ਖੇਤੀ ਕਾਨੂੰਨ: ਸੰਸਦ ਦੇ ਦੋਹਾਂ ਸਦਨਾਂ ’ਚ ਘਿਰੀ ਸਰਕਾਰ

ਖੇਤੀ ਕਾਨੂੰਨ: ਸੰਸਦ ਦੇ ਦੋਹਾਂ ਸਦਨਾਂ ’ਚ ਘਿਰੀ ਸਰਕਾਰ

ਸੰਸਦ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਅੱਜ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧੀ ਧਿਰ ਨੇ ਦੋਹਾਂ ਸਦਨਾਂ ਵਿੱਚ ਸਰਕਾਰ ਨੂੰ ਘੇਰਿਆ। ਵਿਰੋਧੀ ਧਿਰ ਵੱਲੋਂ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਬਾਰੇ ਵੱਖਰੇ ਤੌਰ ’ਤੇ ਚਰਚਾ ਕਰਨ ਅਤੇ ਇਹ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਵਿਰੋਧੀ ਧਿਰ ਦੇ ਤਿੱਖੇ ਵਿਰੋਧ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ।
ਸ਼ਾਮ 4 ਵਜੇ ਸ਼ੁਰੂ ਹੋਈ ਕਾਰਵਾਈ ਦੌਰਾਨ ਲੋਕ ਸਭਾ ਵਿੱਚ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮਸਲੇ ਉਠਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਦੇਸ਼ ਦਾ ਅਕਸ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ, ‘‘ਅਸੀਂ ਇਸ ਲਈ ਚਿੰਤਤ ਹਾਂ।’’ ਇਸੇ ਦੌਰਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਵਿਰੋਧੀ ਧਿਰ ਦੇ ਕਈ ਮੈਂਬਰ ਆਪਣੀਆਂ ਸੀਟਾਂ ਛੱਡ ਕੇ ਸਪੀਕਰ ਦੀ ਕੁਰਸੀ ਅੱਗੇ ਆ ਗਏ। ਸਪੀਕਰ ਓਮ ਬਿਰਲਾ ਨੇ ਮੈਂਬਰਾਂ ਨੂੰ ਆਪੋ-ਆਪਣੀਆਂ ਸੀਟਾਂ ’ਤੇ ਵਾਪਸ ਜਾਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਮੈਂਬਰ ਸਦਨ ਦੀ ਮਰਿਆਦਾ ਬਣਾ ਕੇ ਰੱਖਣ ਨਹੀਂ ਤਾਂ ਉਨ੍ਹਾਂ ਨੂੰ ਅਨੁਸ਼ਾਸਨੀ ਕਾਰਵਾਈ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਨਕਾਲ ਜ਼ਰੂਰੀ ਹੈ ਅਤੇ ਇਸ ਨੂੰ ਚੱਲਣ ਦੇਣਾ ਚਾਹੀਦਾ ਹੈ ਪਰ ਵਿਰੋਧੀ ਧਿਰ ਦੇ ਮੈਂਬਰ ਨਹੀਂ ਮੰਨੇ ਜਿਸ ਕਾਰਨ ਸਪੀਕਰ ਨੂੰ ਕਾਰਵਾਈ 4.30 ਤੱਕ ਮੁਲਤਵੀ ਕਰਨੀ ਪਈ। 