ਨਾਰਵੇ, ਆਇਰਲੈਂਡ ਤੇ ਸਪੇਨ ਵੱਲੋਂ ਫਲਸਤੀਨ ਨੂੰ ਵੱਖਰੇ ਦੇਸ਼ ਵਜੋਂ ਮਾਨਤਾ ਦੇਣ ਦਾ ਐਲਾਨ

ਨਾਰਵੇ, ਆਇਰਲੈਂਡ ਤੇ ਸਪੇਨ ਵੱਲੋਂ ਫਲਸਤੀਨ ਨੂੰ ਵੱਖਰੇ ਦੇਸ਼ ਵਜੋਂ ਮਾਨਤਾ ਦੇਣ ਦਾ ਐਲਾਨ

ਨਾਰਵੇ, ਆਇਰਲੈਂਡ ਤੇ ਸਪੇਨ ਵੱਲੋਂ ਫਲਸਤੀਨ ਨੂੰ ਵੱਖਰੇ ਦੇਸ਼ ਵਜੋਂ ਮਾਨਤਾ ਦੇਣ ਦਾ ਐਲਾਨ
ਤਲ ਅਵੀਵ(ਇੰਡੋ ਕਨੇਡੀਅਨ ਟਾਇਮਜ਼)-ਨਾਰਵੇ, ਆਇਰਲੈਂਡ ਤੇ ਸਪੇਨ ਨੇ ਇਕ ਇਤਿਹਾਸਕ ਪੇਸ਼ਕਦਮੀ ਤਹਿਤ ਫਲਸਤੀਨ ਨੂੰ ਵੱਖਰੇ ਮੁਲਕ ਵਜੋਂ ਮਾਨਤਾ ਦੇਣ ਦਾ ਫੈਸਲਾ ਕੀਤਾ ਹੈ। ਯੂਰੋਪੀ ਮੁਲਕਾਂ ਨੇ ਇਹ ਐਲਾਨ ਅਜਿਹੇ ਮੌਕੇ ਕੀਤਾ ਹੈ ਜਦੋਂ ਕੌਮਾਂਤਰੀ ਅਪਰਾਧਿਕ ਕੋਰਟ (ਆਈਸੀਸੀ) ਦੇ ਮੁੱਖ ਵਕੀਲ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਤੇ ਉਨ੍ਹਾਂ ਦੇ ਰੱਖਿਆ ਮੰਤਰੀ ਖਿਲਾਫ਼ ਗ੍ਰਿਫ਼ਤਾਰੀ ਵਾਰੰਟਾਂ ਦੀ ਮੰਗ ਕਰ ਰਹੇ ਹਨ ਤੇ ਕੌਮਾਂਤਰੀ ਨਿਆਂ ਅਦਾਲਤ (ਆਈਸੀਜੇ) ਨਸਲਕੁਸ਼ੀ ਦੇ ਦੋਸ਼ ਲਾਉਣ ਬਾਰੇ ਗੌਰ ਕਰ ਰਹੀ ਹੈ। ਉਧਰ ਫਲਸਤੀਨੀਆਂ ਨੇ ਫੈਸਲੇ ਦਾ ਸਵਾਗਤ ਕੀਤਾ ਹੈ, ਜੋ ਦਹਾਕਿਆਂ ਤੋਂ ਪੂਰਬੀ ਯੇਰੂਸ਼ਲਮ, ਪੱਛਮੀ ਕੰਢੇ ਤੇ ਗਾਜ਼ਾ ਪੱਟੀ ਵਿਚ ਰਾਜ ਦੇ ਦਰਜੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਇਜ਼ਰਾਈਲ ਨੇ 1967 ਦੀ ਮੱਧ ਪੂਰਬ ਜੰਗ ਦੌਰਾਨ ਇਹ ਇਲਾਕੇ ਆਪਣੇ ਕਬਜ਼ੇ ਵਿਚ ਲੈ ਲਏ ਸਨ ਤੇ ਅੱਜ ਵੀ ਇਨ੍ਹਾਂ ’ਤੇ ਉਸ ਦਾ ਕੰਟਰੋਲ ਹੈ। ਰਾਸ਼ਟਰਪਤੀ ਮਹਿਮੂਦ ਅੱਬਾਸ, ਜੋ ਇਜ਼ਰਾਈਲ ਦੇ ਕਬਜ਼ੇ ਵਾਲੇ ਪੱਛਮੀ ਕੰਢੇ ਦੇ ਕੁਝ ਹਿੱਸਿਆਂ ਦਾ ਪ੍ਰਬੰਧ ਦੇਖਦੀ ਫਲਸਤੀਨੀ ਅਥਾਰਿਟੀ ਦੇ ਆਗੂ ਵੀ ਹਨ, ਨੇ ਵੀ ਫੈਸਲੇ ਦਾ ਸਵਾਗਤ ਕੀਤਾ ਹੈ। ਦਹਿਸ਼ਤੀ ਜਥੇਬੰਦੀ ਹਮਾਸ ਨੇ ਫੈਸਲੇ ਨੂੰ ‘ਜੀ ਆਇਆਂ’ ਆਖਦਿਆਂ ਹੋਰਨਾਂ ਮੁਲਕਾਂ ਨੂੰ ਸੱਦਾ ਦਿੱਤਾ ਕਿ ਉਹ ਵੀ ਅੱਗੇ ਆਉਣ ਤੇ ਆਜ਼ਾਦੀ ਲਈ ਵਿੱਢੇ ਸੰਘਰਸ਼ ਦੀ ਹਮਾਇਤ ਕਰਨ।
                                                                                                                                ਨਾਰਵੇ, ਆਇਰਲੈਂਡ ਤੇ ਸਪੇਨ ਵੱਲੋਂ 28 ਮਈ ਨੂੰ ਰਸਮੀ ਮਾਨਤਾ ਦੇਣ ਮਗਰੋਂ ਇਹ ਤਿੰਨੋਂ ਯੂਰੋਪੀ ਮੁਲਕ ਉਨ੍ਹਾਂ 140 ਦੇਸ਼ਾਂ ਵਿਚ ਸ਼ਾਮਲ ਹੋ ਜਾਣਗੇ, ਜੋ ਪਿਛਲੇ ਸਾਲਾਂ ਦੌਰਾਨ ਫਲਸਤੀਨ ਨੂੰ ਵੱਖਰੇ ਰਾਜ ਵਜੋਂ ਮਾਨਤਾ ਦੇ ਚੁੱਕੇ ਹਨ। ਅਮਰੀਕਾ ਤੇ ਬ੍ਰਿਟੇਨ ਸਣੇ ਹੋਰਨਾਂ ਨੇ ਇਜ਼ਰਾਈਲ ਦੇ ਨਾਲ ਇਕ ਸੁਤੰਤਰ ਫ਼ਲਸਤੀਨ ਰਾਜ ਦੇ ਵਿਚਾਰ ਦੀ ਹਮਾਇਤ ਕੀਤੀ ਸੀ, ਪਰ ਨਾਲ ਹੀ ਸਾਫ਼ ਕਰ ਦਿੱਤਾ ਸੀ ਕਿ ਇਹ ਗੱਲਬਾਤ ਜ਼ਰੀਏ ਹੋਣ ਵਾਲੇ ਸਮਝੌਤੇ ਤਹਿਤ ਹੀ ਸੰਭਵ ਹੈ।
