ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

ਗੁਰਮੀਤ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ
ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇਥੇ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਪੰਜਾਬ ਰਾਜ ਭਵਨ ਵਿੱਚ ਬਤੌਰ ਕੈਬਨਿਟ ਮੰਤਰੀ ਭੇਤ ਗੁਪਤ ਰੱਖਣ ਦੀ ਸਹੁੰ ਚੁਕਵਾਈ। ਜ਼ਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤੇ ਜਾਣ ਮਗਰੋਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰ ਲਿਆ ਹੈ।
ਇਸ ਤਰ੍ਹਾਂ ‘ਆਪ’ ਸਰਕਾਰ ਨੇ ਪੰਜਾਬ ਵਿੱਚ ਆਪਣੇ ਸਾਢੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਤੀਜੀ ਵਾਰ ਮੰਤਰੀ ਮੰਡਲ ਵਿੱਚ ਵਾਧਾ ਕੀਤਾ ਹੈ, ਜਿਸ ਨਾਲ ਮੰਤਰੀ ਮੰਡਲ ’ਚ ਮੰਤਰੀਆਂ ਦੀ ਗਿਣਤੀ ਵਧ ਕੇ 16 ਹੋ ਗਈ ਹੈ, ਜਦਕਿ ਹਾਲੇ ਵੀ ਦੋ ਕੁਰਸੀਆਂ ਖਾਲੀ ਹਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਅਤੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਅਤੇ ਪਾਰਲੀਮਾਨੀ ਮਾਮਲਿਆਂ ਬਾਰੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਭਾਗਾਂ ਵਿੱਚ ਵਾਧਾ ਕਰਦਿਆਂ ਜਲ ਸਰੋਤ, ਮਾਈਨਿੰਗ, ਵਿਗਿਆਨ, ਤਕਨੀਕ ਤੇ ਵਾਤਾਵਰਨ, ਖੇਡਾਂ ਤੇ ਯੂਥ ਭਲਾਈ ਦੇ ਨਾਲ ਉਨ੍ਹਾਂ ਨੂੰ ਭੂਮੀ ਤੇ ਜਲ ਸੰਭਾਲ ਵਿਭਾਗ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ। ਦੂਜੇ ਪਾਸੇ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਐੱਨਆਰਈ ਮਾਮਲੇ ਤੇ ਪ੍ਰਬੰਧਕੀ ਸੁਧਾਰ ਵਿਭਾਗ ਦੇ ਕੇ ਉਨ੍ਹਾਂ ਕੋਲੋਂ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਾਪਸ ਲੈ ਲਏ ਹਨ। ਇਸੇ ਤਰ੍ਹਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਵਿਭਾਗ ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਦੀ ਜ਼ਿੰਮੇਵਾਰੀ ਦੇ ਕੇ ਉਨ੍ਹਾਂ ਕੋਲੋਂ ਪਸ਼ੂ ਪਾਲਣ, ਮੱਛੀ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਵਾਪਸ ਲੈ ਲਏ ਹਨ।
ਜ਼ਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ 16 ਮਾਰਚ 2022 ਨੂੰ ਖਟਕੜ ਕਲਾਂ ਵਿੱਚ ਸਹੁੰ ਚੁੱਕੀ। ਉਸ ਮਗਰੋਂ 19 ਮਾਰਚ 2022 ਨੂੰ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਤੇ ਹਰਜੋਤ ਸਿੰਘ ਬੈਂਸ ਨੂੰ ਸ਼ਾਮਲ ਕਰਕੇ ਮੰਤਰੀ ਮੰਡਲ ਸਥਾਪਤ ਕੀਤਾ। ਇਸ ਤੋਂ ਬਾਅਦ 4 ਜੁਲਾਈ 2022 ਨੂੰ ਕੈਬਨਿਟ ਵਿੱਚ ਪਹਿਲਾ ਵਾਧਾ ਕਰਦਿਆਂ ਡਾ. ਇੰਦਰਬੀਰ ਨਿੱਜਰ, ਅਮਨ ਅਰੋੜਾ, ਚੇਤਨ ਜੌੜੇਮਾਜਰਾ ਅਤੇ ਅਨਮੋਲ ਗਗਨ ਮਾਨ ਨੂੰ ਸ਼ਾਮਲ ਕੀਤਾ ਗਿਆ। ਇਸ ਤੋਂ ਬਾਅਦ ਪਾਰਟੀ ਨੇ ਸਿਹਤ ਮੰਤਰੀ ਦੇ ਅਹੁਦੇ ’ਤੇ ਤਾਇਨਾਤ ਡਾ. ਵਿਜੈ ਸਿੰਗਲਾ ਨੂੰ ਕੈਬਨਿਟ ’ਚੋਂ ਬਾਹਰ ਕਰ ਦਿੱਤਾ। 7 ਜਨਵਰੀ 2023 ਨੂੰ ਫੌਜਾ ਸਿੰਘ ਸਰਾਰੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ’ਤੇ ਡਾ. ਬਲਬੀਰ ਸਿੰਘ ਨੂੰ ਮੰਤਰੀ ਮੰਡਲ ’ਚ ਸ਼ਾਮਲ ਕਰਦਿਆਂ ਦੂਜਾ ਵਾਧਾ ਹੋਇਆ।

ad