ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵਜੋਂ ਸੇਵਾ ਨਿਭਾਅ ਰਹੇ ਸੁਖਬੀਰ ’ਤੇ ਹਮਲਾ

ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵਜੋਂ ਸੇਵਾ ਨਿਭਾਅ ਰਹੇ ਸੁਖਬੀਰ ’ਤੇ ਹਮਲਾ

ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵਜੋਂ ਸੇਵਾ ਨਿਭਾਅ ਰਹੇ ਸੁਖਬੀਰ ’ਤੇ ਹਮਲਾ
ਅੰਮ੍ਰਿਤਸਰ-ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵੱਜੋਂ ਸੇਵਾ ਨਿਭਾਅ ਰਹੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅੱਜ ਉਸ ਵੇਲੇ ਵਾਲ-ਵਾਲ ਬਚ ਗਏ ਜਦੋਂ ਖਾਲਿਸਤਾਨੀ ਆਗੂ ਅਤੇ ਅਕਾਲ ਫੈਡਰੇਸ਼ਨ ਦੇ ਮੁਖੀ ਨਰੈਣ ਸਿੰਘ ਚੌੜਾ ਨੇ ਐਨ ਨੇੜਿਉਂ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ। ਸੁਖਬੀਰ ਦੀ ਸੁਰੱਖਿਆ ਵਿੱਚ ਸਾਦੀ ਵਰਦੀ ’ਚ ਤਾਇਨਾਤ ਏਐੱਸਆਈ ਜਸਬੀਰ ਸਿੰਘ ਨੇ ਚੌੜਾ ਨੂੰ ਜਦੋਂ ਡੱਬ ’ਚੋਂ ਪਸਤੌਲ ਕੱਢਦੇ ਦੇਖਿਆ ਤਾਂ ਫੁਰਤੀ ਨਾਲ ਉਸ ਨੂੰ ਜੱਫਾ ਪਾ ਲਿਆ ਅਤੇ ਇਕ ਗੋਲੀ ਨਿਸ਼ਾਨਾ ਖੁੰਝ ਕੇ ਪ੍ਰਵੇਸ਼ ਦੁਆਰ ਦੀ ਡਿਓਢੀ ਦੀ ਇਮਾਰਤ ਵਿੱਚ ਜਾ ਲੱਗੀ। ਜਿਸ ਵੇਲੇ ਗੋਲੀ ਚੱਲੀ, ਉਸ ਸਮੇਂ ਸ਼ਰਧਾਲੂ ਆ-ਜਾ ਰਹੇ ਸਨ। ਘਟਨਾ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ।
ਸੁਖਬੀਰ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ’ਚ ਪਤੀ ਦੀ ਸਲਾਮਤੀ ਦੀ ਅਰਦਾਸ ਕਰਨ ਜਾਂਦੀ ਹੋਈ ਉਨ੍ਹਾਂ ਦੀ ਧਰਮਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਨੇ ਹਮਲਾਵਰ ਨੂੰ ਤੁਰੰਤ ਕਾਬੂ ਕਰਕੇ ਹਮਲੇ ਨੂੰ ਨਾਕਾਮ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਵੇਲੇ ਗੋਲੀ ਚਲਾਉਣ ਦਾ ਯਤਨ ਕੀਤਾ ਗਿਆ, ਉਸ ਵੇਲੇ ਤਿੰਨ ਪੁਲੀਸ ਕਰਮਚਾਰੀ ਸਾਦੇ ਕੱਪੜਿਆਂ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਾਲ ਤਾਇਨਾਤ ਸਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਧਾਰਮਿਕ ਅਸਥਾਨ ਹੋਣ ਕਾਰਨ ਇੱਥੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਤਲਾਸ਼ੀ ਨਹੀਂ ਲਈ ਜਾ ਸਕਦੀ ਹੈ ਪਰ ਇਸ ਦੇ ਬਾਵਜੂਦ ਸੁਰੱਖਿਆ ਕਰਮਚਾਰੀ ਚੌਕਸ ਸਨ।

sant sagar