ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ

ਦਾ ਕਾਰਜਕਾਰੀ ਜਥੇਦਾਰ ਲਾਇਆ


ਅੰਮ੍ਰਿਤਸਰ - ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਨੂੰ ਅੱਜ ਇਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕਰ ਲਿਆ ਅਤੇ ਉਨ੍ਹਾਂ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ ਦਾ ਕਾਰਜਕਾਰੀ ਜਥੇਦਾਰ ਥਾਪ ਦਿੱਤਾ। ਉਨ੍ਹਾਂ ਨੂੰ ਕਾਰਜਕਾਰੀ ਜਥੇਦਾਰ ਵਜੋਂ ਤਖ਼ਤ ਦਾ ਵਾਧੂ ਭਾਰ ਸੌਂਪਿਆ ਗਿਆ ਹੈ।
ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਦਿੱਤੇ ਅਸਤੀਫੇ ਸਬੰਧੀ ਇਕ ਨੁਕਾਤੀ ਏਜੰਡੇ ’ਤੇ ਵਿਚਾਰ ਕੀਤਾ ਗਿਆ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸਿਹਤ ਦਾ ਹਵਾਲਾ ਦਿੰਦਿਆਂ ਦਿੱਤਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਆਖਿਆ ਕਿ ਮੀਟਿੰਗ ਵਿਚ ਸਰਬਸੰਮਤੀ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖਤ ਦੇ ਜਥੇਦਾਰ ਦਾ ਵਾਧੂ ਕਾਰਜ ਭਾਰ ਸੌਂਪਿਆ ਗਿਆ ਹੈ। ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੀ ਬਣੇ ਰਹਿਣਗੇ ਅਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦਾ ਕਾਰਜਭਾਰ ਸਾਂਭ ਲੈਣਗੇ।
ਸ੍ਰੀ ਲੌਂਗੋਵਾਲ ਨੇ ਸਪੱਸ਼ਟ ਕਰ ਦਿੱਤਾ ਕਿ ਫਿਲਹਾਲ ਕਾਰਜਕਾਰੀ ਜਥੇਦਾਰ ਵਜੋਂ ਨਿਯੁਕਤੀ ਕਰਕੇ ਆਰਜ਼ੀ ਪ੍ਰਬੰਧ ਕੀਤੇ ਗਏ ਹਨ ਅਤੇ ਜਦੋਂ ਕਿਸੇ ਨੂੰ ਪੱਕੇ ਤੌਰ ‘ਤੇ ਅਕਾਲ ਤਖ਼ਤ ਦਾ ਜਥੇਦਾਰ ਨਿਯੁਕਤ ਕੀਤਾ ਜਾਵੇਗਾ, ਉਸ ਵੇਲੇ ਸਮੂਹ ਸਿੱਖ ਜਥੇਬੰਦੀਆਂ ਨਾਲ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰਜ਼ੀ ਪ੍ਰਬੰਧ ਲਈ ਅੰਤ੍ਰਿੰਗ ਕਮੇਟੀ ਮੈਂਬਰਾਂ ਨਾਲ ਵਿਚਾਰ ਚਰਚਾ ਮਗਰੋਂ ਹੀ ਫੈਸਲਾ ਲਿਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਨਿਯੁਕਤੀ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਉੱਚ ਵਿਦਿਆ ਪ੍ਰਾਪਤ ਹਨ ਅਤੇ ਉਨ੍ਹਾਂ ਕੋਲ ਹੈੱਡ ਗ੍ਰੰਥੀ ਤੇ ਜਥੇਦਾਰ ਵਜੋਂ ਵੀ ਲੋੜੀਂਦਾ ਤਜਰਬਾ ਹੈ। ਉਨ੍ਹਾਂ ਦੀ ਯੋਗਤਾ ਅਤੇ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਹੀ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਬਤੌਰ ਕਾਰਜਕਾਰੀ ਜਥੇਦਾਰ ਸਿੱਖ ਕੌਮ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ। ਉਨ੍ਹਾਂ ਆਖਿਆ ਕਿ ਕਾਰਜਕਾਰੀ ਜਥੇਦਾਰ ਦੀ ਸੇਵਾ ਸੰਭਾਲਣ ਲਈ ਸ਼੍ਰੋਮਣੀ ਕਮੇਟੀ ਵਲੋਂ ਜਲਦੀ ਹੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਯਾਦ ਰਹੇ ਕਿ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਦਿਨ ਆਪਣੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ। ਮਗਰੋਂ ਉਨ੍ਹਾਂ ਆਪਣਾ ਅਸਤੀਫਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜ ਦਿੱਤਾ ਸੀ। ਅਸਤੀਫ਼ੇ ਮਗਰੋਂ ਪੈਦਾ ਹੋਏ ਹਾਲਾਤ ਨੂੰ ਵਿਚਾਰਨ ਲਈ ਹੀ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਸੀ।
ਅਕਾਲ ਤਖਤ ਦੇ ਨਵੇਂ ਥਾਪੇ ਗਏ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 46 ਵਰ੍ਹਿਆਂ ਦੇ ਹਨ। ਉਨ੍ਹਾਂ ਦਾ ਜਨਮ ਮਈ 1972 ਵਿੱਚ ਹੋਇਆ। ਉਹ ਉੱਚ ਵਿਦਿਆ ਪ੍ਰਾਪਤ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸੰਸਥਾ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਤਿੰਨ ਸਾਲ ਦਾ ਕੋਰਸ ਕੀਤਾ ਹੈ। ਮਗਰੋਂ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਇਕ ਸਾਲਾ ਡਿਪਲੋਮਾ ਇਨ ਡਿਵਨਿਟੀ ਪਾਸ ਕੀਤਾ ਹੈ। ਧਰਮ ਅਧਿਐਨ ਵਿਚ ਪੰਜਾਬੀ ਯੂਨੀਵਰਸਿਟੀ ਤੋਂ ਮਾਸਟਰ ਡਿਗਰੀ ਪ੍ਰਾਪਤ ਕੀਤੀ ਹੈ। ਹੁਣ ਉਹ ਪੀਐਚ.ਡੀ. ਵੀ ਕਰ ਰਹੇ ਹਨ। ਉਨ੍ਹਾਂ ਨੇ 21 ਅਪਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ ਸੀ। ਇਸ ਤੋਂ ਪਹਿਲਾਂ ਉਨ੍ਹਾਂ 17 ਸਾਲ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਈਆਂ। 1997 ਵਿੱਚ ਉਹ ਪ੍ਰਚਾਰਕ ਭਰਤੀ ਹੋਏ ਸਨ ਅਤੇ ਜੁਲਾਈ 1999 ਵਿਚ ਪਹਿਲਾਂ ਮੁਕਤਸਰ ਸਾਹਿਬ ਵਿਖੇ ਕਥਾਵਾਚਕ ਅਤੇ ਮਗਰੋਂ ਹੈਡ ਗ੍ਰੰਥੀ ਨਿਯੁਕਤ ਕੀਤੇ ਗਏ।

 

 

fbbg-image

Latest News
Magazine Archive