ਸਿਆਸੀ ਧਿਰਾਂ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨ: ਕੈਪਟਨ

ਸਿਆਸੀ ਧਿਰਾਂ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦਾ ਖ਼ਤਰਾ ਵਧਦਾ ਦੇਖ ਕੇ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ’ਚ ਕੀਤੇ ਰੋਸ ਪ੍ਰਦਰਸ਼ਨਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਿਆਸੀ ਧਿਰਾਂ ਵੱਲੋਂ ਸੁਰੱਖਿਆ ਨੇਮਾਂ ਦੀ ਕੀਤੀ ਉਲੰਘਣਾ ’ਤੇ ਫ਼ਿਕਰ ਜ਼ਾਹਿਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਹ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਵੱਡੇ ਇਕੱਠਾਂ ਤੋਂ ਗੁਰੇਜ਼ ਕਰਨ ਲਈ ਆਖਣਗੇ ਅਤੇ ਕੋਵਿਡ ਦੇ ਖ਼ਤਰੇ ਦੇ ਮੱਦੇਨਜ਼ਰ ਸਹਿਯੋਗ ਮੰਗਣਗੇ। ਮੁੱਖ ਮੰਤਰੀ ਨੇ ਸਿਆਸੀ ਧਿਰਾਂ ਨੂੰ ਕੋਵਿਡ ਦੇ ਫੈਲਾਅ ਦਾ ਕਾਰਨ ਬਣਨ ਵਾਲੀ ਕਿਸੇ ਦੀ ਕਾਰਵਾਈ ਤੋਂ ਬਚਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ’ਤੇ ਸਿਆਸੀ ਪਾਰਟੀਆਂ ਦੇ ਕੁਝ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਅਤੇ ਪੁਲੀਸ ਵਿਭਾਗ ਵੀ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਜਿਹੇ ਕੰਮ ਨਾ ਕਰਨ ਲਈ ਪੱਤਰ ਲਿਖਣ ਦੀ ਯੋਜਨਾ ਬਣਾ ਰਿਹਾ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਵੱਧ ਪ੍ਰਭਾਵਿਤ ਪੰਜ ਜ਼ਿਲ੍ਹਿਆਂ ’ਚ ਸ਼ੁੱਕਰਵਾਰ (10 ਜੁਲਾਈ) ਤੋਂ ਰੈਪਿਡ ਐਂਟੀਜਨ ਟੈਸਟਿੰਗ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਸਥਿਤੀ ਬਾਰੇ ਵੀਡੀਓ ਕਾਨਫ਼ਰੰਸ ਰਾਹੀਂ ਨਜ਼ਰਸਾਨੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੋਵਿਡ ਪਲਾਜ਼ਮਾ ਥੈਰੇਪੀ ਦੇ ਇਲਾਜ ਦੀ ਸਹੂਲਤ ਵਾਸਤੇ ਪਲਾਜ਼ਮਾ ਬੈਂਕ ਸਥਾਪਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ, ਆਈ.ਸੀ.ਐੱਮ.ਆਰ ਦੇ ਟਰਾਇਲ ਪ੍ਰਾਜੈਕਟ ਵਜੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਲਾਜ਼ਮਾ ਥੈਰੇਪੀ ਦਾ ਇਲਾਜ ਪਹਿਲਾਂ ਹੀ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਬਲੱਡ ਬੈਂਕ ਅਤੇ ਟਰਾਂਸਫਿਊਜ਼ਨ ਮੈਡੀਸਨ ਦੇ ਸਾਬਕਾ ਮੁਖੀ ਡਾ. ਨੀਲਿਮਾ ਮਰਵਾਹਾ ਦੀ ਨਿਗਰਾਨੀ ਅਤੇ ਅਗਵਾਈ ਹੇਠ ਪਲਾਜ਼ਮਾ ਬੈਂਕ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਸ ਟਰਾਇਲ ਲਈ ਕੁੱਲ 15 ਮਰੀਜ਼ ਭਰਤੀ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਅੱਠ ਨੂੰ ਪਲਾਜ਼ਮਾ ਦਿੱਤਾ ਗਿਆ ਹੈ ਜਦਕਿ ਬਾਕੀ 7 ਨੂੰ ਆਈ.ਸੀ.ਐੱਮ.ਆਰ. ਦੀ ਬੇਤਰਤੀਬੀ (ਰੈਂਡਮ) ਵਿਧੀ ਮੁਤਾਬਿਕ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਹੁਣ ਤੱਕ 11 ਪੀ.ਸੀ.ਐਸ. ਅਫ਼ਸਰ ਅਤੇ ਹੋਰ ਸੀਨੀਅਰ ਅਧਿਕਾਰੀ ਕਰੋਨਾ ਪਾਜ਼ੇਟਿਵ ਪਾਏ ਜਾਣ ਕਾਰਨ ਉਨ੍ਹਾਂ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸਰਕਾਰੀ ਅਧਿਕਾਰੀਆਂ ਦੀਆਂ ਮੀਟਿੰਗਾਂ, ਦੂਜੇ ਦਫ਼ਤਰਾਂ ਵਿੱਚ ਜਾਣ ਆਦਿ ਬਾਰੇ ਨਿਰਧਾਰਿਤ ਸੰਚਾਲਨ ਵਿਧੀ (ਐਸ.ਓ.ਪੀ.) ਜਾਰੀ ਕਰਨ ਲਈ ਵੀ ਆਖਿਆ। ਮੁੱਖ ਮੰਤਰੀ ਵੱਲੋਂ ਪੰਜਾਬ ਪੁਲੀਸ ਮੁਖੀ ਨੂੰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਚਲਾਨ ਕੱਟਣ ‘ਚ ਕਿਸੇ ਪ੍ਰਕਾਰ ਦੀ ਨਰਮੀ ਨਾ ਵਰਤਣ ਲਈ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ‘ਮਿਸ਼ਨ ਫ਼ਤਹਿ’ ਤਹਿਤ ਗ਼ਰੀਬਾਂ ਨੂੰ 15 ਲੱਖ ਮਾਸਕ ਵੰਡਣ ਦਾ ਫ਼ੈਸਲਾ ਕੀਤਾ ਗਿਆ ਹੈ।

ad