ਪਹਿਲਵਾਨ 15 ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ
ਨਵੀਂ ਦਿੱਲੀ-ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲਣ ਮਗਰੋਂ ਜਿਨਸੀ ਸੋਸ਼ਣ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵਿੱਢਿਆ ਸੰਘਰਸ਼ 15 ਜੂਨ ਤੱਕ ਮੁਲਤਵੀ ਕਰਨ ਲਈ ਸਹਿਮਤ ਹੋ ਗਏ ਹਨ। ਸਰਕਾਰ ਨੇ ਪਹਿਲਵਾਨਾਂ ਨੂੰ ਯਕੀਨ ਦਿਵਾਇਆ ਕਿ ਦਿੱਲੀ ਪੁਲੀਸ ਸਿੰਘ ਖਿਲਾਫ਼ ਵਿੱਢੀ ਜਾਂਚ 15 ਜੂਨ ਤੱਕ ਮੁਕੰਮਲ ਕਰ ਲਏਗੀ ਤੇ ਉਦੋਂ ਤੱਕ ਉਡੀਕ ਕੀਤੀ ਜਾਵੇ। ਪਹਿਲਵਾਨਾਂ ਨੇ ਖੇਡ ਮੰਤਰੀ ਨਾਲ ਪੰਜ ਘੰਟੇ ਦੇ ਕਰੀਬ ਚੱਲੀ ਬੈਠਕ ਮਗਰੋਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਖਿਲਾਫ਼ ਦਰਜ ਕੇਸ ਵਾਪਸ ਲੈਣ ਦਾ ਵੀ ਭਰੋਸਾ ਦਿੱਤਾ ਹੈ। ਚੇਤੇ ਰਹੇ ਕਿ 28 ਮਈ ਨੂੰ ਨਵੇਂ ਸੰਸਦ ਭਵਨ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਦੀ ਪੁਲੀਸ ਨਾਲ ਝੜਪ ਹੋ ਗਈ ਸੀ। ਮਹਿਲਾ ਪਹਿਲਵਾਨਾਂ ਸਣੇ ਹੋਰਨਾਂ ਨੂੰ ਹਿਰਾਸਤ ’ਚ ਲੈਣ ਮਗਰੋਂ ਭਾਵੇਂ ਛੱਡ ਦਿੱਤਾ ਗਿਆ, ਪਰ ਦਿੱਲੀ ਪੁਲੀਸ ਨੇ ਪਹਿਲਵਾਨਾਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।
ਖੇਡ ਮੰਤਰੀ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਵਿੱਚ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਉਸ ਦਾ ਪਤੀ ਸੱਤਿਆਵਰਤ ਕਾਦਿਆਨ ਤੇ ਜੀਤੇਂਦਰ ਕਿਨਹਾ ਸ਼ਾਮਲ ਸਨ। ਵਿਸ਼ਵ ਚੈਂਪੀਅਨਸ਼ਿਪ ’ਚ ਦੋ ਤਗ਼ਮੇ ਜਿੱਤਣ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਗੈਰਹਾਜ਼ਰ ਰਹੀ।
ਖੇਡ ਮੰਤਰੀ ਅਨੁਰਾਗ ਠਾਕੁਰ ਨੇ ਬੈਠਕ ਉਪਰੰਤ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਦਾ ਅਮਲ 30 ਜੂਨ ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਹੁਦਾ ਛੱਡਰਹੇ ਡਬਲਿਊਐੱਫਆਈ ਮੁਖੀ ਬ੍ਰਿਜ ਭੂਸ਼ਣ ਖਿਲਾਫ਼ ਜਿਨਸੀ ਸ਼ੋਸ਼ਣ ਮਾਮਲੇ ਵਿਚ ਚਾਰਜਸ਼ੀਟ 15 ਜੂਨ ਤੱਕ ਦਾਖਲ ਕੀਤੀ ਜਾਵੇਗੀ। ਠਾਕੁਰ ਨੇ ਸਰਕਾਰ ਵੱਲੋਂ ਪਹਿਲਵਾਨਾਂ ਦੀਆਂ ਸਾਰੀਆਂ ਮੰਗਾਂ ਮੰਨੇ ਜਾਣ ਦੇ ਹਵਾਲੇ ਨਾਲ ਕਿਹਾ ਕਿ ਕੁਸ਼ਤੀ ਫੈਡਰੇਸ਼ਨ ਵਿੱਚ ਇਕ ਮਹਿਲਾ ਦੀ ਅਗਵਾਈ ਵਿੱਚ ਅੰਦਰੂਨੀ ਸ਼ਿਕਾਇਤ ਕਮੇਟੀ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਵਾਨਾਂ ਨੇ ਵੱਖ ਵੱਖ ਅਕਾਦਮੀਸ਼ਨਾਂ ਤੇ ਖਿਡਾਰੀਆਂ ਖਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਸਿੰਘ ਤੇ ਉਸ ਦੇ ਸਹਾਇਕਾਂ ਨੂੰ ਚੋਣ ਅਮਲ ਤੋਂ ਦੂਰ ਰੱਖਣ ਦੀ ਮੰਗ ਕੀਤੀ ਸੀ। ਖੇਡ ਮੰਤਰੀ ਨੇ ਕਿਹਾ, ‘‘ਇਨ੍ਹਾਂ ਸਾਰੇ ਮਸਲਿਆਂ ’ਤੇ ਸਰਬਸੰਮਤੀ ਨਾਲ ਸਹਿਮਤੀ ਬਣ ਗਈ ਹੈ।’’ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਬਾਰੇ ਪੁੱਛਣ ’ਤੇ ਠਾਕੁਰ ਨੇ ਕਿਹਾ ਕਿ ਕੇਸ ਦੀ ਜਾਂਚ ਜਲਦੀ ਪੂਰੀ ਹੋ ਜਾਵੇਗੀ ਤੇ 15 ਜੂਨ ਤਕ ਚਾਰਜਸ਼ੀਟ ਦਾਖ਼ਲ ਕੀਤੀ ਜਾਵੇਗੀ। ਪ੍ਰਦਰਸ਼ਨਕਾਰੀ ਪਹਿਲਵਾਨਾਂ ਤੇ ਸਰਕਾਰ ਵਿਚਾਲੇ ਪਿਛਲੇ ਪੰਜ ਦਿਨਾਂ ’ਚ ਇਹ ਦੂਜੀ ਮੀਟਿੰਗ ਹੈ। ਇਸ ਤੋਂ ਪਹਿਲਾਂ ਪਹਿਲਵਾਨਾਂ ਨੇ ਸ਼ਨਿੱਚਰਵਾਰ ਰਾਤ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ ਸੀ। ਇਸ ਦੌਰਾਨ ਦਰੋਣਾਚਾਰੀਆ ਪੁਰਸਕਾਰ ਜੇਤੂ ਕੋਚ ਮਹਾਵੀਰ ਸਿੰਘ ਫੋਗਾਟ ਨੇ ਕੇਂਦਰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਸੰਵਾਦ ਦਾ ਰਾਹ ਖੋਲ੍ਹਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਇਸ ਮਸਲੇ ਦਾ ਨਿਰਪੱਖ ਹੱਲ ਨਿਕਲੇ।

ad