ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਲ ਹੀ ’ਚ ਨਿਯੁਕਤ ਕੀਤੇ ਗਏ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ। ਇਸ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਲਿਆਂਦੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਮੰਦਭਾਗਾ ਆਖਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਵਜੋਂ ਗਿਆਨੀ ਰਘਬੀਰ ਸਿੰਘ ਦੇ ਨਾਂਅ ਦਾ ਰਸਮੀ ਐਲਾਨ ਕੀਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਅੰਤ੍ਰਿੰਗ ਕਮੇਟੀ ਦੇ ਇਸ ਫੈਸਲੇ ਵਾਲਾ ਮਤਾ ਪੜ੍ਹਿਆ। ਉਨ੍ਹਾਂ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਦੇ ਜਥੇਦਾਰ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਨਾਮਜ਼ਦ ਕੀਤੇ ਜਾਣ ਦੇ ਫੈਸਲੇ ਬਾਰੇ ਦੱਸਿਆ। ਇਸ ਮੌਕੇ ਗੁਰਬਾਣੀ ਦੇ ਕੀਰਤਨ ਤੇ ਅਰਦਾਸ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਪਹਿਲੀ ਦਸਤਾਰ ਨਵ-ਨਿਯੁਕਤ ਜਥੇਦਾਰ ਗਿਆਨੀ ਅਮਰਜੀਤ ਸਿੰਘ ਨੇ ਭੇਟ ਕੀਤੀ। ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਨੇ ਦਸਤਾਰ ਭੇਟ ਕਰਕੇ ਬਤੌਰ ਜਥੇਦਾਰ ਮਾਨਤਾ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਸੇਵਾਵਾਂ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਲਈ ਚੁਣੌਤੀਆਂ ਭਰਿਆ ਸਮਾਂ ਹੈ ਅਤੇ ਉਹ ਆਸ ਕਰਦੇ ਹਨ ਕਿ ਨਵ-ਨਿਯੁਕਤ ਜਥੇਦਾਰ ਸਮੁੱਚੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਕੌਮ ਦੀ ਯੋਗ ਅਗਵਾਈ ਕਰਨਗੇ। ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਲਿਆਂਦਾ ਗਿਆ ਸਿੱਖ ਗੁਰਦੁਆਰਾ ਸੋਧ ਬਿੱਲ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸ਼ੁਰੂ ਕਰਨ ਬਾਰੇ ਆਦੇਸ਼ ਕੀਤਾ ਹੋਇਆ ਸੀ ਅਤੇ ਸਰਕਾਰ ਨੂੰ ਇਸ ਮਾਮਲੇ ਵਿੱਚ ਉਡੀਕ ਕਰਨੀ ਚਾਹੀਦੀ ਸੀ । ਇਸ ਸਬੰਧੀ ਸ੍ਰੀ ਅਕਾਲ ਤਖਤ ਵੱਲੋਂ ਮੁੱਖ ਮੰਤਰੀ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਾ ਕਰਨ ਦੇ ਦਿੱਤੇ ਨਿਰਦੇਸ਼ ਨੂੰ ਅਣਦੇਖਿਆ ਕੀਤੇ ਜਾਣ ਸਬੰਧੀ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨਗੇ। ਉਨ੍ਹਾਂ ਸੰਗਤ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਅਪੀਲ ਕੀਤੀ। ਵਿਧਾਨ ਸਭਾ ਵਿੱਚ ਦਾਹੜੀ ਨੂੰ ਲੈ ਕੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਵੀ ਉਨ੍ਹਾਂ ਨੇ ਨਿੰਦਣਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਧੜਿਆਂ ਵਿੱਚ ਵੰਡੇ ਪੰਥ ਨੂੰ ਇਕਜੁੱਟ ਕਰਨ ਲਈ ਯਤਨ ਕਰਨਗੇ। ਉਨ੍ਹਾਂ ਬੰਦੀ ਸਿੰਘਾ ਦੀ ਰਿਹਾਈ ਦੀ ਮੰਗ ਵੀ ਦੁਹਰਾਈ। ਇਸੇ ਦੌਰਾਨ ਸੇਵਾ ਸੰਭਾਲਣ ਮਗਰੋਂ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਿਹੰਗ ਜਥੇਬੰਦੀ ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ, ਬੁੱਢਾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਤੇ ਬਾਬਾ ਜੱਸਾ ਸਿੰਘ, ਦਿੱਲੀ ਕਮੇਟੀ ਵੱਲੋਂ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਦਲਜੀਤ ਸਿੰਘ ਚੀਮਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਪਰਮਜੀਤ ਸਿੰਘ ਸਰਨਾ , ਚੀਫ ਖਾਲਸਾ ਦੀਵਾਨ ਵਲੋਂ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਸਮੇਤ ਸਾਬਕਾ ਜਥੇਦਾਰ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਟਕਸਾਲਾਂ, ਸੰਪ੍ਰਦਾਵਾਂ, ਕਾਰਸੇਵਾ ਵਾਲੇ ਮਹਾਂਪੁਰਸ਼ਾਂ, ਸਭਾ-ਸੁਸਾਇਟੀਆਂ, ਪੰਥਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਆਦਿ ਨੇ ਉਨ੍ਹਾਂ ਨੂੰ ਦਸਤਾਰਾਂ ਤੇ ਸਿਰੋਪਾਓ ਭੇਟ ਕੀਤੇ।

sant sagar