ਕੇਂਦਰ ਵੱਲੋਂ ਮੂਸੇਵਾਲਾ ਦੇ ਮਾਪਿਆਂ ਬਾਰੇ ਪੰਜਾਬ ਤੋਂ ਰਿਪੋਰਟ ਤਲਬ

ਕੇਂਦਰ ਵੱਲੋਂ ਮੂਸੇਵਾਲਾ ਦੇ ਮਾਪਿਆਂ ਬਾਰੇ ਪੰਜਾਬ ਤੋਂ ਰਿਪੋਰਟ ਤਲਬ

ਕੇਂਦਰ ਵੱਲੋਂ ਮੂਸੇਵਾਲਾ ਦੇ ਮਾਪਿਆਂ ਬਾਰੇ ਪੰਜਾਬ ਤੋਂ ਰਿਪੋਰਟ ਤਲਬ
ਚੰਡੀਗੜ੍ਹ-ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਆਈਵੀਐੱਫ ਇਲਾਜ ਰਾਹੀਂ ਬੱਚੇ ਨੂੰ ਜਨਮ ਦੇਣ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹੇ ਕਰਦਿਆਂ ਕਿਹਾ ਸੀ ਕਿ ਸੂਬਾ ਸਰਕਾਰ ਨਵ ਜਨਮੇ ਬੱਚੇ ਨੂੰ ਲੈ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਚੇਤੇ ਰਹੇ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਦੂਜੇ ਪੁੱਤਰ ਦੀ ਬਖਸ਼ਿਸ਼ ਹੋਈ ਹੈ। ਮਾਪਿਆਂ ਨੇ ਇਸ ਦਾਤ ਲਈ ਇਨ-ਵਿਟਰੋਲਾਈਜ਼ੇਸ਼ਨ (ਆਈਵੀਐੱਫ) ਤਕਨੀਕ ਦੀ ਚੋਣ ਕੀਤੀ ਸੀ। ਕੁੱਝ ਦਿਨ ਪਹਿਲਾਂ ਹੀ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਮਾਤਾ ਚਰਨ ਕੌਰ ਨੇ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਵੱਡੀ ਗਿਣਤੀ ਵਿਚ ਸਿਆਸੀ ਆਗੂ ਅਤੇ ਗਾਇਕ ਮਾਪਿਆਂ ਨੂੰ ਵਧਾਈਆਂ ਦੇਣ ਵਾਸਤੇ ਪੁੱਜ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ 14 ਮਾਰਚ ਨੂੰ ਪੱਤਰ ਭੇਜ ਕੇ ਪੰਜਾਬ ਸਰਕਾਰ ਤੋਂ ਚਰਨ ਕੌਰ ਦੇ ਆਈਵੀਐੱਫ ਇਲਾਜ ਬਾਰੇ ਰਿਪੋਰਟ ਮੰਗੀ ਹੈ ਜਿਸ ਨੂੰ ਲੈ ਕੇ ਨਵਾਂ ਵਿਵਾਦ ਛਿੜਿਆ ਹੈ। ਪੱਤਰ ਅਨੁਸਾਰ ਅਸਿਸਟਿਡ ਰੀਪ੍ਰੋਡਕਟਿਵ ਤਕਨਾਲੋਜੀ (ਰੈਗੂਲੇਸ਼ਨ) ਐਕਟ 2021 ਦੀ ਧਾਰਾ 21 (ਜੀ ) ਤਹਿਤ ਆਈਵੀਐੱਫ ਵਿਧੀ ਲਈ ਔਰਤ ਲਈ ਨਿਰਧਾਰਿਤ ਉਮਰ 21 ਤੋਂ 50 ਸਾਲ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਉਮਰ 60 ਸਾਲ ਅਤੇ ਮਾਤਾ ਚਰਨ ਕੌਰ ਦੀ ਉਮਰ 58 ਸਾਲ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਆਈਵੀਐੱਫ ਟਰੀਟਮੈਂਟ ਲਈ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਉਮਰ ਜ਼ਿਆਦਾ ਹੋਣ ਕਰਕੇ ਹੁਣ ਉਂਗਲ ਉਠਾਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਏਆਰਟੀ ਐਕਟ ਤਹਿਤ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਸੂਬਾ ਸਰਕਾਰ ਤੋਂ ਐਕਸ਼ਨ ਟੇਕਨ ਰਿਪੋਰਟ ਮੰਗੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਇਲਜ਼ਾਮ ਲਾਏ ਹਨ ਕਿ ਪ੍ਰਸ਼ਾਸਨ ਬੱਚੇ ਦੇ ਕਾਨੂੰਨੀ ਪੱਖਾਂ ਨੂੰ ਲੈ ਕੇ ਪਰਿਵਾਰ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਵੇਰ ਤੋਂ ਹੀ ਪ੍ਰੇਸ਼ਾਨ ਕਰ ਰਿਹਾ ਹੈ ਕਿ ਬੱਚੇ ਦੇ ਦਸਤਾਵੇਜ਼ ਦਿੱਤੇ ਜਾਣ। ਉਨ੍ਹਾਂ ਮੁੱਖ ਮੰਤਰੀ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਸੀ ਕਿ ਹਾਲੇ ਇਲਾਜ ਪੂਰਾ ਹੋਣ ਦਿਓ, ਸਰਕਾਰ ਮਗਰੋਂ ਜਿੱਥੇ ਵੀ ਬੁਲਾਏਗੀ, ਉਹ ਚਲੇ ਜਾਣਗੇ। ਬਲਕੌਰ ਸਿੰਘ ਵੱਲੋਂ ਲਾਏ ਇਲਜ਼ਾਮਾਂ ਨੇ ਵਿਰੋਧੀ ਧਿਰਾਂ ਨੂੰ ਮੌਕਾ ਦੇ ਦਿੱਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਫੌਰੀ ਇਸ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਬਾਰੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਕੋਈ ਪੱਤਰ ਨਹੀਂ ਲਿਖਿਆ ਹੈ ਬਲਕਿ ਕੇਂਦਰ ਸਰਕਾਰ ਨੇ ਚਾਲਾਂ ਚੱਲਦਿਆਂ ਪਰਿਵਾਰ ਨੂੰ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਪ੍ਰੇਸ਼ਾਨ ਕਰਨ ਵਾਲੀ ਕੋਈ ਗੱਲ ਨਹੀਂ ਹੈ। ਇਸੇ ਦੌਰਾਨ ਸਿਹਤ ਵਿਭਾਗ ਬਠਿੰਡਾ ਅਤੇ ਮਾਨਸਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੋਈ ਰਾਬਤਾ ਕਾਇਮ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਦਸਤਾਵੇਜ਼ ਮੰਗੇ ਗਏ ਹਨ।

sant sagar