ਸੰਘਰਸ਼ ਮਘਾਉਣ ਲਈ ਇੱਕ ਰੋਜ਼ਾ ਭੁੱਖ ਹੜਤਾਲ

ਸੰਘਰਸ਼ ਮਘਾਉਣ ਲਈ ਇੱਕ ਰੋਜ਼ਾ ਭੁੱਖ ਹੜਤਾਲ

ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਦਿੱਲੀ ਦੇ ਸਿੰਘੂ, ਟਿਕਰੀ, ਗਾਜ਼ੀਪੁਰ ਅਤੇ ਪਲਵਲ ਬਾਰਡਰ ਸਮੇਤ ਹੋਰ ਥਾਵਾਂ ’ਤੇ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਅੱਜ ਇਕ ਰੋਜ਼ਾ ਭੁੱਖ ਹੜਤਾਲ ਕੀਤੀ। ਕੇਂਦਰ ਸਰਕਾਰ ਉਪਰ ਦਬਾਅ ਪਾਉਣ ਲਈ ਪੰਜਾਬ ਦੀਆਂ 32 ਅਤੇ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਹ ਭੁੱਖ ਹੜਤਾਲ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਕੀਤੀ ਗਈ। ਸਿੰਘੂ ਬਾਰਡਰ ’ਤੇ ਮੋਰਚੇ ਦੀ ਸਫ਼ਲਤਾ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਦੇ ਨਾਲ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਵਰਤ ਤੋੜਿਆ ਗਿਆ। ਇਸ ਦੌਰਾਨ ਸਿੰਘੂ ਬਾਰਡਰ ‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਹਿ’ ਦੇ ਜੈਕਾਰਿਆਂ ਨਾਲ ਗੂੰਜ ਪਿਆ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਲੋਕਤੰਤਰੀ ਢੰਗ ਨਾਲ ਨਿੱਗਰ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ। ਮੁੱਖ ਬੁਲਾਰਿਆਂ ਦੀ ਸੁਰ ਮੋਦੀ ਸਰਕਾਰ ਖ਼ਿਲਾਫ਼ ਤਿੱਖੀ ਰਹੀ ਅਤੇ ਇਹ ਇਰਾਦਾ ਜ਼ਾਹਰ ਕਰ ਦਿੱਤਾ ਕਿ ਕਿਸਾਨ ਝੁਕਣ ਵਾਲੇ ਨਹੀਂ ਹਨ। ਮੁਲਕ ਦੇ ਕਈ ਹੋਰ ਹਿੱਸਿਆਂ ’ਚ ਵੀ ਕਿਸਾਨਾਂ ਨੇ ਭੁੱਖ ਹੜਤਾਲ ਕਰਕੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਨੌਜਵਾਨ ਸੁਚੇਤ ਰਹਿਣ ਅਤੇ ਉਹ ਬੋਲਣ ਸਮੇਂ ਕਿਸਾਨੀ ਮੁੱਦਿਆਂ ’ਤੇ ਹੀ ਧਿਆਨ ਕੇਂਦਰਤ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਜ਼ਮੀਨਾਂ ਕਿਸੇ ਵੀ ਕੀਮਤ ’ਤੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਨਹੀਂ ਜਾਣ ਦੇਣਗੇ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦਾ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਬਾਕੀ ਸਫਾ ਅੰਦੋਲਨ ਤੋਂ ਬੁਖਲਾ ਚੁੱਕੀ ਹੈ ਅਤੇ ਅੰਦੋਲਨ ਨੂੰ ਬਦਨਾਮ ਕਰਨ ਲਈ ਕੋਝੀਆਂ ਹਰਕਤਾਂ ਕਰ ਰਹੀ ਹੈ ਜਿਸ ਕਾਰਨ ਉਹ ਅੰਦੋਲਨ ਨੂੰ ਕਦੇ ਖਾਲਿਸਤਾਨੀ ਅਤੇ ਕਦੇ ਨਕਸਲੀ ਅੰਦੋਲਨ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਸਾਰੇ ਭਾਰਤੀ ਕਿਸਾਨਾਂ ਦਾ ਹੈ ਜੋ ਹੁਣ ਲੋਕ ਅੰਦੋਲਨ ਬਣ ਚੁੱਕਾ ਹੈ। ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਜੀਰਾ ਨੇ ਕਿਸਾਨਾਂ ਨੂੰ ਹੌਸਲੇ ਨਾਲ ਲੰਬੀ ਲੜਾਈ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਲਾਗੂ ਕਰਨ ਲਈ ਕਿਸਾਨਾਂ ਨੂੰ ਅੜੇ ਹੋਏ ਆਖ ਕੇ ਅਸਲ ਮੁੱਦਾ ਛੁਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਸੰਵਿਧਾਨਕ ਉਲੰਘਣਾ ਕਰਕੇ ਰਾਜ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਦਖ਼ਲ ਦਿੱਤਾ ਹੈ ਅਤੇ ਰਾਜ ਸਭਾ ਵਿੱਚ ਬਹਿਸ ਤੱਕ ਨਹੀਂ ਕਰਵਾਈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਇਸੇ ਕਰਕੇ ਆਪਣੀਆਂ ਮੰਗਾਂ ਲਈ ਬਜ਼ਿੱਦ ਹਨ ਪਰ ਹਕੀਕਤ ਵਿੱਚ ਅੜੀਅਲ ਰਵੱਈਆ ਕੇਂਦਰ ਦਾ ਹੈ ਕਿਉਂਕਿ ਉਹ ਗਲਤ ਤਰੀਕੇ ਨਾਲ ਲਾਗੂ ਕੀਤਾ ਕਾਨੂੰਨ ਰੱਦ ਨਹੀਂ ਕਰ ਰਹੀ।