ਸ੍ਰੀ ਹੇਮਕੁੰਟ ਸਾਹਿਬ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ

ਸ੍ਰੀ ਹੇਮਕੁੰਟ ਸਾਹਿਬ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ

ਸ੍ਰੀ ਹੇਮਕੁੰਟ ਸਾਹਿਬ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ
ਅੰਮ੍ਰਿਤਸਰ-ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਿਸ਼ੀਕੇਸ਼ ਸਥਿਤ ਗੁਰਦੁਆਰੇ ਤੋਂ ਰਵਾਨਾ ਹੋਇਆ। ਇਸ ਜਥੇ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਰਵਾਨਾ ਕੀਤਾ।
ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ 25 ਮਈ ਨੂੰ ਖੋਲ੍ਹੇ ਜਾਣਗੇ, ਜਿਸ ਲਈ ਅੱਜ ਪਹਿਲਾ ਜਥਾ ਰਵਾਨਾ ਹੋਇਆ। ਅੱਜ ਗੁਰਦੁਆਰੇ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ ਅਤੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਲਵਾਈ। ਰਾਜਪਾਲ ਗੁਰਮੀਤ ਸਿੰਘ ਅਤੇ ਸੰਤ ਸਮਾਜ ਦੇ ਆਗੂਆਂ ਵੱਲੋਂ ਸ਼ਰਧਾਲੂਆਂ ਦੇ ਜਥੇ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ। ਜੈਕਾਰਿਆਂ ਅਤੇ ਬੈਂਡ-ਵਾਜਿਆਂ ਦੀਆਂ ਧੁਨਾਂ ਨਾਲ ਜਥਾ ਰਵਾਨਾ ਹੋਇਆ।
ਇਸ ਤੋਂ ਪਹਿਲਾਂ ਰਾਜਪਾਲ ਅਤੇ ਸੰਤ ਸਮਾਜ ਦੀਆਂ ਸ਼ਖ਼ਸੀਅਤਾਂ ਨੇ ਗੁਰਦੁਆਰੇ ਮੱਥਾ ਟੇਕਿਆ। ਰਾਜਪਾਲ ਨੇ ਸਿੱਖ ਧਰਮ ਅਤੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਬਾਰੇ ਜਾਣਕਾਰੀ ਦਿੱਤੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ 25 ਮਈ ਨੂੰ ਖੋਲ੍ਹੇ ਜਾਣਗੇ ਅਤੇ ਉਸ ਦਿਨ ਸਿੱਖ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ।
ਇਸ ਮੌਕੇ ਸੰਤ ਸਮਾਜ ਤੋਂ ਮਾਤਾ ਮੰਗਲਾ, ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਪਰਮਾਰਥ ਨਿਕੇਤਨ ਤੋਂ ਚੀਦਾਨੰਦ ਮਹਾਰਾਜ, ਉੱਤਰਾਖੰਡ ਸੰਸਕ੍ਰਿਤ ਵਿਸ਼ਵ ਵਿਦਿਆਲੇ ਦੇ ਕੁਲਪਤੀ ਦਿਨੇਸ਼ ਚੰਦਰ ਸ਼ਾਸਤਰੀ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ।

sant sagar