ਜੱਲ੍ਹਿਆਂਵਾਲਾ ਬਾਗ ਵਿੱਚ ਪ੍ਰਸ਼ਾਸਨ ਨੇ ਧਾਰਾ 144 ਲਾਈ

ਜੱਲ੍ਹਿਆਂਵਾਲਾ ਬਾਗ ਵਿੱਚ ਪ੍ਰਸ਼ਾਸਨ ਨੇ ਧਾਰਾ 144 ਲਾਈ

ਅੰਮ੍ਰਿਤਸਰ : ਇਤਿਹਾਸਕ ਜੱਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਵਿਰੋਧ ਨੂੰ ਦੇਖਦਿਆਂ ਪੁਲੀਸ ਕਮਿਸ਼ਨਰੇਟ ਵੱਲੋਂ ਇੱਥੇ ਬਾਗ ਦੇ ਅੰਦਰ ਧਾਰਾ 144 ਲਾ ਦਿੱਤੀ ਗਈ ਹੈ, ਜਿਸ ਤਹਿਤ ਹੁਣ ਇੱਥੇ 5 ਤੋਂ ਵੱਧ ਵਿਅਕਤੀ ਇਕੱਠੇ ਹੋ ਕੇ ਰੋਸ ਵਿਖਾਵਾ ਜਾਂ ਰੈਲੀ ਆਦਿ ਨਹੀਂ ਕਰ ਸਕਣਗੇ। ਪੁਲੀਸ ਪ੍ਰਸ਼ਾਸਨ ਦੇ ਇਸ ਫੈ਼ਸਲੇ ਦਾ ਜਨਤਕ ਜਥੇਬੰਦੀਆਂ, ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਹੈ।
ਇਸ ਸਬੰਧੀ ਹੁਕਮ ਪੁਲੀਸ ਦੇ ਕਾਰਜਕਾਰੀ ਮੈਜਿਸਟਰੇਟ ਤੇ ਡਿਪਟੀ ਕਮਿਸ਼ਨਰ ਪਰਮਿੰਦਰ ਸਿੰਘ ਭੰਡਾਲ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿੱਚ ਜੱਲ੍ਹਿਆਂਵਾਲੇ ਬਾਗ ਦੇ ਨਵੀਨੀਕਰਨ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਰੋਸ ਧਰਨੇ, ਰੈਲੀਆਂ ਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ। ਇਸ ਲਈ 144 ਤਹਿਤ ਜੱਲ੍ਹਿਆਂਵਾਲੇ ਬਾਗ ਦੀ ਹਦੂਦ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਗਿਆ ਹੈ, ਜੋ 6 ਨਵੰਬਰ ਤੱਕ ਲਾਗੂ ਰਹੇਗਾ। ਇਸ ਸਬੰਧੀ ਗੱਲ ਕਰਦਿਆਂ ਬਾਗ ਯਾਦਗਾਰ ਟਰੱਸਟ ਦੇ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੁਖੀ ਤਰਲੋਚਨ ਸਿੰਘ ਨੇ ਕਿਹਾ ਕਿ ਇਸ ਫੈ਼ਸਲੇ ਦਾ ਕੇਂਦਰ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ। ਅਮਨ ਕਾਨੂੰਨ ਦੀ ਸਥਿਤੀ ਬਾਰੇ ਕੋਈ ਫ਼ੈਸਲਾ ਲੈਣ ਦਾ ਹੱਕ ਸੂਬਾ ਸਰਕਾਰ ਜਾ ਜ਼ਿਲ੍ਹਾ ਪ੍ਰਸ਼ਾਸਨ ਕੋਲ ਹੈ। ਉਨ੍ਹਾਂ ਜੱਲ੍ਹਿਆਂਵਾਲਾ ਬਾਗ ਦੀ ਹਦੂਦ ਅੰਦਰ ਧਾਰਾ 144 ਲਾਉਣ ਸਬੰਧੀ ਫੈ਼ਸਲੇ ’ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ।