ਨਵੀਂ ਦਿੱਲੀ-ਪੱਛਮੀ ਬੰਗਾਲ ਦੇ ਰਾਜਪਾਲ ਕੇਸਰੀ ਨਾਥ ਤ੍ਰਿਪਾਠੀ ਨੇ ਸੂਬੇ ਵਿੱਚ ਜਾਰੀ ਸਿਆਸੀ ਹਿੰਸਾ ਦੀਆਂ ਘਟਨਾਵਾਂ ਦਰਮਿਆਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਇਸ ਮੀਟਿੰਗ ਨੂੰ ਸ਼ਿਸ਼ਟਾਚਾਰਕ ਮੁਲਾਕਾਤ ਕਰਾਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਦੋਵਾਂ ਨੂੰ ਸੂਬੇ ਦੇ ਮੌਜੂਦਾ ਹਾਲਾਤ ਤੋਂ ਜਾਣੂ ਕਰਵਾ ਦਿੱਤਾ ਹੈ। ਸੂਬੇ ’ਚ ਲੋਕ ਸਭਾ ਚੋਣਾਂ ਮਗਰੋਂ ਹੋਈ ਹਿੰਸਾ ਵਿੱਚ ਹੁਣ ਤਕ ਲਗਪਗ ਦਰਜਨ ਦੇ ਕਰੀਬ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਹੈ। ਸੰਸਦੀ ਚੋਣਾਂ ਮਗਰੋਂ ਇਹ ਪਹਿਲਾ ਮੌਕਾ ਹੈ ਜਦੋਂ ਤ੍ਰਿਪਾਠੀ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲੇ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਤ੍ਰਿਪਾਠੀ ਨੇ ਕਿਹਾ, ‘ਮੈਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਪੱਛਮੀ ਬੰਗਾਲ ਦੇ ਮੌਜੂਦਾ ਹਾਲਾਤ ਤੋਂ ਜਾਣੂ ਕਰਵਾ ਦਿੱਤਾ ਹੈ। ਮੈਂ ਇਸ ਮੀਟਿੰਗ ਬਾਰੇ ਬਹੁਤੀ ਤਫ਼ਸੀਲ ਨਹੀਂ ਦੇ ਸਕਦਾ।’ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਜਾਣ ’ਤੇ ਰਾਜਪਾਲ ਨੇ ਕਿਹਾ ਕਿ ਮੀਟਿੰਗ ਦੌਰਾਨ ਅਜਿਹੀ ਕੋਈ ਚਰਚਾ ਨਹੀਂ ਹੋਈ। ਰਾਜਪਾਲ ਦੀ ਦਿੱਲੀ ਫੇਰੀ ਅਜਿਹੇ ਸਮੇਂ ਹੋਈ ਹੈ ਜਦੋਂ ਪੱਛਮੀ ਬੰਗਾਲ ’ਚ ਚੋਣਾਂ ਮਗਰੋਂ ਹੋਈ ਹਿੰਸਾ ਨੂੰ ਲੈ ਕੇ ਕੇਂਦਰ ਤੇ ਪੱਛਮੀ ਬੰਗਾਲ ਸਰਕਾਰ ਵਿਚਾਲੇ ਸ਼ਬਦੀ ਜੰਗ ਸਿਖਰ ’ਤੇ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲੰਘੇ ਦਿਨ ਐਡਵਾਈਜ਼ਰੀ ਜਾਰੀ ਕਰਦਿਆਂ ਬੰਗਾਲ ’ਚ ਜਾਰੀ ‘ਬੇਰੋਕ ਹਿੰਸਾ’ ਨੂੰ ਸੂਬਾ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਮੁਤਾਬਕ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਸ਼ਨਿੱਚਰਵਾਰ ਨੂੰ ਹੋਈ ਹਿੰਸਾ ਵਿੱਚ ਚਾਰ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਹੈ।

 

 

fbbg-image

Latest News
Magazine Archive