ਮੋਦੀ ਨੇ ਦੇਸ਼ ਤੋਂ ਮੁਆਫ਼ੀ ਮੰਗਦਿਆਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ

ਮੋਦੀ ਨੇ ਦੇਸ਼ ਤੋਂ ਮੁਆਫ਼ੀ ਮੰਗਦਿਆਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਰਕਾਰ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਬਾਰੇ ਆਪਣੀ ਸਰਕਾਰ ਦੇ ਪੈਰ ਪਿੱਛੇ ਖਿੱਚ ਲਏ। ਉਨ੍ਹਾਂ ਦੇਸ਼ ਤੋਂ ‘ਮੁਆਫੀ’ ਮੰਗਦਿਆਂ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੌਮ ਦੇ ਨਾਂ ਸੰਦੇਸ਼ ਵਿੱਚ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਸੰਵਿਧਾਨਕ ਪ੍ਰਕਿਰਿਆ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਦੌਰਾਨ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ, '‘ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਮੈਂ ਸੱਚੇ ਮਨ ਕਹਿਣਾ ਚਾਹੁੰਦਾ ਹਾਂ ਕਿ ਸ਼ਾਇਦ ਸਾਡੀ ਤਪੱਸਿਆ 'ਚ ਕੋਈ ਕਮੀ ਰਹਿ ਗਈ ਹੋਵੇਗੀ, ਜਿਸ ਕਾਰਨ ਦੀਵੇ ਦੇ ਪ੍ਰਕਾਸ਼ ਵਰਗੇ ਸੱਚ ਨੂੰ ਅਸੀਂ ਕੁਝ ਕਿਸਾਨ ਭਰਾਵਾਂ ਨੂੰ ਸਮਝਾ ਨਹੀਂ ਸਕੇ। ਮੇਰੀ ਅਪੀਲ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਕਿਸਾਨ ਘਰਾਂ ਨੂੰ ਪਰਤ ਜਾਣ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ, ਖਾਸ ਤੌਰ 'ਤੇ ਛੋਟੇ ਕਿਸਾਨਾਂ, ਖੇਤੀਬਾੜੀ ਖੇਤਰ ਦੇ ਹਿੱਤ ਅਤੇ ਪਿੰਡ ਅਤੇ ਗਰੀਬਾਂ ਦੇ ਸੁਨਹਿਰੇ ਭਵਿੱਖ ਲਈ ਪੂਰੀ ਸਚਾਈ ਤੇ ਨੇਕ ਇਰਾਦੇ ਨਾਲ ਤਿੰਨੋਂ ਕਾਨੂੰਨ ਲਿਆਂਦੇ ਸਨ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਕਿਸਾਨਾਂ ਨੂੰ ਮਨਾ ਨਹੀਂ ਸਕਿਆ।
ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਅੱਜ ਮੈਂ ਤੁਹਾਨੂੰ ਪੂਰੇ ਦੇਸ਼ ਨੂੰ ਇਹ ਦੱਸਣ ਆਇਆ ਹਾਂ ਕਿ ਅਸੀਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਅਸੀਂ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ (ਰੱਦ ਕਰਨ) ਦੀ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਾਂਗੇ। ਪ੍ਰਕਾਸ਼ ਪੁਰਬ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ, ‘'ਹੁਣ ਤੁਸੀਂ ਆਪਣੇ ਘਰਾਂ ਨੂੰ ਪਰਤ ਜਾਓ। ਆਪਣੇ ਖੇਤਾਂ ਵਿੱਚ ਵਾਪਸ ਜਾਓ। ਆਪਣੇ ਪਰਿਵਾਰ ਕੋਲ ਵਾਪਸ ਜਾਓ। ਆਓ ਇੱਕ ਨਵੀਂ ਸ਼ੁਰੂਆਤ ਕਰੀਏ। ਆਓ ਨਵੇਂ ਸਿਰੇ ਤੋਂ ਅੱਗੇ ਵਧੀਏ।’

sant sagar