ਭਾਰਤੀ-ਅਮਰੀਕੀ ਸੰਸਦ ਮੈਂਬਰਾਂ ਵੱਲੋਂ ਬੰਗਲਾਦੇਸ਼ ਵਿੱਚ ਹਿੰਦੂਆਂ ਖ਼ਿਲਾਫ਼ ਹਿੰਸਾ ਤੁਰੰਤ ਰੋਕਣ ਦੀ ਅਪੀਲ

ਨਿਊਯਾਰਕ/ਵਾਸ਼ਿੰਗਟਨ, (ਇੰਡੋ ਕਨੇਡੀਅਨ ਟਾਇਮਜ਼)- ਦੋ ਪ੍ਰਮੁੱਖ ਭਾਰਤੀ-ਅਮਰੀਕੀ ਸੰਸਦ ਮੈਂਬਰਾਂ ਰੋ ਖੰਨਾ ਤੇ ਰਾਜਾ ਕ੍ਰਿਸ਼ਨਮੂਰਤੀ ਨੇ ਸ਼ੇਖ਼ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਤੋਂ ਲਾਂਭੇ ਹੋਣ ਮਗਰੋਂ ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂ ਭਾਈਚਾਰੇ ਖ਼ਿਲਾਫ਼ ਜਾਰੀ ਹਿੰਸਾ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ। ਸੰਸਦ ਮੈਂਬਰਾਂ ਨੇ ਅੰਤਰਿਮ ਸਰਕਾਰ ਦੇ ਨਾਮਜ਼ਦ ਪ੍ਰਧਾਨ ਮੰਤਰੀ ਤੇ ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਵਾਗਡੋਰ ਸੰਭਾਲਣ ’ਤੇ ਕਾਨੂੰਨ ਦਾ ਸ਼ਾਸਨ ਕਾਇਮ ਰੱਖਣ। ਦੋਵੇਂ ਪ੍ਰਭਾਵਸ਼ਾਲੀ ਸੰਸਦ ਮੈਂਬਰਾਂ ਦੀ ਇਹ ਟਿੱਪਣੀ ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂ ਭਾਈਚਾਰੇ ਖ਼ਿਲਾਫ਼ ਅਪਰਾਧ ਵਿੱਚ ਵਾਧੇ ਤੇ ਹਿੰਦੂ ਮੰਦਰਾਂ ਨੂੰ ਨਸ਼ਟ ਕੀਤੇ ਜਾਣ ਵਿਚਾਲੇ ਕਈ ਹਿੰਦੂ-ਅਮਰੀਕੀ ਸਮੂਹਾਂ ਵੱਲੋਂ ਵਿਦੇਸ਼ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਆਈ ਹੈ। ਸੰਸਦ ਮੈਂਬਰ ਰੋ ਖੰਨਾ ਨੇ ਅੱਜ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਬੰਗਲਾਦੇਸ਼ੀ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਹਸੀਨਾ ਖਿਲਾਫ ਸਿਰਫ ਮਨੁੱਖੀ ਅਧਿਕਾਰਾਂ ਦੀ ਚਿੰਤਾ ਸੀ। ਇਹ ਚੰਗੀ ਗੱਲ ਹੈ ਕਿ ਉਹ ਚਲੀ ਗਈ ਪਰ ਹੁਣ ਹਿੰਦੂਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਹਿੰਸਾ ਗਲਤ ਹੈ। ਪ੍ਰਧਾਨ ਮੰਤਰੀ ਯੂਨਸ ਨੂੰ ਕਾਨੂੰਨ ਦਾ ਸ਼ਾਸਨ ਕਾਇਮ ਰੱਖਣਾ ਚਾਹੀਦਾ ਹੈ ਅਤੇ ਮੰਦਰਾਂ ਜਾਂ ਕਿਸੇ ਵੀ ਸਿਆਸੀ ਪਾਰਟੀ ਜਾਂ ਆਸਥਾ ਦੇ ਲੋਕਾਂ ਨੂੰ ਹਿੰਸਾ ਤੋਂ ਬਚਾਉਣਾ ਚਾਹੀਦਾ ਹੈ।’’ਉੱਧਰ, ਸੰਸਦ ਮੈਂਬਰ ਰਾਜਾ ਕ੍ਰਿਸ਼ਨਮੂਰਤੀ ਨੇ ਕਿਹਾ, ‘‘ਬੰਗਲਾਦੇਸ਼ ਆਪਣੀ ਅੰਤਰਿਮ ਸਰਕਾਰ ਨੂੰ ਸਹੁੰ ਦਿਵਾ ਰਿਹਾ ਹੈ। ਮੈਂ ਸਾਰੇ ਸਰਕਾਰੀ ਅਧਿਕਾਰੀਆਂ, ਨਵੇਂ ਪ੍ਰਸ਼ਾਸਨ ਅਤੇ ਪੁਲੀਸ ਮੁਖੀ ਤੇ ਬੰਗਲਾਦੇਸ਼ ਦੇ ਲੋਕਾਂ ਨੂੰ ਦੇਸ਼ ਭਰ ਵਿੱਚ ਫੈਲ ਰਹੀ ਹਿੰਸਾ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਅਪੀਲ ਕਰਦਾ ਹਾਂ।’’ ਫਾਊਂਡੇਸ਼ਨ ਫਾਰ ਇੰਡੀਆ ਐਂਡ ਇੰਡੀਅਨ ਡਾਇਸਪੋਰਾ ਸਟੱਡੀਜ਼’ ਨੇ ਅਮਰੀਕਾ ਦੇ ਰਾਸ਼ਟਰਪਤੀ, ਵਿਦੇਸ਼ ਵਿਭਾਗ, ਕੌਮਾਂਤਰੀ ਧਾਰਮਿਕ ਆਜ਼ਾਦੀ (ਆਈਆਰਐੱਫ) ਰਾਜਦੂਤ ਅਤੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਨੂੰ ਬੰਗਲਾਦੇਸ਼ ਵਿੱਚ ਸ਼ਾਂਤੀ ਮੁੜ ਤੋਂ ਸਥਾਪਤ ਕਰਨ, ਘੱਟ ਗਿਣਤੀਆਂ ਦੀ ਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ।