ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਗੁਰਦੁਆਰਾ ਰਾਮਸਰ ਸਾਹਿਬ ਤੋਂ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਸਬੰਧੀ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਗਏ, ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਅਰਦਾਸ ਮਗਰੋਂ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਗਈ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਉਹ ਅਸਥਾਨ ਹੈ, ਜਿੱਥੇ ਪੰਜਵੀਂ ਪਾਤਸ਼ਾਹੀ ਗੁਰੂ ਅਰਜਨ ਦੇਵ ਨੇ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ ਗਈ ਸੀ। 1604 ਵਿੱਚ ਨਗਰ ਕੀਰਤਨ ਦੇ ਰੂਪ ਵਿੱਚ ਪਾਵਨ ਸਰੂਪ ਨੂੰ ਹਰਿਮੰਦਰ ਸਾਹਿਬ ਵਿਖੇ ਲਿਆਂਦਾ ਗਿਆ ਸੀ ਅਤੇ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਸੀ। ਇਸੇ ਪੁਰਾਤਨ ਪਰੰਪਰਾ ਦੇ ਮੁਤਾਬਿਕ ਹਰ ਸਾਲ ਗੁਰਦੁਆਰਾ ਰਾਮਸਰ ਸਾਹਿਬ ਤੋਂ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ ਅਤੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰ ਕੇ ਲਿਆਂਦਾ ਜਾਂਦਾ ਹੈ। ਅੱਜ ਇਸ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਕਾਰਜਕਾਰੀ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੱਲੋਂ ਸੰਗਤ ਨੂੰ ਇਤਿਹਾਸ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਤੇ ਹੋਰਨਾ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨ ਤੇ ਸਿੰਘ ਸਾਹਿਬਾਨ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ। ਮਨੁੱਖੀ ਜੀਵਨ ਨੂੰ ਸੁਖਦਾਈ ਬਣਾਉਣ ਲਈ ਗੁਰਬਾਣੀ ਅਹਿਮ ਮਾਰਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਗੁਰਬਾਣੀ ਨਿਤਨੇਮ ਨਾਲ ਜੁੜਨ ਅਤੇ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਵੀਡੀਓ ਸੁਨੇਹੇ ਰਾਹੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸਮੁੱਚੇ ਵਿਸ਼ਵ ਵਿੱਚ ਵਸਦੀ ਸਿੱਖ ਸੰਗਤ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਇਤਿਹਾਸ ਤੋਂ ਜਾਣੂ ਕਰਾਇਆ ਅਤੇ ਸਮੁੱਚੀ ਮਾਨਵਤਾ ਨੂੰ ਗੁਰੂ ਗ੍ਰੰਥ ਸਾਹਿਬ ਤੋਂ ਸੇਧ ਲੈਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਮਾਨਵਤਾ ਨੂੰ ਸਰਬੱਤ ਦੇ ਭਲੇ ਲਈ ਕਾਰਜ ਕਰਨੇ ਚਾਹੀਦੇ ਹਨ।
ਇਸ ਦੌਰਾਨ ਹਰਿਮੰਦਰ ਸਾਹਿਬ, ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸੁੰਦਰ ਸਰੂਪ ਵਿੱਚ ਸਜਾਇਆ ਗਿਆ ਹੈ। ਇਸ ਦੌਰਾਨ ਅੱਜ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨੇੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ’ਚ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।

.jpg)
.jpg)



.jpg)
.jpg)
.jpg)



.jpg)

.jpg)
.jpg)

.jpg)
.jpg)