ਪ੍ਰਧਾਨ ਮੰਤਰੀ ਕਿਸਾਨਾਂ ਨਾਲ ਤੁਰੰਤ ਗੱਲਬਾਤ ਦਾ ਰਾਹ ਖੋਲ੍ਹਣ: ਕੈਪਟਨ

ਪ੍ਰਧਾਨ ਮੰਤਰੀ ਕਿਸਾਨਾਂ ਨਾਲ ਤੁਰੰਤ ਗੱਲਬਾਤ ਦਾ ਰਾਹ ਖੋਲ੍ਹਣ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਘਰਸ਼ੀ ਕਿਸਾਨਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸਰਹੱਦ ਪਾਰ ਦੇ ਖਤਰਿਆਂ ਦੇ ਹਵਾਲੇ ਨਾਲ ਇਸ ਮਸਲੇ ਨੂੰ ਪੰਜਾਬ ਚੋਣਾਂ ਤੋਂ ਪਹਿਲਾ ਸੁਲਝਾਉਣ ਲਈ ਉਸਾਰੂ ਯਤਨ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਜਥੇਬੰਦੀਆਂ ਅਤੇ ਆਈਐੱਸਆਈ ਕਿਸਾਨ ਅੰਦੋਲਨ ਦੀ ਆੜ ਹੇਠ ਫਾਇਦਾ ਲੈਣ ਦੀ ਤਾਕ ਵਿਚ ਹੈ। ਮੁੱਖ ਮੰਤਰੀ ਨੇ ਕਿਸਾਨੀ ਮਸਲੇ ਦਾ ਸਥਾਈ ਅਤੇ ਸੁਖਾਵਾਂ ਹੱਲ ਕੱਢਣ ਲਈ ਪ੍ਰਧਾਨ ਮੰਤਰੀ ਨਾਲ ਵਿਚਾਰ ਚਰਚਾ ਕਰਨ ਲਈ ਪੰਜਾਬ ਤੋਂ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨ ਦਾ ਪ੍ਰਸਤਾਵ ਰੱਖਿਆ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਚੌਕਸ ਕਰਦਿਆਂ ਕਿਹਾ ਕਿ ਸਰਹੱਦ ਪਾਰ ਦੀਆਂ ਤਾਕਤਾਂ ਮਿਹਨਤਕਸ਼ ਕਿਸਾਨਾਂ ਦੇ ਭੜਕੇ ਹੋਏ ਜਜ਼ਬਾਤ ਨਾਲ ਖੇਡਣ ਦੀਆਂ ਕੋਸ਼ਿਸ਼ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਤਾਂ ਸਥਿਤੀ ਕਾਬੂ ਹੇਠ ਹੈ ਪਰ ਉਨ੍ਹਾਂ ਨੂੰ ਡਰ ਹੈ ਕਿ ਕੁਝ ਸਿਆਸੀ ਪਾਰਟੀਆਂ ਦੀ ਭੜਕਾਊ ਬਿਆਨਬਾਜ਼ੀ ਅਤੇ ਭਾਵਨਾਤਮਕ ਪ੍ਰਤੀਕਿਰਿਆਵਾਂ ਅਮਨ ਕਾਨੂੰਨ ਲਈ ਖ਼ਤਰਾ ਬਣ ਸਕਦੀਆਂ ਹਨ। ਪੱਤਰ ’ਚ ਡਰੋਨ ਗਤੀਵਿਧੀਆਂ ਵਧਣ ਅਤੇ ਪਾਕਿਸਤਾਨ ਵੱਲੋਂ ਭਾਰਤ ਨੂੰ ਹਥਿਆਰਾਂ ਤੇ ਹੈਰੋਇਨ ਦੀਆਂ ਖੇਪਾਂ ਭੇਜੇ ਜਾਣ ਦਾ ਹਵਾਲਾ ਵੀ ਦਿੱਤਾ ਗਿਆ ਹੈ। ਕੈਪਟਨ ਨੇ 28 ਸਤੰਬਰ, 2020 ਨੂੰ ਪ੍ਰਧਾਨ ਮੰਤਰੀ ਨੂੰ ਲਿਖੇ ਆਪਣੇ ਅਰਧ ਸਰਕਾਰੀ ਪੱਤਰ ਦਾ ਵੀ ਹਵਾਲਾ ਦਿੱਤਾ ਹੈ ਜਿਸ ਵਿਚ ਉਨ੍ਹਾਂ ਫਸਲ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਝੋਨੇ ਉਤੇ ਘੱਟੋ ਘੱਟ ਸਮਰਥਨ ਮੁੱਲ ਤੋਂ ਇਲਾਵਾ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੀ ਵਿਵਸਥਾ ਅਤੇ ਕਣਕ-ਝੋਨੇ ਦੀ ਸਰਕਾਰੀ ਖਰੀਦ ਜਾਰੀ ਰੱਖਣ ਬਾਰੇ ਚਿੰਤਾਵਾਂ ਸਬੰਧੀ ਸਪੱਸ਼ਟ ਤੌਰ ਉਤੇ ਮੁੜ ਭਰੋਸਗੀ ਦੀ ਲੋੜ ਹੈ। ਇਸੇ ਤਰ੍ਹਾਂ ਖਾਦਾਂ ਖਾਸ ਕਰਕੇ 31 ਅਕਤੂਬਰ, 2021 ਤੋਂ ਬਾਅਦ ਫੋਸਫੈਟਿਕ ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਦੇ ਡਰ ਅਤੇ ਤੌਖਲਿਆਂ ਨੂੰ ਦੂਰ ਕਰਨ ਦੀ ਲੋੜ ਹੈ ਕਿਉਂ ਜੋ ਸੂਬੇ ਵਿਚ ਕਣਕ ਦੀ ਬਿਜਾਈ ਲਈ ਨਵੰਬਰ ਅਤੇ ਦਸੰਬਰ ਮਹੀਨੇ ਦੌਰਾਨ ਡੀਏਪੀ ਦੀ ਲਗਪਗ 60 ਫੀਸਦੀ ਖਪਤ ਹੁੰਦੀ ਹੈ।