ਕੋਟਕਪੂਰਾ ਗੋਲੀ ਕਾਂਡ: ਸਿਟ ਵੱਲੋਂ ਸਾਬਕਾ ਮੁੱਖ ਮੰਤਰੀ ਬਾਦਲ ਤਲਬ

ਕੋਟਕਪੂਰਾ ਗੋਲੀ ਕਾਂਡ: ਸਿਟ ਵੱਲੋਂ ਸਾਬਕਾ ਮੁੱਖ ਮੰਤਰੀ ਬਾਦਲ ਤਲਬ

ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛ-ਗਿੱਛ ਲਈ ਤਲਬ ਕੀਤਾ ਹੈ। ਏਡੀਜੀਪੀ ਐੱਲ ਕੇ ਯਾਦਵ ਦੀ ਅਗਵਾਈ ਵਾਲੀ ਜਾਂਚ ਟੀਮ  16 ਜੂਨ ਨੂੰ ਸਾਬਕਾ ਮੁੱਖ ਮੰਤਰੀ ਤੋਂ ਮੁਹਾਲੀ ਦੇ ਫੇਜ਼-8 ਵਿੱਚ ਪੁੱਛ-ਗਿੱਛ ਕਰੇਗੀ। ਹਾਲਾਂਕਿ ਪ੍ਰਕਾਸ਼ ਸਿੰਘ ਬਾਦਲ ਜਾਂਚ ਟੀਮ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ, ਇਸ ਬਾਰੇ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ। ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਜਾਂਚ ਟੀਮ ਅੱਗੇ ਪੇਸ਼ ਨਹੀਂ ਹੋਣਗੇ ਕਿਉਂਕਿ ਕੋਈ ਵੀ ਜਾਂਚ ਏਜੰਸੀ 65 ਸਾਲ ਤੋਂ ਉਪਰ ਦੇ ਨਾਗਰਿਕ ਨੂੰ ਪੁੱਛ-ਪੜਤਾਲ ਲਈ ਸੱਦ ਨਹੀਂ ਸਕਦੀ ਹੈ ਸਗੋਂ ਜਾਂਚ ਟੀਮ ਨੂੰ ਉਸ ਵਿਅਕਤੀ ਕੋਲ ਜਾਣਾ ਪੈਂਦਾ ਹੈ। ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੇ ਸਬੰਧ ਵਿੱਚ ਕੁੰਵਰ ਵਿਜੈ ਪ੍ਰਤਾਪ ਦੀ ਅਗਵਾਈ ਹੇਠਲੀ ਟੀਮ ਅੱਗੇ ਪੁੱਛ-ਪੜਤਾਲ ਲਈ ਪੇਸ਼ ਹੋ ਚੁੱਕੇ ਹਨ। ਜਾਂਚ ਟੀਮ ਨੇ ਸਾਬਕਾ ਡੀਜੀਪੀ ਅਤੇ ਪੰਜ ਹੋਰ ਆਈਪੀਐੱਸ ਅਧਿਕਾਰੀਆਂ ਤੋਂ ਪੁੱਛ-ਪੜਤਾਲ ਮੁਕੰਮਲ ਕਰਕੇ ਹੁਣ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਚ ਲਈ ਸੱਦਿਆ ਹੈ। ਜਾਣਕਾਰੀ ਮੁਤਾਬਕ ਗੋਲੀ ਕਾਂਡ ਤੋਂ ਪਹਿਲਾਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਫ਼ਰੀਦਕੋਟ ਪ੍ਰਸ਼ਾਸਨ ਨਾਲ ਲੰਬੀ ਗੱਲਬਾਤ ਹੋਈ ਸੀ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਪ੍ਰਸ਼ਾਸਨ ਨੂੰ ਗੱਲਬਾਤ ਰਾਹੀਂ ਮਾਮਲਾ ਨਜਿੱਠਣ ਲਈ ਕਿਹਾ ਸੀ। ਗੱਲਬਾਤ ਹੋਣ ਦੇ ਕਰੀਬ ਇੱਕ ਘੰਟੇ ਬਾਅਦ ਹੀ ਕੋਟਕਪੂਰਾ ’ਚ ਗੋਲੀ ਚੱਲ ਗਈ ਸੀ। ਜਾਂਚ ਟੀਮ ਇਹ ਜਾਣਨਾ ਚਾਹੁੰਦੀ ਹੈ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਵਜੋਂ ਮਾਮਲਾ ਗੱਲਬਾਤ ਰਾਹੀਂ ਨਿਬੇੜਨ ਦੇ ਆਦੇਸ਼ ਦਿੱਤੇ ਸਨ ਤਾਂ ਫਿਰ ਗੋਲੀ ਕਿਸ ਦੇ ਹੁਕਮਾਂ ’ਤੇ ਚਲਾਈ ਗਈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਸਵੇਰੇ ਸਾਢੇ 10 ਵਜੇ ਮੁਹਾਲੀ ਦੇ ਫੇਜ਼-8 ਸਥਿਤ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਦੇ ਰੈਸਟ ਹਾਊਸ ’ਚ ਸਿਟ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਹੁਣ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀ ਕਾਂਡ ਦਾ ਮਾਮਲਾ ਹੋਰ ਜ਼ਿਆਦਾ ਭਖਣ ਦੀ ਸੰਭਾਵਨਾ ਹੈ। ਸਿੱਖਾਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਬੇਅਦਬੀ ਮਾਮਲੇ ਲਈ ਜ਼ਿੰਮੇਵਾਰ ਰਾਜਸੀ ਆਗੂਆਂ ਅਤੇ ਪੁਲੀਸ ਅਧਿਕਾਰੀਆਂ ਨੂੰ ਫੜ ਕੇ ਜੇਲ੍ਹ ਵਿੱਚ ਡੱਕਣ ਦੀ ਮੰਗ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਟ ਵੱਲੋਂ ਤਲਬ ਕੀਤੇ ਜਾਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਕਿਹਾ ਕਿ ਉਹ ਸਿਟ ਨਾਲ ਪੂਰਾ ਸਹਿਯੋਗ ਕਰਨਗੇ। ਜ਼ਿਕਰਯੋਗ ਹੈ ਕਿ ਸ੍ਰੀ ਬਾਦਲ ਨੇ ਆਖਿਆ ਸੀ ਕਿ ਸਿਟ ਦੀ ਜਾਂਚ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। -ਪੀਟੀਆਈ 
ਸਿਟ ਨੇ ਸਹੀ ਦਿਸ਼ਾ ’ਚ ਉਠਾਇਆ ਕਦਮ: ਬਾਜਵਾ
ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਿਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤੇ ਜਾਣ ਦੇ ਫ਼ੈਸਲੇ ਨੂੰ ਸਹੀ ਦਿਸ਼ਾ ’ਚ ਉਠਾਇਆ ਗਿਆ ਕਦਮ ਕਰਾਰ ਦਿੱਤਾ ਹੈ। ਸ੍ਰੀ ਬਾਜਵਾ ਨੇ ਬਿਆਨ ’ਚ ਕਿਹਾ,‘‘ਇਹ ਢੁੱਕਵੀਂ ਜਾਂਚ ਕਰਨ ਦਾ ਵੇਲਾ ਹੈ ਤਾਂ ਜੋ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਭੂਮਿਕਾ ਦਾ ਪਤਾ ਲਾਇਆ ਜਾ ਸਕੇ।’’ ਉਨ੍ਹਾਂ ਕਿਹਾ ਕਿ ਇਕ ਮਹੀਨੇ ਦੇ ਅੰਦਰ ਜਾਂਚ ਮੁਕੰਮਲ ਹੋਣ ’ਤੇ ਫਰੀਦਕੋਟ ਅਦਾਲਤ ’ਚ ਕੇਸ ਦੀ ਰੋਜ਼ਾਨਾ ਸੁਣਵਾਈ ਦੀ ਮੰਗ ਕਰਦਿਆਂ ਅਰਜ਼ੀ ਪਾਈ ਜਾ ਸਕਦੀ ਹੈ ਤਾਂ ਜੋ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾ ਸਕੇ। 

sant sagar