ ਵੱਲੋਂ ਪਾਕਿਸਤਾਨ ਨਾਲ ਮਜ਼ਬੂਤ ਸਬੰਧਾਂ ਦੀ ਪੈਰਵੀ
ਵਾਸ਼ਿੰਗਟਨ - ਅਮਰੀਕਾ ਨੇ ਪਾਕਿਸਤਾਨ ਨਾਲ ਆਉਣ ਵਾਲੇ ਸਾਲਾਂ ਵਿੱਚ ਵਧੇਰੇ ਮਜ਼ਬੂਤ ਸਬੰਧਾਂ ਦੀ ਪੈਰਵੀ ਕਰਦਿਆਂ ਕਿਹਾ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕਲ ਪੌਂਪੀਓ ਨੇ ਕਿਹਾ ਕਿ ਅਮਰੀਕਾ ਪਾਕਿ ਵਾਸੀਆਂ ਤੇ ਸਰਕਾਰ ਨਾਲ ਦੱਖਣੀ ਏਸ਼ੀਆ ਵਿੱਚ ਭਵਿੱਖ ’ਚ ਸੁਰੱਖਿਆ, ਸਥਿਰਤਾ ਅਤੇ ਖੁਸ਼ਹਾਲੀ ਦੇ ਟੀਚਿਆਂ ਨੂੰ ਮਿਲ ਕੇ ਹਾਸਲ ਕਰਨ ਦਾ ਚਾਹਵਾਨ ਹੈ। ਉਨ੍ਹਾਂ ਨੇ ਪਾਕਿਸਤਾਨ ਵਾਸੀਆਂ ਨੂੰ 72ਵੇਂ ਆਜ਼ਾਦੀ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਦਹਾਕਿਆਂ ਤੋਂ ਵੱਧ ਸਮੇਂ ਵਿੱਚ ਦੋਵਾਂ ਦੇਸ਼ਾਂ ਦੇ ਵਿੱਚ ਮਜ਼ਬੂਤ ਦੁਵੱਲੇ ਸਬੰਧਾਂ ਦੀ ਉਸਾਰੀ ਹੋਈ ਹੈ।

 

 

fbbg-image

Latest News
Magazine Archive