ਅਗਾਊਂ ਜ਼ਮਾਨਤ ਲਈ ਸੁਖਬੀਰ ਹਾਈ ਕੋਰਟ ਪੁੱਜੇ

ਅਗਾਊਂ ਜ਼ਮਾਨਤ ਲਈ ਸੁਖਬੀਰ ਹਾਈ ਕੋਰਟ ਪੁੱਜੇ

ਫ਼ਰੀਦਕੋਟ, - ਕੋਟਕਪੂਰਾ ਗੋਲੀ ਕਾਂਡ ਵਿਚ ਸਥਾਨਕ ਅਦਾਲਤ ਵਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਵਲੋਂ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੋਵਾਂ ਵਲੋਂ ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਪ੍ਰੰਤੂ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਰੱਦ ਕਰ ਦਿੱਤੀ ਸੀ। ਇਸੇ ਕੇਸ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਮੁਅੱਤਲੀ ਅਧੀਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਅਤੇ ਸਾਬਕਾ ਐਸ.ਐਚ.ਓ. ਗੁਰਦੀਪ ਸਿੰਘ ਨੇ ਵੀ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਉੱਪਰ ਅੱਜ ਅਦਾਲਤ ਨੇ ਬਹਿਸ ਸੁਣੀ। ਅਦਾਲਤ ਇਨ੍ਹਾਂ ਜ਼ਮਾਨਤਾਂ ਦੀਆਂ ਅਰਜ਼ੀਆਂ ਉੱਪਰ ਆਪਣਾ ਫ਼ੈਸਲਾ 21 ਮਾਰਚ ਨੂੰ ਸੁਣਾਵੇਗੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ਵਿਚ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ ਅਤੇ ਅਦਾਲਤ ਵਲੋਂ ਉਨ੍ਹਾਂ ਨੂੰ 15 ਦਿਨਾਂ 'ਚ ਇਕ ਵਾਰ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਉਨ੍ਹਾਂ ਦੀ 23 ਮਾਰਚ ਨੂੰ ਸਥਾਨਕ ਅਦਾਲਤ 'ਚ ਪੇਸ਼ ਹੋਣ ਦੀ ਸੰਭਾਵਨਾ ਹੈ।

ad