                              ਨਾਰਵੇ ਦੇ ਪ੍ਰਧਾਨ ਮੰਤਰੀ ਜੋਨਸ ਗਾਹਰ ਸਟੋਰ ਨੇ ਸਭ ਤੋਂ ਪਹਿਲਾਂ ਮਾਨਤਾ ਦੇਣ ਦੇ ਫੈਸਲੇ ਦਾ ਐਲਾਨ ਕਰਦਿਆਂ ਕਿਹਾ, ‘‘ਫਲਸਤੀਨ ਨੂੰ ਵੱਖਰੇ ਰਾਜ ਵਜੋਂ ਮਾਨਤਾ ਦਿੱਤੇ ਬਿਨਾਂ ਮੱਧ ਪੂੁਰਬ ਵਿਚ ਸ਼ਾਂਤੀ ਨਹੀਂ ਹੋ ਸਕਦੀ।’’ ਆਇਰਲੈਂਡ ਦੇ ਪ੍ਰਧਾਨ ਮੰਤਰੀ ਸਿਮੋਨ ਹੈਰਿਸ ਨੇ ਇਸ ਨੂੰ ‘ਆਇਰਲੈਂਡ ਤੇ ਫਲਸਤੀਨ ਲਈ ਇਤਿਹਾਸਕ ਤੇ ਅਹਿਮ ਦਿਨ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਐਲਾਨ ਮਿਲ ਬੈਠ ਕੇ ਕੀਤੀ ਵਿਚਾਰ ਚਰਚਾ ਤੋਂ ਬਾਅਦ ਹੀ ਕੀਤਾ ਗਿਆ ਹੈ ਤੇ ਅਗਲੇ ਦਿਨਾਂ ਵਿਚ ਹੋਰ ਮੁਲਕ ਵੀ ਅਜਿਹਾ ਐਲਾਨ ਕਰ ਸਕਦੇ ਹਨ। ਸਪੈਨਿਸ਼ ਪ੍ਰਧਾਨ ਮੰਤਰੀ ਪੈਡਰੋ ਸਾਂਚੇਜ਼, ਜਿਨ੍ਹਾਂ ਦੇਸ਼ ਦੀ ਸੰਸਦ ਵਿਚ ਫੈਸਲੇ ਦਾ ਐਲਾਨ ਕੀਤਾ, ਨੇ ਪਿਛਲੇ ਕੁਝ ਮਹੀਨਿਆਂ ਵਿਚ ਯੂਰੋਪ ਤੇ ਮੱਧ ਪੂੁਰਬ ਦੇ ਮੁਲਕਾਂ ਦੀ ਫੇਰੀ ਦੌਰਾਨ ਮਾਨਤਾ ਲਈ ਵੱਡੀ ਹਮਾਇਤ ਜੁਟਾਈ ਹੈ। ਸਾਂਚੇਜ਼ ਨੇ ਕਿਹਾ, ‘‘ਇਹ ਮਾਨਤਾ ਕਿਸੇ ਦੇ ਖਿਲਾਫ਼ ਨਹੀਂ ਹੈ, ਇਹ ਇਜ਼ਰਾਇਲੀ ਲੋਕਾਂ ਦੇ ਖਿਲਾਫ਼ ਨਹੀਂ ਹੈ। ਇਹ ਸ਼ਾਂਤੀ, ਨਿਆਂ ਅਤੇ ਨੈਤਿਕ ਇਕਸਾਰਤਾ ਦੇ ਪੱਖ ਵਿੱਚ ਕੀਤਾ ਕੰਮ ਹੈ।’’ ਉਨ੍ਹਾਂ ਕਿਹਾ ਕਿ ਨੇਤਨਯਾਹੂ ਕੋਲ ‘ਸ਼ਾਂਤੀ ਲਈ ਕੋਈ ਪ੍ਰਾਜੈਕਟ ਨਹੀਂ ਹੈ’, ਉਂਜ ਸਪੈਨਿਸ਼ ਪ੍ਰਧਾਨ ਮੰਤਰੀ ਨੇ ‘ਦਹਿਸ਼ਤੀ ਸਮੂਹ ਹਮਾਸ ਖਿਲਾਫ਼ ਲੜਾਈ ਨੂੰ ਕਾਨੂੰਨੀ ਤੌਰ ’ਤੇ ਵੈਧ’ ਦੱਸਿਆ। 

sant sagar