ਚੰਡੀਗੜ੍ਹ ਉੱਤੇ ਸਿਰਫ਼ ਪੰਜਾਬ ਦਾ ਹੱਕ: ਕੈਪਟਨ


ਐਸ.ਏ.ਐਸ. ਨਗਰ (ਮੁਹਾਲੀ) - ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਯੂਟੀ ਕਾਮਨ ਕਾਡਰ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਇਸ ਨੋਟੀਫਿਕੇਸ਼ਨ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ ਅਤੇ ਹੁਣ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਾਲ ਹੋਣ ਵਾਲੀ ਉਨ੍ਹਾਂ ਦੀ ਮੀਟਿੰਗ ਵਿੱਚ ਇਸ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿਹਾ ਕਿ 1966 ਵਿੱਚ ਪੰਜਾਬ ਤੇ ਹਰਿਆਣਾ ਦੀ ਵੰਡ ਸਮੇਂ ਨਿਰਧਾਰਿਤ ਕੀਤੇ 60:40 ਦੇ ਅਨੁਪਾਤ ਵਿੱਚ ੁਣ ਨਵੇਂ ਸਿਰਿਓਂ ਕਿਸੇ ਕਿਸਮ ਦਾ ਫੇਰ ਬਦਲ ਨਹੀਂ ਹੋਣ ਦਿੱਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸਿੱਟ ਦੀ ਮੁਕੰਮਲ ਜਾਂਚ ਰਿਪੋਰਟ ਤੋਂ ਬਾਅਦ ਹੀ ਜ਼ਿੰਮੇਵਾਰ ਲੋਕਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਬੇਅਦਬੀ ਕੇਸਾਂ ਸਬੰਧੀ ਜਾਂਚ ਕਰਨ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਸਮਰੱਥਾ ’ਤੇ ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਸਿੱਟ ’ਤੇ ਕਿਸੇ ਕਿਸਮ ਦਾ ਦਬਾਅ ਨਹੀਂ ਪਾਇਆ ਜਾਵੇਗਾ। ਉਨ੍ਹਾਂ ਭਾਰਤ ਤੋਂ ਬਾਹਰ ਰਹਿੰਦੇ ਲੋਕਾਂ ਵੱਲੋਂ ਪੰਜਾਬ ਵਿੱਚ ਗੜਬੜ ਫੈਲਾਉਣ ਦੇ ਯਤਨਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਬੁਰੇ ਇਰਾਦਿਆਂ ਦੀ ਪੂਰਤੀ ਲਈ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਨਹੀਂ ਕਰ ਸਕਦਾ ਅਤੇ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੰਜਾਬ ਵਿੱਚ ਅਸਥਿਰਤਾ ਫੈਲਾਉਣ ਲਈ ਵਿਦੇਸ਼ ਤੋਂ ਕੁਝ ਸਿਆਸੀ ਪਾਰਟੀਆਂ ਵੱਲੋਂ ਭੇਜੇ ਫੰਡਾਂ ਸਬੰਧੀ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਨ੍ਹਾਂ ਦੋਸ਼ਾਂ ਦੀ ਜਾਂਚ ਪੜਤਾਲ ਕਰ ਰਹੀ ਹੈ ਅਤੇ ਵਿਦੇਸ਼ਾਂ ਤੋਂ ਆਏ ਫੰਡਾਂ ਦੇ ਸਰੋਤਾਂ ਦੀ ਵੀ ਜਾਂਚ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਲਈ ਨਮੀ ਦੇ ਪੱਧਰ ਨੂੰ ਵਧਾਉਣ ਸਬੰਧੀ ਵਿਚਾਰ ਕਰਨ ਲਈ ਭਾਰਤੀ ਖੁਰਾਕ ਨਿਗਮ (ਐਫ਼ਸੀਆਈ) ਨੂੰ ਬੇਨਤੀ ਕੀਤੀ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 149ਵੀਂ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਲੋਕਾਂ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਮਾਰਗ ਉਪਰ ਚੱਲਣ ਦਾ ਸੱਦਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਘਰ-ਘਰ ਰੁਜ਼ਗਾਰ ਸਕੀਮ ਹੇਠ 31 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਇਲਾਵਾ 23 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਚੈੱਕ ਅਤੇ ਆਸ਼ੀਰਵਾਦ ਸਕੀਮ ਹੇਠ 5 ਲਾਭਪਾਤਰੀਆਂ ਨੂੰ ਵਿੱਤੀ ਗਰਾਂਟ ਦੇ ਚੈੱਕ ਦਿੱਤੇ ਗਏ। ਇਸ ਮੌਕੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸੀਨੀਅਰ ਕਾਂਗਰਸ ਆਗੂ ਦੀਪਇੰਦਰ ਸਿੰਘ ਢਿੱਲੋਂ, ਹਰਕੇਸ਼ ਚੰਦ ਸ਼ਰਮਾ, ਵਿਨੀ ਮਹਾਜਨ, ਜੀ ਵਜਰਾਲਿੰਗਮ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਰਾਹੁਲ ਤਿਵਾੜੀ, ਕੇ.ਐਸ. ਪੰਨੂ, ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪੰਜਾਬ ਨੂੰ ਚੰਡੀਗੜ੍ਹ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਬਰਦਾਸ਼ਤ ਨਹੀਂ: ਸਿੱਧੂ
ਸੰਗਰੂਰ - ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਦੇ ਚੰਡੀਗੜ੍ਹ ਬਾਰੇ ਨੋਟੀਫਿਕੇਸ਼ਨ ਦਾ ਵਿਰੋਧ ਕਰਦਿਆਂ ਇਸ ਨੂੰ ਪੰਜਾਬ ਦਾ ਹੱਕ ਖੋਹਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਕੇਂਦਰ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਦੱਸਦਿਆਂ ਸ੍ਰੀ ਸਿੱਧੂ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਨੂੰ ਪੰਜਾਬ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਕਿਸੇ ਵੀ ਹਾਲਤ ਵਿਚ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ ਤੇ ਕਾਂਗਰਸ ਕਿਸੇ ਵੀ ਅੰਦੋਲਨ ਤੋਂ ਪਿੱਛੇ ਨਹੀਂ ਹਟੇਗੀ।

 

Latest News
Magazine Archive