ਈਸੜੂ ਕਾਨਫਰੰਸ: ਸਿਆਸੀ ਪਾਰਟੀਆਂ ਨੇ

ਇੱਕ-ਦੂਜੇ ਖਿ਼ਲਾਫ਼ ਦਾਗੇ ਸ਼ਬਦੀ ਬਾਣ


ਕਾਂਗਰਸ ਦੇ ਇਸ਼ਾਰੇ ’ਤੇ ਤਿਆਰ ਹੋਈ ਰਣਜੀਤ ਸਿੰਘ ਰਿਪੋਰਟ: ਸੁਖਬੀਰ
ਪਾਇਲ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਈਸੜੂ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹੀ ਕੌਮਾਂ ਤਰੱਕੀ ਕਰਦੀਆਂ ਹਨ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸਾਲ ਆਜ਼ਾਦੀ ਦਿਹਾੜੇ ’ਤੇ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਭੁਪਿੰਦਰ ਸਿੰਘ ਈਸੜੂ ਦੀ ਯਾਦ ਵਿੱਚ ਕਾਨਫਰੰਸ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ। ਸ੍ਰੀ ਬਾਦਲ ਨੇ ਕਾਂਗਰਸ ਦੀ ਕੈਪਟਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ’ਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ। ਸ੍ਰੀ ਬਾਦਲ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਦੇ ਇਸ਼ਾਰੇ ’ਤੇ ਝੂਠੀ ਰਿਪੋਰਟ ਪੇਸ਼ ਕਰਕੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਪਰ ਸ਼ਹੀਦਾਂ ਦੇ ਸੁਪਨੇ ਹਾਲੇ ਤੱਕ ਸਾਕਾਰ ਨਹੀਂ ਹੋਏ। ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨਸ਼ਿਆਂ ਖ਼ਿਲਾਫ਼ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਬੰਧੀ ਝੂਠਾ ਪ੍ਰਚਾਰ ਕਰ ਰਹੀ ਹੈ ਜਦੋਂਕਿ ਪੰਜਾਬ ਵਿੱਚ ਕਿਸਾਨ ਪਹਿਲਾਂ ਨਾਲੋਂ ਵੱਧ ਕਰਜ਼ਈ ਹੋ ਗਏ ਹਨ ਤੇ ਖੁਦਕੁਸ਼ੀਆਂ ਕਰ ਰਹੇ ਹਨ। ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆਂ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪਾੜੋ ਅਤੇ ਰਾਜ ਕਰੋ ਦੀ ਨੀਤੀ ਆਪਣਾਈ ਹੈ ਅਤੇ ਧਾਰਮਿਕ ਸਥਾਨਾਂ ਨੂੰ ਕਥਿਤ ਢਹਿ-ਢੇਰੀ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਨੂੰ ਦੋਸ਼ੀ ਦੱਸਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਇਨ੍ਹਾਂ ਕੋਝੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਕੋਲੋਂ ਕਰਵਾਉਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਅਕਾਲੀ ਦਲ ਦੀ ਪੋਲ ਖੋਲ੍ਹੇਗੀ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ: ਕਾਂਗਰਸ
ਪਾਇਲ - ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਵਿੱਚ ਸਰਕਾਰ ਦਾ ਸਹਿਯੋਗ ਦੇਣ। ਉਹ ਈਸੜੂ ਵਿੱਚ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜਲਦ ਹੀ ਪੰਚਾਇਤ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਔਰਤਾਂ ਨੂੰ 50 ਫੀਸਦੀ ਸੀਟਾਂ ਦਿੱਤੀਆਂ ਜਾਣਗੀਆਂ, ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਔਰਤਾਂ ਦੀ ਭਾਗੀਦਾਰੀ ਹੋਰ ਵਧਾਈ ਜਾ ਸਕੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸਾਲ 2022 ਤੱਕ ਸੂਬੇ ਦੇ 60 ਫੀਸਦੀ ਪਿੰਡਾਂ ਵਿੱਚ ਸੀਵਰੇਜ ਦੀ ਸਹੂਲਤ ਮੁਹੱਈਆ ਕਰਾਉਣ ਦਾ ਟੀਚਾ ਮਿਥਿਆ ਗਿਆ ਹੈ।
ਪੰਜਾਬ ਸਰਕਾਰ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਪਿਛਲੇ 10 ਸਾਲਾਂ ਦੌਰਾਨ ਲੋਕਾਂ ਨੂੰ ਕੁੱਟਿਆ ਤੇ ਲੁੱਟਿਆ ਗਿਆ ਅਤੇ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪੋਲ ਖੋਲ੍ਹਣ ਦੀਆਂ ਗੱਲਾਂ ਕਰਨ ਵਾਲੇ ਅਕਾਲੀਆਂ ਦੀ ਪੋਲ ਉਦੋਂ ਖੁੱਲ੍ਹੇਗੀ, ਜਦੋਂ ਬੇਅਦਬੀ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਗਿੱਲ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਾਵੇਗੀ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਦਿੱਤੇ ਰਾਇਸ਼ੁਮਾਰੀ-2020 ਦੇ ਸੱਦੇ ਨੂੰ ਨਕਾਰ ਦੇਣ। ਇਸ ਕਾਰਨ ਕਾਂਗਰਸ ਪਾਰਟੀ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਮੌਕੇ ਪੰਜਾਬ ਗੰਭੀਰ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਸੀ। ਉਨ੍ਹਾਂ ਪਿੰਡ ਈਸੜੂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਇੱਕ ਪਰਿਵਾਰਕ ਮੈਂਬਰ ਨੂੰ ਅਗਲੇ ਕੁਝ ਦਿਨਾਂ ਵਿੱਚ ਸਰਕਾਰੀ ਨੌਕਰੀ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਨ ਬਾਰੇ ਵੀ ਕਿਹਾ।
ਰਵਾਇਤੀ ਪਾਰਟੀਆਂ ਨੇ ਰਾਜਨੀਤੀ ਨੂੰ ਧੰਦਾ ਬਣਾਇਆ: ਖਹਿਰਾ
ਪਾਇਲ - ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਵਿਧਾਇਕਾਂ ਤੇ ਸਮਰਥਕਾਂ ਸਮੇਤ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ, ‘ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ, ਜਿਨ੍ਹਾਂ ਦੀ ਬਦੌਲਤ ਅੱਜ ਆਪਾਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਪਰ 70 ਸਾਲ ਬੀਤ ਜਾਣ ’ਤੇ ਵੀ ਗਰੀਬ ਲੋਕ ਕੁਰਲਾ ਰਹੇ ਹਨ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ।’
ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸੇਵਾ ਭਾਵਨਾ ਦੀ ਰਾਜਨੀਤੀ ਨੂੰ ਇੱਕ ਧੰਦਾ ਬਣਾ ਲਿਆ ਹੈ। 21 ਫੀਸਦੀ ਲੋਕਾਂ ਨੇ 82 ਫੀਸਦੀ ਸਰਮਾਇਆ ਇਕੱਠਾ ਕਰ ਲਿਆ ਹੈ, ਮਾੜੀ ਸੋਚ ਦੇ ਆਗੂਆਂ ਦੀ ਘਟੀਆ ਰਾਜਨੀਤੀ ਕਾਰਨ ਗ਼ਰੀਬ ਹੋਰ ਗਰੀਬ ਹੋ ਰਿਹਾ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਨੇ ਗੋਆ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਕੈਪਟਨ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਹੁਣ ਤਕ ਪੂਰੇ ਨਹੀਂ ਹੋਏ। ਬੇਅਦਬੀ ਕਾਂਡ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਵੀ ਬੇਅਦਬੀ ਦੀਆਂ ਘਟਨਾਵਾਂ ’ਚ ਕੁਝ ਨਹੀਂ ਸੀ ਕਿ ਅਤੇ ਹੁਣ ਵਾਲੀ ਸਰਕਾਰ ਵੀ ਇਸ ਦੀ ਜਾਂਚ ਠੰਢੇ ਬਸਤੇ ’ਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ’ਚ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏ ਜਾਣ ਤਾਂ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦਾ ਰੁਖ਼ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਦੀ ਦਲਦਲ ਵਿੱਚ ਫ਼ਸਦੇ ਜਾ ਰਹੇ ਹਨ। ਬੇਰੁਜ਼ਗਾਰ ਹੋਣ ਕਰਕੇ ਨੌਜਵਾਨ ਅਜਿਹੇ ਗ਼ਲਤ ਰਸਤਿਆਂ ’ਤੇ ਚੱਲਣ ਲੱਗ ਜਾਂਦੇ ਹਨ। ਇਸ ਮੌਕੇ ਵਿਧਾਇਕ ਕੰਵਰ ਸਿੰਘ ਸੰਧੂ, ਵਿਧਾਇਕ ਪਿਰਮਲ ਸਿੰਘ ਖਾਲਸਾ ਭਦੌੜ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਵਿਧਾਇਕ ਜੈ ਕ੍ਰਿਸ਼ਨ ਰੋੜੀ ਤੇ ਹੋਰ ਹਾਜ਼ਰ ਸਨ।
ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ: ਮਾਨ
ਪਾਇਲ - ਅਕਾਲੀ ਦਲ ਅੰਮ੍ਰਿਤਸਰ ਦੀ ਸਟੇਜ ਤੋਂ ਜਿਵੇਂ ਹੀ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾਂ ਪੰਡਾਲ ਵਿੱਚ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਸ੍ਰੀ ਮਾਨ ਨੇ ਸਾਰੀਆਂ ਸਿਆਸੀ ਪਾਰਟੀਆਂ ’ਤੇ ਵਰ੍ਹਦਿਆਂ ਕਿਹਾ ਕਿ ‘ਆਪ’, ਕਾਂਗਰਸ, ਅਕਾਲੀ-ਭਾਜਪਾ ਗੱਠਜੋੜ ਮੌਕਾਪ੍ਰਸਤ ਹਨ, ਜਿਨ੍ਹਾਂ ਨੂੰ ਪੰਥ ਅਤੇ ਪੰਜਾਬ ਦੇ ਹਿੱਤਾਂ ਨਾਲ ਕੋਈ ਸਾਰੋਕਾਰ ਨਹੀਂ। ਅੱਜ ਦਾ ਦਿਨ ਸਿੱਖ ਕੌਮ ਲਈ ਬੇਇਨਸਾਫ਼ੀ ਅਤੇ ਗੁਲਾਮੀ ਦਾ 72ਵਾਂ ਵਰ੍ਹਾ ਹੈ।
ਉਨ੍ਹਾਂ ਕਿਹਾ ‘‘ਸਿੱਖ ਇੱਕ ਵੱਖਰੀ ਕੌਮ ਹੈ ਅਤੇ ਖਾਲਸਿਤਾਨ ਸਾਡਾ ਸੰਵਿਧਾਨਿਕ ਹੱਕ ਹੈ, ਜੋ ਅਸੀਂ ਕਾਨੂੰਨੀ ਲੜਾਈ ਲੜ ਕੇ ਹਾਸਲ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਸਮੇਂ ਮਹਾਤਮਾ ਗਾਂਧੀ ਅਤੇ ਜਵਾਹਰ ਲਾਲ ਨਹਿਰੂ ਨੇ ਸਿੱਖਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਜਿਹੜੇ ਮੁਲਜ਼ਮਾਂ ਦੇ ਨਾਮ ਜਸਟਿਸ ਰਣਜੀਤ ਸਿੰਘ ਕਮਸ਼ਿਨ ਦੀ ਜਾਂਚ ’ਚ ਸਾਹਮਣੇ ਆਏ ਹਨ, ਉਨ੍ਹਾਂ ਨੂੰ ਸਰਕਾਰ ਤੁਰੰਤ ਸਖ਼ਤ ਸਜ਼ਾ ਦੇਵੇ।
ਉਨ੍ਹਾਂ ਕਿਹਾ ਕਿ ਅੱਜ ਦਾ ਇਹ ਇਕੱਠ ਮੰਗ ਕਰਦਾ ਹੈ ਕਿ ਬਹਿਬਲ ਕਲਾਂ ਵਿੱਚ ਪੁਲੀਸ ਦੀ ਗੋਲੀ ਨਾਲ ਸ਼ਹੀਦ ਕੀਤੇ ਗਏ ਦੋ ਸਿੱਖ ਨੌਜਵਾਨਾਂ ਦੇ ਕਾਤਲਾਂ ਅਤੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਉੱਚ ਅਧਿਕਾਰੀਆਂ ਨੂੰ ਵੀ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਮੇਤ ਬਾਹਰਲੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸ੍ਰੀ ਮਾਨ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਸਾਧ ਦੀ ਮੁਆਫ਼ੀ ਲਈ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਦੀ ‘ਗੁਰੂ ਕੀ ਗੋਲਕ’ ਵਿਚੋਂ 97 ਲੱਖ ਰੁਪਏ ਦੀ ਰਾਸ਼ੀ ਇਸ਼ਤਿਹਾਰਬਾਜ਼ੀ ਲਈ ਖਰਚ ਕੇ ਸੰਗਤ ਨਾਲ ਧ੍ਰੋਹ ਕਮਾਇਆ ਹੈ।

 

Latest News
Magazine Archive