ਅੰਮ੍ਰਿਤਸਰ ਜੇਲ੍ਹ ’ਚੋਂ ਰਿਹਾਅ ਹੋਇਆ ਲਵਪ੍ਰੀਤ ਤੂਫਾਨ

ਅੰਮ੍ਰਿਤਸਰ ਜੇਲ੍ਹ ’ਚੋਂ ਰਿਹਾਅ ਹੋਇਆ ਲਵਪ੍ਰੀਤ ਤੂਫਾਨ

ਅੰਮ੍ਰਿਤਸਰ ਜੇਲ੍ਹ ’ਚੋਂ ਰਿਹਾਅ ਹੋਇਆ ਲਵਪ੍ਰੀਤ ਤੂਫਾਨ
ਅੰਮ੍ਰਿਤਸਰ-‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਮਗਰੋਂ ਅੱਜ ਸ਼ਾਮ ਸ਼ੁਕਰਾਨੇ ਵਜੋਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੁਲੀਸ ਨੇ ਇਕ ਨਿਰਦੋਸ਼ ਵਿਅਕਤੀ ਨੂੰ ਰਿਹਾਅ ਕੀਤਾ ਹੈ, ਜਿਸ ਨੂੰ ਗੈਰਕਾਨੂੰਨੀ ਢੰਗ ਨਾਲ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਪੁਲੀਸ ਉਸ ਦੇ ਉਨ੍ਹਾਂ ਸਾਥੀਆਂ ਖ਼ਿਲਾਫ਼ ਕਿਸ ਤਰ੍ਹਾਂ ਕਾਰਵਾਈ ਕਰ ਸਕਦੀ ਹੈ ਜੋ ਇੱਕ ਨਿਰਦੋਸ਼ ਨੂੰ ਛੁਡਾਉਣ ਵਾਸਤੇ ਆਏ ਸਨ ਜਦਕਿ ਪੁਲੀਸ ਨੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਹੈ। ਡੀਜੀਪੀ ਵੱਲੋਂ ਭੰਨਤੋੜ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਦਿੱਤੇ ਸੰਕੇਤ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਮੁੜ ਝੂਠੇ ਕੇਸ ਵਿੱਚ ਫਸਾਇਆ ਗਿਆ ਤਾਂ ਜਥੇਬੰਦੀ ਦੁਬਾਰਾ ਪ੍ਰਦਰਸ਼ਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਨੂੰ ਝੂਠਾ ਕੇਸ ਦਰਜ ਕਰਨ ਵਾਲੇ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਸਰਕਾਰ ਨੂੰ ਆਪਣਾ ਪ੍ਰਚਾਰ ਬੰਦ ਕਰਨ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਆਖਿਆ ਕਿ ਲੋਕਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ‘ਖਾਲਸਾ ਵਹੀਰ’ ਪ੍ਰੋਗਰਾਮ ਜਾਰੀ ਰਹੇਗਾ। ਇਸ ਤੋਂ ਪਹਿਲਾਂ ਸ਼ਾਮ ਵੇਲੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਸਥਾਨਕ ਕੇਂਦਰੀ ਜੇਲ੍ਹ ’ਚੋਂ ਰਿਹਾਅ ਕੀਤਾ ਗਿਆ ਤੇ ਉਨ੍ਹਾਂ ਦੇ ਸਾਥੀਆਂ ਨੇ ਰਿਹਾਈ ’ਤੇ ਜੈਕਾਰੇ ਲਾਏ।
ਪੁਲੀਸ ਕਮਿਸ਼ਨਰ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ
ਅੱਜ ਸ਼ਾਮ ਪੁਲੀਸ ਕਮਿਸ਼ਨਰ ਜਸਕਰਨ ਸਿੰਘ ਨੇ ਇੱਥੇ ਦਰਬਾਰ ਸਾਹਿਬ ਸਮੂਹ ਵਿੱਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੀਟਿੰਗ ਕੀਤੀ ਜੋ ਕਿ ਲਗਪਗ ਇੱਕ ਘੰਟਾ ਚੱਲੀ। ਬੰਦ ਕਮਰਾ ਮੀਟਿੰਗ ਬਾਰੇ ਕੋਈ ਵੇਰਵੇ ਨਹੀਂ ਦੱਸੇ ਗਏ ਹਨ। ਹਾਲਾਂਕਿ ਪੁਲੀਸ ਕਮਿਸ਼ਨਰ ਨੇ ਪੁਸ਼ਟੀ ਕਰਦਿਆਂ ਇਸ ਨੂੰ ਰੁਟੀਨ ਮੀਟਿੰਗ ਆਖਿਆ ਹੈ। ਭਾਵੇਂ ਅਧਿਕਾਰਤ ਤੌਰ ’ਤੇ ਮੀਟਿੰਗ ਬਾਰੇ ਕੋਈ ਵੀ ਕੁਝ ਕਹਿਣ ਨੂੰ ਤਿਆਰ ਨਹੀ ਹੈ ਪਰ ਮਿਲੇ ਵੇਰਵਿਆਂ ਮੁਤਾਬਕ ਮੀਟਿੰਗ ਅਜਨਾਲਾ ਥਾਣੇ ਵਿੱਚ ਵਾਪਰੀ ਘਟਨਾ ਬਾਰੇ ਚਰਚਾ ਹੋਈ ਹੈ।