ਰੇਲ ਹਾਦਸਾ: ਮੁੱਖ ਮੰਤਰੀ ਨੇ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ


ਅੰਮ੍ਰਿਤਸਰ - ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਬੀਤੇ ਦਿਨ ਵਾਪਰੇ ਰੇਲ ਹਾਦਸੇ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਅਤੇ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਣ ਤੇ ਸਥਿਤੀ ਦਾ ਜਾਇਜ਼ਾ ਲੈਣ ਆਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘਟਨਾ ਤੋਂ 16 ਘੰਟੇ ਬਾਅਦ ਇੱਥੇ ਪਹੁੰਚਣ ਦੇ ਕਾਰਨ ਦੱਸਣ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਬਾਰੇ ਜਾਣਕਾਰੀ ਦੇਣ ਵਿੱਚ ਅਸਮਰੱਥ ਰਹੇ। ਮੁੱਖ ਮੰਤਰੀ ਨੇ ਰੇਲ ਹਾਦਸੇ ਦੀ ਜਾਂਚ ਵਾਸਤੇ ਮੈਜਿਸਟਰੇਟ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਇਹ ਜਾਂਚ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਦੀ ਅਗਵਾਈ ਹੇਠ ਕੀਤੀ ਜਾਵੇਗੀ। ਜਾਂਚ ਰਿਪੋਰਟ ਚਾਰ ਹਫ਼ਤਿਆਂ ਵਿੱਚ ਦੇਣ ਲਈ ਆਖਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਅਤੇ ਹਰ ਵਰਗ ਦੇ ਲੋਕਾਂ ਨੂੰ ਇਸ ਮਾਮਲੇ ਵਿੱਚ ਸਿਆਸਤ ਤੋਂ ਉੱਪਰ ਉੱਠ ਕੇ ਇੱਕਜੁੱਟ ਹੋ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਪੀੜਤਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 59 ਅਤੇ ਜ਼ਖਮੀਆਂ ਦੀ ਗਿਣਤੀ 57 ਹੈ। ਉਨ੍ਹਾਂ ਅੰਮ੍ਰਿਤਸਰ ਵਿੱਚ ਤਿੰਨ ਰੋਜ਼ਾ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।
ਘਟਨਾ ਸਥਾਨ ਅਤੇ ਵੱਖ ਵੱਖ ਹਸਪਤਾਲਾਂ ਵਿੱਚ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਣ ਮਗਰੋਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਦਸਹਿਰੇ ਦੇ ਤਿਉਹਾਰ ਮੌਕੇ ਇਸ ਹਾਦਸੇ ਦਾ ਵਾਪਰਨਾ ਦੁਖਦਾਈ ਹੈ। ਉਨ੍ਹਾਂ ਆਖਿਆ ਕਿ ਇਸ ਘਟਨਾ ਦੀ ਜਾਂਚ ਵਾਸਤੇ ਆਦੇਸ਼ ਦਿੱਤੇ ਗਏ ਹਨ ਅਤੇ ਜਾਂਚ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ। ਇਹ ਜਾਂਚ ਚਾਰ ਹਫ਼ਤਿਆਂ ’ਚ ਮੁਕੰਮਲ ਕਰਨ ਲਈ ਆਖਿਆ ਗਿਆ ਹੈ। ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਦੇਣ ਦੀ ਥਾਂ ਉਨ੍ਹਾਂ ਆਖਿਆ ਕਿ ਦੋਸ਼ੀ ਅਤੇ ਜ਼ਿੰਮੇਵਾਰ ਵਿਅਕਤੀਆਂ ਬਾਰੇ ਘਟਨਾ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਲੋਕਾਂ ਵੱਲੋਂ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੂੰ ਦੋਸ਼ੀ ਠਹਿਰਾਏ ਜਾਣ ਸਬੰਧੀ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਜਾਂਚ ਤੋਂ ਪਹਿਲਾਂ ਉਹ ਕਿਸੇ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ। ਜਾਂਚ ਵਿੱਚ ਜੋ ਵੀ ਜ਼ਿੰਮੇਵਾਰ ਠਹਿਰਾਇਆ ਜਾਵੇਗਾ, ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ। ਉਨ੍ਹਾਂ ਆਖਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲਾਇਆ ਜਾਵੇਗਾ ਕਿ ਜਿਸ ਥਾਂ ’ਤੇ ਦਸਹਿਰਾ ਮਨਾਇਆ ਗਿਆ ਸੀ, ਉਸ ਦੀ ਅਗਾਊਂ ਪ੍ਰਵਾਨਗੀ ਲਈ ਗਈ ਸੀ ਜਾਂ ਨਹੀਂ। ਰੇਲ ਵਿਭਾਗ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਸਬੰਧੀ ਜਾਂਚ ਰੇਲ ਵਿਭਾਗ ਵੱਲੋਂ ਵੱਖਰੇ ਤੌਰ ’ਤੇ ਕੀਤੀ ਜਾਵੇਗੀ। ਘਟਨਾ ਤੋਂ 16 ਘੰਟੇ ਬਾਅਦ ਇੱਥੇ ਪਹੁੰਚਣ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਉਹ ਬੀਤੇ ਦਿਨ ਇਜ਼ਰਾਈਲ ਦੌਰੇ ’ਤੇ ਜਾ ਰਹੇ ਸਨ। ਜਦੋਂ ਘਟਨਾ ਵਾਪਰੀ ਤਾਂ ਉਹ ਦਿੱਲੀ ਹਵਾਈ ਅੱਡੇ ‘ਤੇ ਸਨ। ਉਨ੍ਹਾਂ ਤੁਰੰਤ ਆਪਣਾ ਦੌਰਾ ਰੱਦ ਕਰ ਦਿੱਤਾ ਅਤੇ ਅੱਜ ਸਥਿਤੀ ਦਾ ਜਾਇਜ਼ਾ ਲੈਣ ਪੁੱਜ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਕੈਬਨਿਟ ਮੰਤਰੀਆਂ ਨੂੰ ਸਥਿਤੀ ਦਾ ਪਤਾ ਲਾਉਣ ਅਤੇ ਰਾਹਤ ਕਾਰਜ ਕਰਾਉਣ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦਕਿ ਅਜਿਹੇ ਜ਼ਖ਼ਮੀ ਜਿਨ੍ਹਾਂ ਦੀ ਇਸ ਹਾਦਸੇ ਨਾਲ ਜ਼ਿੰਦਗੀ ਪ੍ਰਭਾਵਿਤ ਹੋਵੇਗੀ, ਨੂੰ 50 ਹਜ਼ਾਰ ਰੁਪਏ ਮਦਦ ਵਜੋਂ ਦਿੱਤੇ ਜਾਣਗੇ। ਜ਼ਖ਼ਮੀਆਂ ਦਾ ਇਲਾਜ ਮੁਫਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਲਾਸ਼ਾਂ ਦੀ ਹੁਣ ਤਕ ਸ਼ਨਾਖਤ ਨਹੀਂ ਹੋ ਸਕੀ ਹੈ। ਉਹ ਹਸਪਤਾਲ ਵਿੱਚ ਅਜਿਹੀਆਂ ਦੋ ਮਾਸੂਮ ਬੱਚੀਆਂ ਨੂੰ ਵੀ ਮਿਲੇ, ਜਿਨ੍ਹਾਂ ਦਾ ਸਾਰਾ ਪਰਿਵਾਰ ਇਸ ਘਟਨਾ ਵਿਚ ਮੌਤ ਦਾ ਸ਼ਿਕਾਰ ਹੋ ਗਿਆ ਹੈ। ਉਨ੍ਹਾਂ ਹਾਦਸੇ ਨੂੰ ਬੇਹਦ ਭਿਆਨਕ ਕਰਾਰ ਦਿੱਤਾ।
ਇਸ ਮੌਕੇ ਉਨ੍ਹਾਂ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਸਿੱਖਿਆ ਮੰਤਰੀ ਓ.ਪੀ ਸੋਨੀ ਸਮੇਤ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਜਿੰਦਰ ਸਿੰਘ ਸਰਕਾਰੀਆ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸਾਧੂ ਸਿੰਘ ਧਰਮਸੋਤ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਹੋਰ ਵਿਧਾਇਕ ਸ਼ਾਮਲ ਸਨ।
