ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਚ ਅਕਾਲੀ ਦਲ ਨੇ ‘ਆਪ’ ਨੂੰ ਘੇਰਿਆ

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਚ ਅਕਾਲੀ ਦਲ ਨੇ ‘ਆਪ’ ਨੂੰ ਘੇਰਿਆ

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਚ ਅਕਾਲੀ ਦਲ ਨੇ ‘ਆਪ’ ਨੂੰ ਘੇਰਿਆ
ਅੰਮ੍ਰਿਤਸਰ-ਸ਼੍ੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਘੇਰਦਿਆਂ ਆਖਿਆ ਕਿ ਉਹ ਬੰਦੀ ਸਿੰਘ ਗੁਰਮੀਤ ਸਿੰਘ ਇੰਜਨੀਅਰ ਦੀ ਰਿਹਾਈ ਦਾ ਵਿਰੋਧ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਿੱਤੀ ਉਲਟ ਰਿਪੋਰਟ ਤੁਰੰਤ ਵਾਪਸ ਲਵੇ ਤਾਂ ਜੋ ਉਸ ਦੀ ਰਿਹਾਈ ਹੋ ਸਕੇ। ਗੁਰਮੀਤ ਸਿੰਘ ਇੰਜਨੀਅਰ ਪਹਿਲਾਂ ਹੀ 27 ਸਾਲ ਜੇਲ੍ਹ ਵਿਚ ਬਿਤਾ ਚੁੱਕੇ ਹਨ।
ਇਥੇ ਮੀਡੀਆ ਨਾਲ ਗੱਲ ਕਰਦਿਆਂ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਆਪ ਸਰਕਾਰ ਨੇ ਬੰਦੀ ਸਿੰਘ ਗੁਰਮੀਤ ਸਿੰਘ ਦੀ ਰਿਹਾਈ ਦਾ ਵਿਰੋਧ ਕੀਤਾ ਤੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਦੇਸ਼ ਵਿਚ ਸ਼ਾਂਤੀ ਭੰਗ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਪੇਸ਼ ਕੀਤੀ ਹੈ।
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਦੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਵਿਰੁੱਧ ਸਟੈਂਡ ਕਿਉਂ ਲਿਆ। ਉਨ੍ਹਾਂ ਕਿਹਾ ਕਿ ਗੁਰਮੀਤ ਸਿੰਘ ਨੇ ਪਿਛਲੇ 10 ਸਾਲਾਂ ਤੋਂ ਪੈਰੋਲ ਨਹੀਂ ਲਈ। ਉਸ ਖਿਲਾਫ ਕੋਈ ਵੀ ਸ਼ਿਕਾਇਤ ਪੈਂਡਿੰਗ ਨਹੀਂ ਹੈ ਅਤੇ ਚਾਲ ਚਲਣ ਬਹੁਤ ਨੇਕ ਹੈ। ਅਜਿਹਾ ਕੋਈ ਆਧਾਰ ਨਹੀਂ ਜਿਸ ਤੋਂ ਸਾਬਤ ਹੋ ਸਕੇ ਕਿ ਉਨ੍ਹਾਂ ਦੀ ਰਿਹਾਈ ਨਾਲ ਸੂਬੇ ਦੀ ਸ਼ਾਂਤੀ ਭੰਗ ਹੋਵੇਗੀ।
ਉਨ੍ਹਾਂ ਨੇ ਚਾਰ ਹੋਰ ਬੰਦੀ ਸਿੰਘਾਂ ਗੁਰਦੀਪ ਸਿੰਘ ਖਹਿਰਾ, ਦਵਿੰਦਰਪਾਲ ਸਿੰਘ ਭੁੱਲਰ, ਲਖਵਿੰਦਰ ਸਿੰਘ ਲੱਖਾ ਤੇ ਸ਼ਮਸ਼ੇਰ ਸਿੰਘ ਸ਼ੇਰਾ ਬਾਰੇ ਕਿਹਾ ਕਿ ਇਹਨਾਂ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ ਤੇ ਪਰਮਜੀਤ ਸਿੰਘ ਭਿਓਰਾ ਸਮੇਤ ਇਹਨਾਂ ਸਭ ਨੂੰ ਰਿਹਾਅ ਕੀਤਾ ਜਾਵੇ।
ਅਕਾਲੀ ਆਗੂ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਬਾਰੇ ਕੇਂਦਰ ਸਰਕਾਰ ਆਪਣੀ ਰਿਪੋਰਟ ਪੇਸ਼ ਕਰਨ ਤੋਂ ਭੱਜ ਰਹੀ ਸੀ ਤੇ ਫਿਰ ਇਸਨੇ ਉਲਟ ਰਿਪੋਰਟ ਦੇ ਦਿੱਤੀ। ਇਸੇ ਤਰੀਕੇ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਪਿਛਲੇ 8 ਮਹੀਨਿਆਂ ਤੋਂ ਦਵਿੰਦਰਪਾਲ ਭੁੱਲਰ ਦੀ ਰਿਹਾਈ ਦੇ ਹੁਕਮ ਨਹੀਂ ਦੇ ਰਹੀ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖ ਕੌਮ ਦੇ ਮਸਲੇ ਹਲ ਕਰਨ ਵੇਲੇ ਦੋਗਲੇ ਮਿਆਰ ਨਾ ਅਪਣਾਏ ਜਾਣ। ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰੇ ਤਾਂ ਰਿਹਾਅ ਕਰ ਦਿੱਤੇ ਗਏ ਅਤੇ ਬਿਲਕਿਸ ਬਾਨੋ ਨਾਲ ਜਬਰ ਜਨਾਹ ਕਰਨ ਵਾਲੇ ਵੀ ਰਿਹਾਅ ਕਰ ਦਿੱਤੇ ਗਏ ਜੋ ਨਹੀਂ ਕਰਨੇ ਚਾਹੀਦੇ ਸਨ ਪਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।