ਭਾਰਤ ਨੇ ਪਾਕਿਸਤਾਨ ਨੂੰ ਮਸੂਦ ਅਜ਼ਹਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ

ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਭਾਰਤ ਨੇ ਅੱਜ ਪਾਕਿਸਤਾਨ ਨੂੰ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ। ਖ਼ਬਰ ਆਈ ਸੀ ਕਿ ਅਜ਼ਹਰ ਨੇ ਹਾਲ ਹੀ ਵਿੱਚ ਬਹਾਵਲਪੁਰ ਵਿੱਚ ਇੱਕ ਰੈਲੀ ਵਿੱਚ ਭਾਸ਼ਣ ਦਿੱਤਾ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਜੇਕਰ ਖਬਰ ਸੱਚੀ ਹੈ ਤਾਂ ਇਸ ਤੋਂ ਅਤਿਵਾਦੀ ਗਤੀਵਿਧੀਆਂ ਨੂੰ ਰੋਕਣ ਸਬੰਧੀ ਪਾਕਿਸਤਾਨ ਦੇ ‘ਦੋਹਰੇ ਮਾਪਦੰਡ’ ਅਪਣਾਉਣ ਦਾ ਪਰਦਾਫਾਸ਼ ਹੋ ਗਿਆ ਹੈ। ਜੈਸਵਾਲ ਨੇ ਕਿਹਾ, ‘‘’ਅਸੀਂ ਅਪੀਲ ਕਰਦੇ ਹਾਂ ਕਿ ਉਸ (ਅਜ਼ਹਰ) ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇ। ਇਸ ਗੱਲ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਕਿ ਉਹ ਪਾਕਿਸਤਾਨ ਵਿੱਚ ਨਹੀਂ ਹੈ।’’ ਉਨ੍ਹਾਂ ਕਿਹਾ, ‘‘’ਜੇਕਰ ਖ਼ਬਰ ਸਹੀ ਹੈ ਤਾਂ ਇਹ ਪਾਕਿਸਤਾਨ ਦੇ ਦੋਹਰੇ ਮਾਪਦੰਡਾਂ ਨੂੰ ਬੇਨਕਾਬ ਕਰਦੀ ਹੈ। ਮਸੂਦ ਅਜ਼ਹਰ ਭਾਰਤ ’ਤੇ ਸਰਹੱਦ ਪਾਰ ਅਤਿਵਾਦੀ ਹਮਲਿਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।’’ ਜੈਸਵਾਲ ਨੇ ਹਫਤਾਵਾਰੀ ਪ੍ਰੈਸ ਕਾਨਫਰੰਸ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਇਹ ਟਿੱਪਣੀ ਕੀਤੀ।