4.30 ਵਜੇ ਕਾਰਵਾਈ ਮੁੜ ਸ਼ੁਰੂ ਹੋਣ ’ਤੇ ਸ੍ਰੀ ਚੌਧਰੀ ਨੇ ਮੰਗ ਕੀਤੀ ਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਕਿਸਾਨਾਂ ਦੇ ਮੁੱਦੇ ਬਾਰੇ ਵੱਖਰੇ ਤੌਰ ’ਤੇ ਚਰਚਾ ਕਰਵਾਈ ਜਾਵੇ। ਸਪੀਕਰ ਵੱਲੋਂ ਮੈਂਬਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਨੂੰ ਵਿਚਾਰ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਵੇਗਾ ਪਰ ਵਿਰੋਧੀ ਧਿਰ ਦੇ ਮੈਂਬਰਾਂ ਨੇ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ, ਜਿਸ ਕਾਰਨ ਪਹਿਲਾਂ ਸਦਨ ਦੀ ਕਾਰਵਾਈ 5 ਵਜੇ ਤੱਕ, ਫਿਰ 7 ਵਜੇ ਤੱਕ ਤੇ ਫਿਰ ਰਾਤ 9 ਵਜੇ ਤੱਕ ਮੁਲਤਵੀ ਕਰਨੀ ਪਈ।
ਸਪੀਕਰ ਨੇ ‘ਆਪ’ ਆਗੂ ਭਗਵੰਤ ਮਾਨ ਤੇ ਹੋਰਨਾਂ ਨੂੰ ਆਪੋ-ਆਪਣੀਆਂ ਸੀਟਾਂ ’ਤੇ ਜਾਣ  ਦੀ ਅਪੀਲ ਕੀਤੀ ਪਰ ਵਿਰੋਧੀ ਧਿਰ ਦੇ ਮੈਂਬਰਾਂ ਨੇ ਉਨ੍ਹਾਂ ਦੀ ਇਸ ਬੇਨਤੀ ਵੱਲ ਧਿਆਨ ਨਹੀਂ ਦਿੱਤਾ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ। ਸਿਫ਼ਰ ਕਾਲ ਸ਼ੁਰੂ ਕਰਨ ਦੌਰਾਨ ਵੀ ਪ੍ਰਦਰਸ਼ਨ ਜਾਰੀ ਰਿਹਾ। ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਪੋਸਟਰ ਫੜ ਕੇ ਸਦਨ ਦੇ ਐਨ ਵਿਚਾਲੇ ਆ ਗਈ। ਉੱਧਰ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂਆਂ ਨਾਲ ਗੱਲਬਾਤ ਕੀਤੀ ਸੀ ਤੇ ਉਹ ਰਾਸ਼ਟਰਪਤੀ ਦੇ ਭਾਸ਼ਣ ਸਬੰਧੀ ਧੰਨਵਾਦ ਮਤੇ ’ਤੇ ਚਰਚਾ ਕਰਵਾਉਣ ਲਈ ਤਿਆਰ ਹੋ ਗਏ ਸਨ ਪਰ ਹੁਣ ਉਨ੍ਹਾਂ ਨੇ ਰੁਖ਼ ਬਦਲ ਲਿਆ ਹੈ ਅਤੇ ਇਹ ਰਾਸ਼ਟਰਪਤੀ ਦਾ ਅਪਮਾਨ ਹੈ। ਇਸ ਦੌਰਾਨ ਕਾਂਗਰਸ, ਡੀਐੱਮਕੇ, ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 20 ਤੋਂ ਵੱਧ ਮੈਂਬਰ ਸਦਨ ਦੇ ਐਨ ਵਿਚਾਲੇ ਪ੍ਰਦਰਸ਼ਨ ਕਰ ਰਹੇ ਸਨ।
ਇਸੇ ਦੌਰਾਨ ਰਾਜ ਸਭਾ ਵਿੱਚ ਵੀ ਕਾਂਗਰਸ ਤੇ ਡੀਐੱਮਕੇ ਸਣੇ ਕਈ ਵਿਰੋਧੀ ਪਾਰਟੀਆਂ ਵੱਲੋਂ ਅੱਜ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਵਿਰੋਧੀ ਪਾਰਟੀਆਂ ਦਾ ਕਹਿਣਾ ਸੀ ਕਿ ਸਰਕਾਰ ਇਸ ਮੁੱਦੇ ਨੂੰ ਵੱਕਾਰ ਦਾ ਮੁੱਦਾ ਨਾ ਬਣਾਏ ਅਤੇ ਕਿਸਾਨਾਂ ਨਾਲ ਦੁਸ਼ਮਣਾਂ ਵਰਗਾ ਵਿਵਹਾਰ ਨਾ ਕਰੇ। ਰਾਸ਼ਟਰਪਤੀ ਦੇ ਭਾਸ਼ਣ ਸਬੰਧੀ ਧੰਨਵਾਦੀ ਮਤੇ ’ਤੇ ਚਰਚਾ ਦੌਰਾਨ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਮਸ਼ਵਰਾ ਦਿੱਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ। ਇਸ ਵੇਲੇ ਸ੍ਰੀ ਮੋਦੀ ਵੀ ਸਦਨ ’ਚ ਮੌਜੂਦ ਸਨ।