ਅੰਮ੍ਰਿਤਪਾਲ ਖਿਲਾਫ਼ ਐੱਨਐੱਸਏ ’ਚ ਵਾਧਾ: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੋਸ ਮਾਰਚ

ਅੰਮ੍ਰਿਤਪਾਲ ਖਿਲਾਫ਼ ਐੱਨਐੱਸਏ ’ਚ ਵਾਧਾ: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੋਸ ਮਾਰਚ
ਅੰਮ੍ਰਿਤਸਰ-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤ ਪਾਲ ਸਿੰਘ ਖਿਲਾਫ਼ ਤੀਜੀ ਵਾਰ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਲਾਏ ਜਾਣ ਦੇ ਰੋਸ ਵਜੋਂ ਅੱਜ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੀਤਾ ਗਿਆ। ਜਥੇਬੰਦੀ ਨੇ ਪੰਜਾਬ ਦੇ ਰਾਜਪਾਲ ਦੇ ਨਾਂ ਇੱਕ ਮੰਗ ਪੱਤਰ ਵੀ ਦਿੱਤਾ।
ਰੋਸ ਮਾਰਚ ਦੀ ਅਗਵਾਈ ਜਥੇਬੰਦੀ ਦੇ ਸੀਨੀਅਰ ਆਗੂਆਂ ਨੇ ਕੀਤੀ। ਇਸ ਵਿੱਚ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ, ਅਮਰਜੀਤ ਸਿੰਘ ਵਨ ਚਿੜੀ, ਹਰਭਜਨ ਸਿੰਘ, ਸੁਰਜੀਤ ਸਿੰਘ, ਚਰਨਜੀਤ ਸਿੰਘ ਭਿੰਡਰ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਕਾਬਲ ਸਿੰਘ, ਬਲਜੀਤ ਸਿੰਘ ਖਾਲਸਾ, ਹਰਸਿਮਰਨ ਸਿੰਘ, ਬਾਬੂ ਸਿੰਘ ਬਰਾੜ, ਐਡਵੋਕੇਟ ਇਮਾਨ ਸਿੰਘ ਖਾਰਾ, ਪ੍ਰਗਟ ਸਿੰਘ, ਸੁਖਚੈਨ ਸਿੰਘ ਤੇ ਹੋਰ ਆਗੂ ਸ਼ਾਮਲ ਸਨ।
ਜਥੇਬੰਦੀ ਦੇ ਕਾਰਕੁਨ ਰਣਜੀਤ ਐਵੇਨਿਊ ਵਿਖੇ ਇਕੱਠੇ ਹੋਏ, ਜਿੱਥੋਂ ਡਿਪਟੀ ਕਮਿਸ਼ਨਰ ਦੇ ਦਫਤਰ ਤੱਕ ਰੋਸ ਮਾਰਚ ਕੀਤਾ ਗਿਆ। ਮਾਰਚ ਦੌਰਾਨ ਕਾਰਕੁਨਾਂ ਨੇ ਹੱਥਾਂ ਵਿੱਚ ਤਖ਼ਤੀਆਂ ਚੁੱਕੀਆਂ ਹੋਈਆਂ ਸਨ, ਜਿਸ ਉੱਪਰ ਐੱਨਐੱਸਏ ਰੱਦ ਕਰੋ, ਅੰਮ੍ਰਿਤ ਪਾਲ ਸਿੰਘ ਨੂੰ ਰਿਹਾਅ ਕਰੋ ਅਤੇ ਹੋਰ ਸਰਕਾਰ ਵਿਰੋਧੀ ਨਾਅਰੇ ਲਿਖੇ ਹੋਏ ਸਨ। ਰੋਸ ਮਾਰਚ ਕਰਦੇ ਹੋਏ ਇਹ ਪ੍ਰਦਰਸ਼ਨਕਾਰੀ ਡਿਪਟੀ ਕਮਿਸ਼ਨਰ ਦਫਤਰ ਪੁੱਜੇ, ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂ ’ਤੇ ਇੱਕ ਮੰਗ ਪੱਤਰ ਸੌਂਪਿਆ ਗਿਆ।
ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਮੰਗ ਪੱਤਰ ਰਾਹੀਂ ਅੰਮ੍ਰਿਤ ਪਾਲ ਸਿੰਘ ਖਿਲਾਫ਼ ਤੀਜੀ ਵਾਰ ਲਾਇਆ ਗਿਆ ਐਨਐਸਏ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਸਮੇਤ ਗ੍ਰਿਫਤਾਰ ਕੀਤੇ ਹੋਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਨ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਆਦਿ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਵੱਲੋਂ ਚੁਣੇ ਹੋਏ ਸੰਸਦ ਮੈਂਬਰ ਹਨ। ਲੋਕਾਂ ਨੇ ਉਸ ਨੂੰ ਭਾਰੀ ਬਹੁਮਤ ਨਾਲ ਚੁਣਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖਿਲਾਫ਼ ਐੱਨਐੱਸਏ ਲਾਗੂ ਕਰਨਾ ਲੋਕਾਂ ਦੀ ਆਵਾਜ਼ ਨੂੰ ਖਾਮੋਸ਼ ਕਰਨ ਦਾ ਯਤਨ ਹੈ ਅਤੇ ਇਹ ਲੋਕਤੰਤਰ ਅਤੇ ਸੰਵਿਧਾਨਕ ਹੱਕਾਂ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਅੱਗੇ ਵਧਾਉਣ ਲਈ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਉਹ ਸੰਵਿਧਾਨਕ ਜ਼ਿੰਮੇਵਾਰੀ ਸਮਝਦਿਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ। ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਨੇ ਦੇਸ਼ ਵਿੱਚ ਜੰਗ ਦੇ ਬਣ ਰਹੇ ਹਾਲਾਤ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਨਾ ਹੀ ਦੇਸ਼ ਦੇ ਲੋਕ ਜੰਗ ਚਾਹੁੰਦੇ ਹਨ। ਇਸ ਨਾਲ ਵੱਡਾ ਨੁਕਸਾਨ ਹੋਵੇਗਾ।