ਹੋਲਾ ਮਹੱਲਾ ਮੌਕੇ ਸਰਕਾਰ ਤੇ ਪ੍ਰਸ਼ਾਸ਼ਨ ਦੀ ਕਾਰਗੁਜ਼ਾਰੀ ਰਹੀ ਬੇਹੱਦ ਨਿਰਾਸ਼ਾਜਨਕ- ਸ਼੍ਰੋਮਣੀ ਕਮੇਟੀ

ਹੋਲਾ ਮਹੱਲਾ ਮੌਕੇ ਸਰਕਾਰ ਤੇ ਪ੍ਰਸ਼ਾਸ਼ਨ ਦੀ ਕਾਰਗੁਜ਼ਾਰੀ ਰਹੀ ਬੇਹੱਦ ਨਿਰਾਸ਼ਾਜਨਕ- ਸ਼੍ਰੋਮਣੀ ਕਮੇਟੀ

ਸ੍ਰੀ ਅਨੰਦਪੁਰ ਸਾਹਿਬ, - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲਾ ਮਹੱਲਾ ਦੌਰਾਨ ਢਿੱਲੇ ਸਰਕਾਰੀ ਪ੍ਰਬੰਧਾਂ ਦੀ ਕਰੜੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਵਲੋਂ ਹੋਲਾ ਮਹੱਲਾ ਮੌਕੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਇੱਥੇ ਪੁੱਜੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਰ ਅਤੇ ਸ. ਹਰਜੀਤ ਸਿੰਘ ਲਾਲੂਘੁੰਮਣ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਵੱਡੇ ਜੋੜ ਮੇਲੇ ਦੌਰਾਨ ਪੁਲਿਸ ਅਤੇ ਪ੍ਰਸਾਸ਼ਨ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ, ਪਰ ਦੁੱਖ ਦੀ ਗੱਲ ਹੈ ਕਿ ਇਸ ਸਾਲ ਹੁਣ ਤੱਕ ਦਾ ਸਭ ਤੋਂ ਘਟੀਆ ਪ੍ਰਬੰਧ ਦੇਖਣ ਵਿਚ ਸਾਹਮਣੇ ਆਇਆ ਹੈ। ਇਕ ਸਾਂਝੇ ਬਿਆਨ ਵਿਚ ਉਨ੍ਹਾਂ ਕਿਹਾ ਕਿ ਪੁਲਿਸ ਤੇ ਪ੍ਰਸਾਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਹੋਲੇ ਮਹੱਲੇ ਜਿਹੇ ਵੱਡੇ ਜੋੜ ਮੇਲੇ ਦੌਰਾਨ ਸੰਗਤ ਅਤੇ ਲੋਕਾਂ ਦੀ ਸੁਰੱਖਿਆ, ਆਵਾਜਾਈ ਵਿਵਸਥਾ ਦੇ ਵਿਸ਼ੇਸ਼ ਪ੍ਰਬੰਧ ਕਰਨ, ਪਰ ਇਸ ਵਿਚ ਸਰਕਾਰੀ ਤੰਤਰ ਪੂਰੀ ਤਰ੍ਹਾਂ ਨਾਕਾਮਯਾਬ ਨਜ਼ਰ ਆਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵਲੋਂ ਅਜਿਹੀ ਢਿੱਲੀ ਵਿਵਸਥਾ ਨਾਲ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਹੈ। ਉਨ੍ਹਾਂ ਕਿਹਾ ਕਿ ਇੱਥੇ ਲੱਖਾਂ ਦੀ ਗਿਣਤੀ ਵਿਚ ਸੰਗਤ ਸ਼ਰਧਾ ਨਾਲ ਪੁੱਜਦੀ ਹੈ, ਜਿਸ ਲਈ ਸੰਜ਼ੀਦਗੀ ਨਾਲ ਉਚੇਚੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ, ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਨੌਜਵਾਨ ਸਿੱਖ ਦੇ ਕਤਲ ਦੀ ਘਟਨਾ ਸਾਹਮਣੇ ਆਈ ਹੈ, ਜੋ ਬਹੁਤ ਹੀ ਮੰਦਭਾਗੀ ਹੈ। ਇਹ ਪ੍ਰਸ਼ਾਸ਼ਨ ਅਤੇ ਪੁਲਿਸ ਦੀ ਲਾਪਰਵਾਹੀ ਦਾ ਹੀ ਨਤੀਜਾ ਹੈ। ਸ਼੍ਰੋਮਣੀ ਕਮੇਟੀ ਇਸ ਘਟਨਾ ਦੀ ਕਰੜੀ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪ੍ਰਸ਼ਾਸਨਿਕ ਲਾਪਰਵਾਹੀ ਦਾ ਸੰਗਤ ਅੰਦਰ ਵੀ ਭਾਰੀ ਰੋਸ ਨਜ਼ਰ ਆ ਰਿਹਾ ਹੈ। ਕਿਉਂਕਿ ਸਰਕਾਰ ਤੇ ਪ੍ਰਸ਼ਾਸ਼ਨ ਵਲੋਂ ਜਿੱਥੇ ਪ੍ਰਬੰਧ ਲੋੜੀਂਦੇ ਸਨ ਉੱਥੇ ਕੀਤੇ ਨਹੀਂ ਗਏ।

ad