ਕੌਮਾਂਤਰੀ ਅਤੇ ਕੌਮੀ ਆਗੂਆਂ ਨੇ ਦੁੱਖ ਪ੍ਰਗਟਾਇਆ
ਸੰਯੁਕਤ ਰਾਸ਼ਟਰ/ਨਵੀਂ ਦਿੱਲੀ - ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਅੰਮ੍ਰਿਤਸਰ ’ਚ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਇਸੇ ਤਰ੍ਹਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਹਾਦਸੇ ’ਤੇ ਦੁਖ ਜ਼ਾਹਿਰ ਕੀਤਾ ਹੈ। ਇਸੇ ਦੌਰਾਨ ਰੂਸੀ ਅੰਬੈਸੀ ਨੇ ਦੱਸਿਆ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਚੰਡੀਗੜ੍ਹ - ਅੰਮ੍ਰਿਤਸਰ ਹਾਦਸੇ ਬਾਰੇ ਦੇਸ਼ ਭਰ ਦੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜੰਮੂ ਕਸ਼ਮੀਰ ਤੋਂ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਤੇ ਪਾਰਟੀ ਆਗੂ ਉਮਰ ਅਬਦੁੱਲਾ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਦੱਸਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ। ਬਸਪਾ ਮੁਖੀ ਮਾਇਆਵਤੀ ਨੇ ਇਸ ਘਟਨਾ ’ਤੇ ਦੁਖ ਜ਼ਾਹਰ ਕਰਦਿਆਂ ਕਿਹਾ ਕਿ ਘਟਨਾ ਦੀ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਤਿੰਨ ਮੈਂਬਰੀ ਗਰੁੱਪ ਸੰਭਾਲੇਗਾ ਰਾਹਤ ਕਾਰਜ
ਮੁੱਖ ਮੰਤਰੀ ਨੇ ਆਖਿਆ ਕਿ ਸਰਕਾਰ ਵੱਲੋਂ ਬਣਾਇਆ ਗਿਆ ਤਿੰਨ ਮੈਂਬਰੀ ਸੰਕਟ ਪ੍ਰਬੰਧਨ ਗਰੁੱਪ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਸਹਾਇਤਾ ਸਬੰਧੀ ਕਾਰਜਾਂ ਦੇ ਮੁਕੰਮਲ ਹੋਣ ਤੱਕ ਅੰਮ੍ਰਿਤਸਰ ਵਿੱਚ ਹੀ ਰਹੇਗਾ। ਇਸ ਗਰੁੱਪ ਵਿੱਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਾਧੂ ਸਿੰਘ ਧਰਮਸੋਤ ਸ਼ਾਮਲ ਹਨ।
ਸਮਾਗਮਾਂ ਸਬੰਧੀ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼
ਅੰਮ੍ਰਿਤਸਰ - ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਗ੍ਰਹਿ ਸਕੱਤਰ ਐੱਨਐੱਸ ਕਲਸੀ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਕਿਸੇ ਵੀ ਤ੍ਰਾਸਦੀ ਨੂੰ ਰੋਕਣ ਲਈ ਧਾਰਮਿਕ ਤੇ ਸਮਾਜਕ ਸਮਾਗਮ ਕਰਵਾਉਣ ਸਬੰਧੀ ਨਿਯਮ ਜਾਰੀ ਕੀਤੇ ਜਾਣ ਅਤੇ ਸਪੱਸ਼ਟਤਾ ਨਾਲ ਪਰਿਭਾਸ਼ਤ ਕੀਤੇ ਜਾਣ। ਉਨ੍ਹਾਂ ਦੀਵਾਲੀ ਮੌਕੇ ਪਟਾਖ਼ਿਆਂ ਦੀ ਵਿਕਰੀ ਤੇ ਭੰਡਾਰਨ ਸਬੰਧੀ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਕਿਹਾ।

 

 

fbbg-image

Latest News
Magazine Archive