ਪੱਕਾ ਮੋਰਚਾ: ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਸੁਰੱਖਿਆ ਵਧਾਈ

ਪੱਕਾ ਮੋਰਚਾ: ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਸੁਰੱਖਿਆ ਵਧਾਈ

ਪੱਕਾ ਮੋਰਚਾ: ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਸੁਰੱਖਿਆ ਵਧਾਈ

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵੱਧ ਰਹੇ 31 ਮੈਂਬਰੀ ਜਥੇ ਨੂੰ ਪੁਲੀਸ ਨੇ ਰੋਕਿਆ

ਐਸ.ਏ.ਐਸ. ਨਗਰ (ਮੁਹਾਲੀ), 
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਣੇ ਹੋਰ ਸਿੱਖ ਮਸਲਿਆਂ ਸਬੰਧੀ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕਰਨ ਦਾ ਯਤਨ ਕਰਨ ਸਮੇਂ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਹੋਏ ਟਕਰਾਅ ਮਗਰੋਂ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ।

ਚੰਡੀਗੜ੍ਹ ਦੀਆਂ ਬਰੂਹਾਂ ’ਤੇ ਹੁਣ ਦੋ ਬੁਲੇਟ ਪਰੂਫ ਟਰੈਕਟਰਾਂ ਸਣੇ ਰੇਤੇ ਨਾਲ ਭਰੇ ਚਾਰ ਵੱਡੇ ਟਿੱਪਰ ਵੀ ਖੜ੍ਹੇ ਕੀਤੇ ਗਏ ਹਨ ਤਾਂ ਜੋ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਨਾ ਹੋ ਸਕਣ।ਅੱਜ ਬਾਅਦ ਦੁਪਹਿਰ ਕੌਮੀ ਇਨਸਾਫ਼ ਮੋਰਚੇ ਦੇ ਬੈਨਰ ਹੇਠ ਅਵਤਾਰ ਸਿੰਘ ਫੂਲੇਵਾਲ ਦੀ ਅਗਵਾਈ ਵਾਲੇ 31 ਮੈਂਬਰੀ ਵਫ਼ਦ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਵਧਣ ਦਾ ਯਤਨ ਕੀਤਾ ਪਰ ਪੁਲੀਸ ਬਲ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ। ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀ ਉੱਥੇ ਸ਼ਾਂਤਮਈ ਧਰਨੇ ’ਤੇ ਬੈਠ ਗਏ। ਕਰੀਬ ਦੋ ਘੰਟੇ ਬਾਅਦ ਸਾਰੇ ਧਰਨਾਕਾਰੀ ਮੁੜ ਪੱਕੇ ਮੋਰਚੇ ਵਾਲੀ ਥਾਂ ’ਤੇ ਚਲੇ ਗਏ।

ਮੁਹਾਲੀ ਅਤੇ ਚੰਡੀਗੜ੍ਹ ਦੀਆਂ ਸਾਂਝੀਆਂ ਹੱਦਾਂ ’ਤੇ ਪੁਲੀਸ ਵੱਲੋਂ ਕੰਡਾ ਤਾਰ ਲਗਾ ਕੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਛੋਟੇ ਰਸਤਿਆਂ ਨੂੰ ਵੀ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਜਿਸ ਕਾਰਨ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ। ਪੱਕੇ ਮੋਰਚੇ ਨੇੜੇ ਵੀ ਪੰਜਾਬ ਪੁਲੀਸ ਦਾ ਸੁਰੱਖਿਆ ਘੇਰਾ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪਰਿਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸੰਗਤ ਅਤੇ ਇਨਸਾਫ਼ਪਸੰਦ ਲੋਕਾਂ ਨੇ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਦਿਲਸ਼ੇਰ ਸਿੰਘ ਅਤੇ ਗੁਰਸ਼ਰਨ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ ਲੋੜ ਪੈਣ ’ਤੇ ਗੁਪਤ ਐਕਸ਼ਨ ਵੀ ਕੀਤੇ ਜਾਣਗੇ।

sant sagar