ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ 23 ਜੂਨ ਨੂੰ

ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ 23 ਜੂਨ ਨੂੰ

ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ 23 ਜੂਨ ਨੂੰ
ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਵਪਾਰ ਸਮਝੌਤੇ (ਟਰੇਡ ਡੀਲ) ਦੇ ਵਿਰੋਧ ਵਿੱਚ 23 ਜੂਨ ਨੂੰ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਪ੍ਰਦਰਸ਼ਨ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਦਾਅਵਾ ਕੀਤਾ ਹੈ ਕਿ ਇਹ ਸਮਝੌਤਾ ਦੇਸ਼ ਦੇ ਕਿਸਾਨਾਂ, ਪਸ਼ੂ ਪਾਲਕਾਂ, ਡੇਅਰੀ ਖੇਤਰ ਅਤੇ ਖੁਰਾਕ ਸੁਰੱਖਿਆ ਲਈ ਗੰਭੀਰ ਖ਼ਤਰਾ ਸਾਬਤ ਹੋ ਸਕਦਾ ਹੈ।
ਟ੍ਰਿਬਿਊਨ ਸਮੂਹ ਨਾਲ ਵਿਸ਼ੇਸ਼ ਗੱਲਬਾਤ ਵਿੱਚ ਚੜੂਨੀ ਨੇ ਕਿਹਾ ਕਿ ਭਾਰਤ-ਅਮਰੀਕਾ ਟਰੇਡ ਡੀਲ ਨੂੰ ਲੈ ਕੇ ਜੋ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ, ਉਹ ਚਿੰਤਾਜਨਕ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਭਾਰਤੀ ਖੇਤੀਬਾੜੀ ਬਾਜ਼ਾਰ ਨੂੰ ਅਮਰੀਕੀ ਖੇਤੀਬਾੜੀ ਉਤਪਾਦਾਂ ਲਈ ਵਧੇਰੇ ਖੋਲ੍ਹ ਦਿੱਤਾ ਗਿਆ ਤਾਂ ਇਸ ਦਾ ਸਿੱਧਾ ਅਸਰ ਦੇਸ਼ ਦੇ ਕਰੋੜਾਂ ਕਿਸਾਨਾਂ ਦੀ ਰੋਜ਼ੀ-ਰੋਟੀ 'ਤੇ ਪਵੇਗਾ।
ਉਨ੍ਹਾਂ ਕਿਹਾ ਕਿ ਫਰਵਰੀ 2025 ਤੋਂ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਗੱਲਬਾਤ ਚੱਲ ਰਹੀ ਹੈ ਅਤੇ ਹੁਣ ਇਹ ਅੰਤਿਮ ਪੜਾਅ 'ਤੇ ਪਹੁੰਚ ਚੁੱਕੀ ਹੈ। 23 ਅਤੇ 24 ਜੂਨ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਸਮਝੌਤੇ ਨੂੰ ਅੰਤਿਮ ਰੂਪ ਦਿੱਤੇ ਜਾਣ ਦੀਆਂ ਚਰਚਾਵਾਂ ਹਨ। ਕਿਸਾਨਾਂ ਨੂੰ ਸ਼ੱਕ ਹੈ ਕਿ ਇਸ ਸਮਝੌਤੇ ਤਹਿਤ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰਾਂ ਵਿੱਚ ਵਿਦੇਸ਼ੀ ਉਤਪਾਦਾਂ ਲਈ ਬਾਜ਼ਾਰ ਖੋਲ੍ਹਣ ਦਾ ਦਬਾਅ ਵਧ ਸਕਦਾ ਹੈ।
ਚੜੂਨੀ ਨੇ ਕਿਹਾ ਕਿ ਭਾਰਤੀ ਕਿਸਾਨ ਪਹਿਲਾਂ ਹੀ ਵਧਦੀ ਲਾਗਤ, ਮੌਸਮ ਦੀ ਮਾਰ ਅਤੇ ਬਾਜ਼ਾਰ ਦੀਆਂ ਅਨਿਸ਼ਚਿਤਤਾਵਾਂ ਨਾਲ ਜੂਝ ਰਹੇ ਹਨ। ਅਜਿਹੇ ਵਿੱਚ ਜੇਕਰ ਸਸਤੇ ਵਿਦੇਸ਼ੀ ਖੇਤੀਬਾੜੀ ਉਤਪਾਦ ਭਾਰਤੀ ਬਾਜ਼ਾਰ ਵਿੱਚ ਵੱਡੀ ਮਾਤਰਾ ਵਿੱਚ ਆਉਂਦੇ ਹਨ ਤਾਂ ਸਥਾਨਕ ਕਿਸਾਨਾਂ ਦੀ ਮੁਕਾਬਲੇਬਾਜ਼ੀ ਪ੍ਰਭਾਵਿਤ ਹੋਵੇਗੀ।
ਉਨ੍ਹਾਂ ਕਿਹਾ ਕਿ ਇਸੇ ਮੁੱਦੇ ਨੂੰ ਲੈ ਕੇ 23 ਜੂਨ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੀਆਂ ਅਤੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਕਰਨਗੀਆਂ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਅੰਤਰਰਾਸ਼ਟਰੀ ਵਪਾਰ ਸਮਝੌਤੇ ਵਿੱਚ ਦੇਸ਼ ਦੀ ਖੁਰਾਕ ਪ੍ਰਭੂਸੱਤਾ, ਖੇਤੀਬਾੜੀ ਅਰਥਵਿਵਸਥਾ ਅਤੇ ਪੇਂਡੂ ਰੋਜ਼ੀ-ਰੋਟੀ ਨੂੰ ਸਰਵਉੱਚ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਕਿਸਾਨਾਂ ਨੇ ਸਰਕਾਰ ਤੋਂ ਟਰੇਡ ਡੀਲ ਦੇ ਸਾਰੇ ਪ੍ਰਬੰਧਾਂ ਨੂੰ ਜਨਤਕ ਕਰਨ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਪੱਖਾਂ ਨਾਲ ਵਿਆਪਕ ਚਰਚਾ ਕਰਨ ਦੀ ਮੰਗ ਵੀ ਕੀਤੀ ਹੈ। ਕਿਸਾਨ ਆਗੂਆਂ ਅਨੁਸਾਰ, ਜੇਕਰ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਨਹੀਂ ਹੋਇਆ ਤਾਂ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ।

sant sagar